ਚੰਡੀਗੜ੍ਹ, 17 ਮਈ:ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 117ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 573 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ 117ਵੇਂ ਦਿਨ, ਪੁਲਿਸ ਟੀਮਾਂ ਨੇ 279 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 29,979 ਹੋ ਗਈ ਹੈ।
ਇਸ ਤੋਂ ਇਲਾਵਾ 143 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 13 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਅੱਠ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।
