ਬਠਿੰਡਾ, 29 ਅਪ੍ਰੈਲ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ਼ ਅਹਿਮਦ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਰਡ) ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲਗਾਤਾਰ ਹਰ ਸੰਭਵ ਯਤਨ ਤੇ ਯੋਗ ਉਪਰਾਲੇ ਕੀਤੇ ਜਾਣ।

ਬੈਠਕ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਵਲੋਂ ਨਸ਼ਿਆਂ ਦੀ ਰੋਕਥਾਮ ਤੇ ਇਸ ਦੇ ਮਾੜੇ ਦੁਰਪ੍ਰਭਾਵਾਂ ਬਾਰੇ ਜਿੱਥੇ ਅਧਿਕਾਰੀਆਂ ਕੋਲੋਂ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ, ਉੱਥੇ ਹੀ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਕੋਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਕੂਲਾਂ ਵਿੱਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਜਾਣੂ ਕਰਵਾਉਣਾ ਯਕੀਨੀ ਬਣਾਇਆ ਜਾਵੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਡਰੱਗ ਇੰਸਪੈਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੈਮਿਸਟਾਂ ਦੀਆਂ ਦੁਕਾਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ।

ਇਸ ਦੌਰਾਨ ਪੁਲਿਸ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵਲੋਂ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਰੋਕਥਾਮ ਦੇ ਮੱਦੇਨਜ਼ਰ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਪੁਲਿਸ ਦੇ ਟੋਲ ਫ਼ਰੀ ਜਾਂ ਵਟਸਐਪ ਨੰਬਰ 91155-02252 ਤੇ ਸੂਚਨਾ ਦੇ ਸਕਦੇ ਹਨ ਜਾਂ ਸਿੱਧਾ ਦਫ਼ਤਰ ਆ ਕੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਰਾਮਪੁਰਾ ਸ਼੍ਰੀ ਕੰਵਰਜੀਤ ਸਿੰਘ, ਐਸਡੀਐਮ ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ, ਐਸਡੀਐਮ ਮੌੜ ਸ਼੍ਰੀ ਨਰਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਪੁਲਿਸ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।  

Leave a Reply

Your email address will not be published. Required fields are marked *