ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 17 ਸਤੰਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਝੋਨੇ ਦੀ ਖਰੀਦ ਸਬੰਧੀ ਕੀਤੇ ਪ੍ਰਬੰਧਾਂ ਬਾਰੇ ਦੱਸਿਆ ਕਿ ਕਿਸਾਨਾਂ, ਆੜ੍ਹਤੀਆਂ ਅਤੇ ਕਾਮਿਆਂ ਦੀ ਸਹੂਲਤ ਲਈ ਜ਼ਿਲ੍ਹੇ ਦੀਆਂ 65 ਰੈਗੂਲਰ ਮੰਡੀਆਂ ਵਿਚ ਲੋੜੀਂਦੇ ਇੰਤਜ਼ਾਮ ਅਮਲ ਵਿਚ ਲਿਆਂਦੇ ਗਏ ਹਨ।

          ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਨਿਰਧਾਰਤ ਨਮੀ ਵਾਲੀ ਫ਼ਸਲ ਲਿਆਉਣ ਨਾਲ ਉਨ੍ਹਾਂ ਦੇ ਝੋਨੇ ਦੀ ਨਾਲੋ-ਨਾਲ ਖਰੀਦ ਯਕੀਨੀ ਬਣਾਈ ਜਾਵੇਗੀ ਅਤੇ ਉਹ ਬਿਨ੍ਹਾਂ ਕਿਸੇ ਦੇਰੀ ਜਾਂ ਰੁਕਾਵਟ ਦੇ ਆਪਣੀ ਫ਼ਸਲ ਵੇਚ ਸਕਣਗੇ। ਉਨ੍ਹਾਂ ਕਿਹਾ ਕਿ ਇਸ ਸੀਜਨ ਦੌਰਾਨ 17 ਫੀਸਦੀ ਨਮੀ ਨਿਰਧਾਰਤ ਕੀਤੀ ਗਈ ਜਿਸ ਨੂੰ ਕਿਸਾਨਾਂ ਵਲੋਂ ਪੂਰੀ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਮੁੱਢਲੀਆਂ ਸਹੂਲਤਾਂ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

          ਜ਼ਿਲ੍ਹੇ ਵਿਚ ਇਸ ਵਾਰ ਝੋਨੇ ਦੀ ਅੰਦਾਜਨ ਆਮਦ ਬਾਰੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਲਗਭਗ 4.15 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ ਜਿਸ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਵਲੋਂ ਮੰਡੀਆਂ ਵਿਚ ਪ੍ਰਬੰਧਾਂ ਦੀ ਰੈਗੂਲਰ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਕਾਮਿਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਵਿਚ ਮਾਰਕਫੈਡ, ਪਨਗ੍ਰੇਨ, ਪਨਸਪ, ਪੰਜਾਬ ਵੇਅਰਹਾਊਸ ਅਤੇ ਐਫ.ਸੀ.ਆਈ. ਸ਼ਾਮਲ ਹਨ ਜੋ ਕਿਸਾਨਾਂ ਦੀ ਫ਼ਸਲ ਨੂੰ ਖਰੀਦਣਗੀਆਂ । ਜ਼ਿਕਰਯੋਗ ਹੈ ਕਿ ਇਸ ਸੀਜਨ ਦੌਰਾਨ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2,461 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਫ਼ਸਲ ਖਰੀਦ ਹੋਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਬਣਦੀ ਅਦਾਇਗੀ ਕਰਨ ਦੇ ਨਾਲ-ਨਾਲ ਫੌਰੀ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇਗਾ।

          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨ ਨਾਲ ਝੋਨੇ ਦੀ ਕਟਾਈ ‘ਤੇ ਪਾਬੰਦੀ ਲਗਾਈ ਗਈ ਹੈ ਜਿਸ ਨੂੰ ਹਰ ਹਾਲ ਬਰਕਰਾਰ ਰੱਖਿਆ ਜਾਵੇ।


Posted

in

,

by

Comments

Leave a Reply

Your email address will not be published. Required fields are marked *