ਦਸੂਹਾ/ਹੁਸ਼ਿਆਪਰੁਰ, 7 ਜੁਲਾਈ : ਦਸੂਹਾ-ਹਾਜੀਪੁਰ ਰੋਡ ‘ਤੇ ਸੋਮਵਾਰ ਸਵੇਰੇ ਪਿੰਡ ਸਗਰਾਂ ਨੇੜੇ ਇਕ ਨਿੱਜੀ ਕੰਪਨੀ ਦੀ ਬੱਸ ਅਤੇ ਇਕ ਕਾਰ ਵਿਚਾਲੇ ਹੋਏ ਦਰਦਨਾਕ ਸੜਕ ਹਾਦਸੇ ਵਿਚ ਇਕ ਬੱਚੀ ਸਮੇਤ 9 ਲੋਕਾਂ ਦੀ ਮੌਤ ਹੋ ਗਈ ਅਤੇ 33 ਹੋਰ ਜ਼ਖਮੀ ਹੋ ਗਏ। ਹਾਦਸੇ ਦੌਰਾਨ ਸੱਤ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਜ਼ਖਮੀਆਂ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ। ਜ਼ਖਮੀਆਂ ਦਾ ਇਲਾਜ ਸਿਵਲ ਹਸਪਤਾਲ ਦਸੂਹਾ ਵਿਚ ਚੱਲ ਰਿਹਾ ਹੈ ਅਤੇ ਗੰਭੀਰ ਜ਼ਖਮੀਆਂ ਨੂੰ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਰੈਫਰ ਕੀਤਾ ਗਿਆ ਹੈ।

                      ਹਾਦਸੇ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਸੜਕ ਸੁਰੱਖਿਆ ਫੋਰਸ, ਸਿਹਤ ਵਿਭਾਗ ਅਤੇ ਪੁਲਿਸ ਟੀਮ ਹਰਕਤ ਵਿਚ ਆ ਗਈ। ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ, ਜੋ ਕਿ ਜ਼ਖਮੀਆਂ ਦਾ ਹਾਲ ਜਾਣਨ ਲਈ ਸਿਵਲ ਹਸਪਤਾਲ ਦਸੂਹਾ ਪਹੁੰਚੇ, ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਨੇ ਇਸ ਦੁੱਖਦਾਈ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਅਤੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਇਲਾਜ ਵਿਚ ਕੋਈ ਕਸਰ ਨਾ ਛੱਡੀ ਜਾਵੇ।

                ਵਿਧਾਇਕ ਕਮਰਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਰਾਹਤ ਫੰਡ ਵਿਚੋਂ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ। ਜ਼ਖਮੀਆਂ ਨੂੰ ਨਿਯਮਾਂ ਅਨੁਸਾਰ ਮੁਆਵਜ਼ਾ ਵੀ ਦਿੱਤਾ ਜਾਵੇਗਾ ਅਤੇ ਉਨ੍ਹਾਂ ਦਾ ਇਲਾਜ ਪੂਰੀ ਤਰ੍ਹਾਂ ਮੁਫਤ ਕੀਤਾ ਜਾ ਰਿਹਾ ਹੈ। ਵਿਧਾਇਕ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।

                     ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ, ਪੁਲਿਸ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਓਵਰਸਪੀਡ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੀ ਜਾਂਚ ਲਈ ਚੈਕਿੰਗ ਹੋਰ ਤੇਜ਼ ਕੀਤੀ ਜਾਵੇਗੀ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

                     ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਫਰਿਸ਼ਤੇ’ ਸਕੀਮ ਤਹਿਤ ਜ਼ਖਮੀਆਂ ਦਾ ਨਿੱਜੀ ਹਸਪਤਾਲਾਂ ਵਿਚ ਵੀ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਡਾ. ਪਵਨ ਕੁਮਾਰ ਅਤੇ ਐਸ.ਐਮ.ਓ ਦਸੂਹਾ ਡਾ. ਮਨਮੋਹਨ ਸਿੰਘ ਦੀ ਅਗਵਾਈ ਹੇਠ ਸਾਰੇ ਜ਼ਖਮੀਆਂ ਦਾ ਬਿਹਤਰ ਇਲਾਜ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਰੈੱਡ ਕ੍ਰਾਸ ਸੋਸਾਇਟੀ ਰਾਹੀਂ ਵੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੋਰ ਜਾਣਕਾਰੀ ਲਈ ਲੋਕ ਹੈਲਪਲਾਈਨ ਨੰਬਰ 01883-506268, 89687-81022 ‘ਤੇ ਵੀ ਸੰਪਰਕ ਕਰ ਸਕਦੇ ਹਨ।

 ਇਸ ਦੌਰਾਨ ਸਿਵਲ ਸਰਜਨ ਡਾ. ਪਵਨ ਕੁਮਾਰ, ਐਸ.ਐਮ.ਓ ਦਸੂਹਾ ਡਾ. ਮਨਮੋਹਨ ਸਿੰਘ, ਸਕੱਤਰ ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਮੰਗੇਸ਼ ਸੂਦ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *