oplus_0

ਫਰੀਦਕੋਟ, 30 ਅਪ੍ਰੈਲ,2024 (     ) ਆਗਾਮੀ ਦਿਨਾਂ ਵਿੱਚ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਫਰੀਦਕੋਟ ਨੇ ਅੱਜ ਲੋਕਾਂ ਨੂੰ ਗਰਮੀ ਦੀਆਂ ਲਹਿਰਾਂ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਹ ਐਡਵਾਈਜ਼ਰੀ ਸਿਵਲ ਸਰਜਨ ਡਾ. ਮਨਿੰਦਰ ਪਾਲ ਸਿੰਘ ਵੱਲੋਂ ਜਾਰੀ ਕੀਤੀ ਗਈ ਹੈ ਤਾਂ ਜੋ ਲੋਕ ਗਰਮੀ ਦੇ ਮੌਸਮ ਦੌਰਾਨ ਵਧੇਰੇ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾ ਸਕਣ। ਜ਼ਿਕਰਯੋਗ ਹੈ ਕਿ ਜੇਕਰ ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ ਹੈ, ਤਾਂ ਇਸ ਸਥਿਤੀ ਨੂੰ ਗਰਮੀ ਦੀ ਲਹਿਰ ਕਿਹਾ ਜਾਂਦਾ ਹੈ। ਇਹ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤ੍ਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ।

 ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਡਾ. ਮਨਿੰਦਰ ਪਾਲ ਸਿੰਘ ਨੇ ਕਿਹਾ ਕਿ ਮਈ ਅਤੇ ਜੂਨ ਦੇ ਮਹੀਨਿਆਂ ਦੌਰਾਨ ਗਰਮੀ ਦੀਆਂ ਲਹਿਰਾਂ ਚੱਲਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ ਅਤੇ ਇਸ ਸਮੇਂ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰਕੇ ਉਹਨਾਂ ਲੋਕਾਂ, ਜਿਹੜੇ ਜੋਖਮ ਸ਼੍ਰੇਣੀ ਵਿੱਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਟੀ.ਵੀ., ਰੇਡੀਓ, ਅਖਬਾਰਾਂ ਆਦਿ ਰਾਹੀਂ ਸਥਾਨਕ ਮੌਸਮ ਦੀਆਂ ਖਬਰਾਂ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਦੀ ਵੈੱਬਸਾਈਟ  http://mausam.imd.gov.in/ ਤੋਂ ਮੌਸਮ ਦੀ ਤਾਜ਼ਾ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਲੋਕ ਪੂਰਵ ਅਨੁਮਾਨ ਦੇ ਅਨੁਸਾਰ ਆਪਣੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਦੀ ਯੋਜਨਾ ਬਣਾਉਣ।

ਇਸ ਮੌਕੇ ਜਿਲ੍ਹਾ ਐਪੀਡੀਮਾਲੋਜਿਸਟ ਡਾ. ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਹੀਟ ਸਟ੍ਰੋਕ ਲਈ ਨਵਜੰਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਵੱਧ ਉਮਰ ਦੇ ਬਜੁਰਗ, ਮਜ਼ਦੂਰ, ਮੋਟਾਪੇ ਤੋਂ ਪੀੜਤ ਵਿਅਕਤੀ ਵਧੇਰੇ ਜ਼ੋਖਮ ਤੇ ਹੁੰਦੇ ਹਨ। ਉਹਨਾਂ ਦੱਸਿਆ ਕਿ ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਡੇ ਸਮੇਂ ਜਿਵੇਂ ਕਿ ਸਵੇਰ ਅਤੇ ਸ਼ਾਮ ਵਿੱਚ ਕੀਤੇ ਜਾਣੇ ਚਾਹੀਦੇ ਹਨ। ਪਿਆਸ ਨਾ ਲੱਗਣ ‘ਤੇ ਵੀ ਹਰ ਅੱਧੇ ਘੰਟੇ ਬਾਅਦ ਪਾਣੀ ਪੀਓ। ਮਿਰਗੀ ਜਾਂ ਦਿਲ ਦੀ ਬਿਮਾਰੀ, ਗੁਰਦੇ ਜਾਂ ਜਿਗਰ ਦੀ ਬਿਮਾਰੀ ਵਾਲੇ ਲੋਕ ਜੋ ਤਰਲ-ਪ੍ਰਤੀਬੰਧਿਤ ਖੁਰਾਕ ‘ਤੇ ਹਨ, ਉਨ੍ਹਾਂ ਨੂੰ ਪਾਣੀ ਦੀ ਮਾਤਰਾ ਵਧਾਉਣ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰਨੀ ਚਾਹੀਦੀ ਹੈ। ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਪੂਰੀ ਬਾਹਾਂ ਵਾਲੇ ਕੱਪੜੇ ਪਾਓ। ਕੋਸ਼ਿਸ਼ ਕਰੋ ਕਿ ਗਰਮੀਆਂ ਵਿੱਚ ਸਿਰਫ਼ ਸੂਤੀ ਕੱਪੜੇ ਹੀ ਪਹਿਨੇ ਜਾਣ। ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਦੁਪੱਟੇ ਦੀ ਵਰਤੋਂ ਕਰੋ। ਨੰਗੇ ਪੈਰੀਂ ਬਾਹਰ ਨਾ ਨਿਕਲੋ, ਧੁੱਪ ਵਿਚ ਬਾਹਰ ਜਾਣ ਵੇਲੇ ਹਮੇਸ਼ਾ ਜੁੱਤੀ ਜਾਂ ਚੱਪਲਾਂ ਪਾਓ। ਧੁੱਪ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਸਹੀ ਬਰਕਰਾਰ ਰੱਖਣ ਲਈ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ ‘ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ। ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਨਾਲ ਰੱਖੋ। ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਸੰਤਰਾ, ਅੰਗੂਰ, ਖੀਰੇ ਅਤੇ ਟਮਾਟਰ ਖਾਓ ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਵੀ ਸਕੂਲੀ ਵਿਦਿਆਰਥੀਆਂ ਅਤੇ ਆਮ ਜਨਤਾ ਨੂੰ ਹੀਟ ਸਟ੍ਰੋਕ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾਵੇਗਾ।

Leave a Reply

Your email address will not be published. Required fields are marked *