ਫਾਜ਼ਿਲਕਾ, 30  ਅਪ੍ਰੈਲ:
ਲੋਕ ਸਭਾ ਚੋਣਾਂ 2024 ਦੌਰਾਨ ਜ਼ਿਲ੍ਹੇ ਵਿੱਚ ਚੋਣ ਮਰਿਆਦਾ ਨੂੰ ਕਾਇਮ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਨਫੋਰਸਮੈਂਟ ਏਜੰਸੀਆਂ ਨੇ ਵਿਆਪਕ ਕਾਰਵਾਈ ਕਰਦਿਆਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 41.86 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ ਅਤੇ ਹੋਰ ਸਮਾਨ ਜ਼ਬਤ ਕੀਤਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਨੇ ਚੋਣ ਤਿਆਰੀਆਂ ਸਬੰਧੀ ਇਕ ਬੈਠਕ ਦੀ ਪ੍ਰਧਾਨਗੀ ਕਰਦਿਆਂ ਇਹ ਜਾਣਕਾਰੀ ਦਿੱਤੀ।  ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ 17359.320 ਲੀਟਰ ਸ਼ਰਾਬ ਠੇਕਾ, 1056.525 ਲੀਟਰ ਨਜਾਇਜ਼ ਸ਼ਰਾਬ, 3830 ਲੀਟਰ ਲਾਹਨ, 1452.88 ਲੀਟਰ ਬੀਅਰ, ਦੋ ਚਾਲੂ ਭੱਠੀਆਂ, 53.50 ਕਿਲੋ ਪੋਸਤ, 13.650 ਕਿਲੋ ਪੋਸਤ ਦੇ ਪੌਦੇ, 4.300 ਕਿਲੋ ਅਫੀਮ, 13.513 ਕਿਲੋ ਹੈਰੋਇਨ, 1690 ਨਸ਼ੀਲੀਆਂ ਗੋਲੀਆਂ ਅਤੇ 1258000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਮੁੱਚੇ ਸਟਾਫ਼ ਦੀ ਵਚਨਬੱਧਤਾ ਨੂੰ ਦੁਹਰਾਇਆ ਹੈ। ਡਾ: ਸੇਨੂ ਦੁੱਗਲ ਨੇ ਚੋਣ ਪ੍ਰਕਿਰਿਆ ਵਿੱਚ ਇਮਾਨਦਾਰੀ ਅਤੇ ਪਾਰਦਰਸ਼ਤਾ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਲੋਕਤੰਤਰੀ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਸਮੁੱਚੇ ਚੋਣ ਅਮਲੇ ਵੱਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਨੂੰ ਇਸੇ ਤਰ੍ਹਾਂ ਬਣਾਈ ਰੱਖਣ ਦੀ ਦ੍ਰਿੜਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਸਿਧਾਤਾਂ ਦੀ ਰਾਖੀ ਅਤੇ ਵੋਟਰਾਂ ਦੇ ਭਰੋਸੇ ਨੂੰ ਕਾਇਮ ਰੱਖਣ ਲਈ ਸਮੁੱਚਾ ਚੋਣ ਅਮਲਾ ਪੂਰੀ  ਵਚਬੱਧਤਾ ਨਾਲ ਕੰਮ ਕਰ ਰਿਹਾ ਹੈ।
ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਜਿੱਥੇ 12 ਉਡਣ ਦਸਤੇ ਕੰਮ ਕਰ ਰਹੇ ਹਨ ਉਥੇ ਹੀ ਅੰਤਰਰਾਜੀ ਤੇ ਅੰਤਰ ਜ਼ਿਲ੍ਹਾ ਨਾਕਾਬੰਦੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਨਿਰਪੱਖ ਤੇ ਸਾਂਤਮਈ ਚੋਣਾਂ ਲਈ ਸਾਰੀਆਂ ਤਿਆਰੀਆਂ ਚੋਣ ਕਮਿਸ਼ਨ ਵੱਲੋਂ ਜਾਰੀ ਸਮਾਂ ਸਾਰਣੀ ਦੇ ਨਿਯਮਾਂ ਅਨੁਸਾਰ ਕੀਤੀ ਜਾ ਰਹੀ ਹੈ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਐਸਪੀ ਸ੍ਰੀ ਰਮਨੀਸ਼ ਚੌਧਰੀ, ਐਸਡੀਐਮ ਸ੍ਰੀ ਪੰਕਜ ਬਾਂਸਲ ਤੇ ਸ੍ਰੀ ਬਲਕਰਨ ਸਿੰਘ, ਡੀਐਸਪੀ ਸ੍ਰੀ ਸੁਬੇਗ ਸਿੰਘ, ਏਆਰ ਸ਼ਰਮਾਂ ਵੀ ਹਾਜਰ ਸਨ।

Leave a Reply

Your email address will not be published. Required fields are marked *