ਲਗਾਤਾਰ ਖੰਘ, ਬੁਖ਼ਾਰ, ਜ਼ੁਕਾਮ ਹੋਣ ’ਤੇ ਕੋਵਿਡ ਟੈਸਟ ਜ਼ਰੂਰ ਕਰਵਾਉ : ਸਿਵਲ ਸਰਜਨ

ਐਸ.ਏ.ਐਸ ਨਗਰ 26 ਦਸੰਬਰ

ਦੇਸ਼ ਦੇ ਕੁੱਝ ਹਿੱਸਿਆਂ ’ਚ ਕੋਵਿਡ-19 ਦੇ ਨਵੇਂ ਸਰੂਪ ਜੇਐਨ.1 ਦੇ ਕੇਸਾਂ ਵਿਚ ਹੋ ਰਹੇ ਵਾਧੇ ਦੇ ਸਨਮੁਖ ਜ਼ਿਲ੍ਹਾ ਸਿਹਤ ਵਿਭਾਗ ਨੇ ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ ਦਿਤੀ ਹੈ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਕੋਵਿਡ ਨੋਡਲ ਅਫ਼ਸਰ ਡਾ. ਸੁਭਾਸ਼ ਕੁਮਾਰ ਨੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਜਾਣ ਸਮੇਂ ਮਾਸਕ ਪਾਉਣ ਅਤੇ ਵਾਰ-ਵਾਰ ਹੱਥ ਧੋਣ ਜਿਹੇ ਬੁਨਿਆਦੀ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਲਗਾਤਾਰ ਖੰਘ, ਜ਼ੁਕਾਮ, ਬੁਖ਼ਾਰ ਆਦਿ ਜਿਹੀ ਤਕਲੀਫ਼ ਹੋਵੇ ਤਾਂ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਡਾਕਟਰ ਦੀ ਸਲਾਹ ਲਈ ਜਾਵੇ ਅਤੇ ਕੋਵਿਡ ਟੈਸਟ ਕਰਵਾਇਆ ਜਾਵੇ।
      ਸਿਹਤ ਅਧਿਕਾਰੀਆਂ ਨੇ ਆਖਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਵੱਡੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਿਥੇ ਕੋਵਿਡ ਮਰੀਜ਼ਾਂ ਲਈ ਵਿਸ਼ੇਸ਼ ਵਾਰਡ ਤਿਆਰ ਕੀਤੇ ਗਏ ਹਨ, ਉਥੇ ਕੋਵਿਡ ਟੈਸਟਿੰਗ ਵੀ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਹਸਪਤਾਲ ਵਿਚ ਜਾ ਕੇ ਮੁਫ਼ਤ ’ਚ ਕੋਵਿਡ ਟੈਸਟ ਕਰਵਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਨਵੇਂ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਸਰਕਾਰੀ ਸੰਸਥਾਵਾਂ ਵਿਚ ਲੋੜੀਂਦੇ ਸਟਾਫ਼, ਪੀਪੀਈ ਕਿੱਟਾਂ, ਮਾਸਕ ਅਤੇ ਟੈਸਟਿੰਗ ਕਿੱਟਾਂ ਦਾ ਪੂਰਾ ਪ੍ਰਬੰਧ ਪਹਿਲਾਂ ਹੀ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਨੂੰ ਮਾੜੀ-ਮੋਟੀ ਤਕਲੀਫ਼ ਹੈ ਤਾਂ ਹਸਪਤਾਲ ਜਾਣ ਦੀ ਬਜਾਏ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਫ਼ੋਨ ਕਰਕੇ ਵੀ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ।
ਸਿਹਤ ਅਧਿਕਾਰੀਆਂ ਨੇ ਆਖਿਆ ਕਿ ਲੋਕਾਂ ਦੇ ਸਹਿਯੋਗ ਨਾਲ ਕੋਵਿਡ ਜਿਹੀ ਮਹਾਂਮਾਰੀ ’ਤੇ ਪਹਿਲਾਂ ਹੀ ਕਾਬੂ ਪਾਇਆ ਜਾ ਚੁੱਕਾ ਹੈ। ਇਸ ਲਈ ਹੁਣ ਵੀ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਲੋਕਾਂ ਨੂੰ ਖ਼ੁਦ ਹੀ ਜ਼ਰੂਰੀ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਬਿਨਾਂ ਲੋੜ ਤੋਂ ਬਾਜ਼ਾਰਾਂ ਜਾਂ ਭੀੜ ਵਾਲੀਆਂ ਹੋਰ ਥਾਵਾਂ ’ਤੇ ਨਹੀਂ ਜਾਣਾ ਚਾਹੀਦਾ। ਗ਼ੈਰ-ਜ਼ਰੂਰੀ ਸਫ਼ਰ ਤੋਂ ਵੀ ਬਚਣਾ ਚਾਹੀਦਾ ਹੈ। ਜੇ ਭੀੜ ਵਾਲੀ ਜਗ੍ਹਾ ’ਤੇ ਜਾਣਾ ਬਹੁਤ ਜ਼ਰੂਰੀ ਹੈ ਤਾਂ ਮਾਸਕ ਜ਼ਰੂਰ ਪਾਉਣਾ ਚਾਹੀਦਾ ਹੈ ਕਿਉਂਕਿ ਮਾਸਕ ਪਾਉਣ ਨਾਲ ਇਸ ਵਾਇਰਸ ਦੀ ਲਪੇਟ ਵਿਚ ਆਉਣ ਤੋਂ ਕਾਫ਼ੀ ਹੱਦ ਤਕ  ਬਚਾਅ ਹੋ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਕੋਵਿਡ ਸਬੰਧੀ ਕਿਸੇ ਤਰ੍ਹਾਂ ਦੀ ਅਫ਼ਵਾਹ ਜਾਂ ਅਪੁਸ਼ਟ ਜਾਣਕਾਰੀ ’ਤੇ ਵਿਸ਼ਵਾਸ ਨਾ ਕੀਤਾ ਜਾਵੇ। ਕਿਸੇ ਵੀ ਜਾਣਕਾਰੀ ਦੀ ਤਸਦੀਕ ਲਈ ਸਿਹਤ ਵਿਭਾਗ ਦੀ ਹੈਲਪਲਾਈਨ ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *