ਮੋਗਾ, 30 ਅਪ੍ਰੈਲ-
ਜ਼ਿਲ੍ਹਾ ਮੋਗਾ ਵਿੱਚ ਕਣਕ ਦੇ ਖ੍ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨਾਲ ਮੋਗਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ, ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀਮਤੀ ਗੀਤਾ ਬਿਸ਼ੰਭੂ ਤੋਂ ਇਲਾਵਾ ਵੱਖ ਵੱਖ ਏਜੰਸੀਆਂ ਦੇ ਨੁਮਾਇੰਦੇ ਅਤੇ ਹੋਰ ਵੀ ਅਧਿਕਾਰੀ ਹਾਜ਼ਰ ਸਨ। ਇਸ ਤੋਂ ਪਹਿਲਾਂ ਉਨ੍ਹਾਂ ਸਬੰਧਤ ਵਿਭਾਗਾਂ ਦੀ ਇੱਕ ਮੀਟਿੰਗ ਬੁਲਾ ਕੇ ਵੀ ਪ੍ਰਬੰਧਾਂ ਦਾ ਰੀਵਿਊ ਕੀਤਾ।
ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਵੱਲੋਂ ਮੋਗਾ ਮੰਡੀ ਵਿੱਚ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਖ੍ਰੀਦ ਪ੍ਰਬੰਧਾਂ ਉੱਪਰ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਿਸਾਨਾਂ ਦੀ ਫ਼ਸਲ ਦੀ ਖ੍ਰੀਦ ਅਤੇ ਇਸਦੀ ਢੋਆ ਢੋਆਈ ਲਈ ਯੋਗ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਵੀ 48 ਘੰਟਿਆਂ ਤੋਂ ਪਹਿਲਾਂ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਖਰੀਦ ਪ੍ਰਕਿਰਿਆ ਸੁਚਾਰੂ ਤਰੀਕੇ ਨਾਲ ਜਾਰੀ ਰਹੇ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਮੰਡੀਆਂ ਵਿੱਚ ਪ੍ਰੇਸ਼ਾਨ ਨਾ ਹੋਣਾ ਪਵੇ। ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ ਇਸ ਵੇਲੇ ਜਿੱਥੇ ਕਣਕ ਦੀ ਆਮਦ ਵਿੱਚ ਤੇਜ਼ੀ ਆਈ ਹੈ ਉਥੇ ਹੀ ਖਰੀਦ, ਅਦਾਇਗੀ ਅਤੇ ਲਿਫਟਿੰਗ ਵਿੱਚ ਵੀ ਬਹੁਤ ਤੇਜ਼ੀ ਆ ਗਈ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚੋਂ ਨਾਲ ਦੀ ਨਾਲ ਹੀ ਵਿਹਲਾ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 531376 ਮੀਟ੍ਰਿਕ ਟਨ ਕਣਕ ਦੀ ਆਮਦ ਦਰਜ ਕੀਤੀ ਜਾ ਚੁੱਕੀ ਹੈ। ਜਿਸ ਵਿਚੋਂ 473766 ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ ਅਤੇ 263253 ਮੀਟ੍ਰਿਕ ਟਨ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਜ਼ਿਲ੍ਹਾ ਮੋਗਾ ਵਿੱਚ 813.54 ਕਰੋੜ ਦੇ ਮੁਕਾਬਲੇ ਹੁਣ ਤੱਕ 959.47 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਜੋ ਕਿ ਕੁੱਲ ਅਦਾਇਗੀ ਦਾ 117.94 ਫ਼ੀਸਦੀ ਬਣਦੀ ਹੈ।
ਲਿਫਟਿੰਗ ਬਾਰੇ ਸਥਿਤੀ ਸਾਫ ਕਰਦਿਆਂ ਉਹਨਾਂ ਕਿਹਾ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਸੀਜਨ ਵਿੱਚ ਇਕੋ ਸਮੇਂ ਤੇਜ਼ੀ ਆਉਣ ਕਾਰਨ ਮੰਡੀਆਂ ਵਿਚ ਲਿਫਟਿੰਗ ਦੀ ਸਥਿਤੀ ਪੈਦਾ ਹੋ ਗਈ ਸੀ ਪਰ ਹੁਣ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਹੁਣ ਰੋਜ਼ਾਨਾ 30 ਹਜ਼ਾਰ ਮੀਟ੍ਰਿਕ ਟਨ ਤੋਂ ਵਧੇਰੇ ਦੀ ਲਿਫਟਿੰਗ ਕੀਤੀ ਜਾ ਰਹੀ ਹੈ, ਜੋ ਕਿ ਪਿਛਲੇ ਸਾਲਾਂ ਦੇ ਰਿਕਾਰਡ 27287 ਮੀਟ੍ਰਿਕ ਟਨ ਤੋਂ ਕਿਤੇ ਜਿਆਦਾ ਹੈ।
ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਉੱਤੇ ਭਰੋਸਾ ਰੱਖਣ। ਉਹਨਾਂ ਨੂੰ ਕਿਸੇ ਵੀ ਹਾਲ ਵਿੱਚ ਮੰਡੀਆਂ ਵਿਚ ਰੁਲਣ ਨਹੀਂ ਦਿੱਤਾ ਜਾਵੇਗਾ। ਜ਼ਿਲ੍ਹਾ ਮੋਗਾ ਵਿੱਚ ਅਗਲੇ ਇਕ ਦੋ ਦਿਨ ਵਿੱਚ ਲਿਫਟਿੰਗ ਹੋਰ ਵੀ ਤੇਜ਼ ਹੋ ਜਾਵੇਗੀ। ਇਸ ਮੌਕੇ ਉਹਨਾਂ ਕਿਸਾਨਾਂ, ਆੜਤੀਆਂ ਅਤੇ ਮਜਦੂਰਾਂ ਨਾਲ ਵੀ ਗੱਲਬਾਤ ਕੀਤੀ।

Leave a Reply

Your email address will not be published. Required fields are marked *