ਮਾਨਸਾ, 02 ਜਨਵਰੀ:
ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਦੀਆਂ ਬਰੂਹਾਂ ਤੱਕ ਪਹੁੰਚਾਉਣ ਲਈ ‘ਜਨ ਸੁਣਵਾਈ ਕੈਂਪਾਂ’ ਦਾ ਆਯੋਜਨ ਕੀਤਾ ਜਾਵੇਗਾ ਜਿਸ ਦੇ ਲਈ ਰੂਪ ਰੇਖਾ ਉਲੀਕੀ ਜਾ ਰਹੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਲੋਕ ਭਲਾਈ ਸਕੀਮਾਂ ਨੂੰ ਲੈ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰਨ ਮੌਕੇ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲ ਹੈ ਕਿ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਅਤੇ ਸ਼ਿਕਾਇਤਾਂ ਦਾ ਨਿਪਟਾਰਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾਂ ਸਾਂਝੀਆਂ ਥਾਵਾਂ ’ਤੇ ਜਾ ਕੇ ਵਿਸ਼ੇਸ਼ ‘ਜਨ ਸੁਣਵਾਈ ਕੈਂਪ’ ਲਗਾ ਕੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਜਨ ਸੁਣਵਾਈ ਕੈਂਪ ਪਹਿਲਾਂ ਵੀ ਪਿੰਡ ਪੱਧਰ ’ਤੇ ਲਗਾਏ ਜਾ ਚੁੱਕੇ ਹਨ ਜਿੰਨ੍ਹਾਂ ਦਾ ਲੋਕਾਂ ਵੱਲੋਂ ਭਰਪੂਰ ਲਾਹਾ ਲਿਆ ਗਿਆ ਹੈ। ਇਸੇ ਲਗਾਤਾਰਤਾ ਦੇ ਵਿਚ ਹੁਣ ਫਿਰ ਤੋਂ ਲੋਕਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਉਨ੍ਹਾਂ ਦੀਆਂ ਸਰਕਾਰੀ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਨੂੰ ਸੁਣਿਆ ਜਾਵੇਗਾ ਅਤੇ ਯੋਗ ਦਰਖ਼ਾਸਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ।
ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਵਿਭਾਗ ਨਾਲ ਸਬੰਧਤ ਲੋਕ ਭਲਾਈ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਆਮ ਲੋਕਾਂ ਨੂੰ ਜਾਗਰੂਕ ਕਰਨ ਤਾਂ ਜੋ ਹਰ ਇਕ ਲੋੜਵੰਦ ਨਾਗਰਿਕ ਤੱਕ ਸਰਕਾਰ ਦੀਆਂ ਸਕੀਮਾਂ ਦਾ ਲਾਭ ਪਹੁੰਚ ਸਕੇ।
ਡਿਪਟੀ ਕਮਿਸ਼ਨਰ ਨੇ ਪੈਨਸ਼ਨ ਯੋਜਨਾ, ਊਜਵਲ ਯੋਜਨਾ, ਆਯੂਸ਼ਮਾਨ ਯੋਜਨਾ, ਵਾਟਰ ਸਪਲਾਈ ਵਿਭਾਗ ਦੀਆਂ ਸਕੀਮਾਂ, ਉਸਾਰੀ ਵਰਕਰਾਂ ਸਬੰਧੀ ਕਿਰਤ ਵਿਭਾਗ ਦੀਆਂ ਯੋਜਨਾਵਾਂ, ਸਿਹਤ ਵਿਭਾਗ ਦੀਆਂ ਸਕੀਮਾਂ, ਉਦਯੋਗਿਕ ਵਿਭਾਗ, ਡੇਅਰੀ ਵਿਭਾਗ, ਬਾਗਬਾਨੀ ਵਿਭਾਗ, ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਤੋਂ ਇਲਾਵਾ ਵੇਅਫੇਅਰ ਵਿਭਾਗ ਦੀ ਸ਼ਗਨ ਸਕੀਮ ਅਤੇ ਹੋਰ ਵਿਭਾਗਾਂ ਪਾਸੋਂ ਲੋਕਾਂ ਨੂੰ ਮਿਲਣ ਵਾਲੀਆਂ ਭਲਾਈ ਸਕੀਮਾਂ ਬਾਰੇ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਕਿ ਕੋਈ ਵੀ ਨਾਗਰਿਕ ਇੰਨ੍ਹਾਂ ਲੋਕ ਭਲਾਈ ਸਕੀਮਾਂ ਤੋਂ ਵਾਂਝਾ ਨਾ ਰਹੇ ਅਤੇ ਹਰ ਇਕ ਤੱਕ ਇੰਨ੍ਹਾਂ ਸਕੀਮਾਂ ਦੀ ਜਾਣਕਾਰੀ ਪਹੁੰਚਾਉਣੀ ਯਕੀਨੀ ਬਣਾਈ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *