oppo_2

ਮਾਨਸਾ, 24 ਜੁਲਾਈ :
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ 15 ਅਗਸਤ 2024 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਹਾੜਾ ਇਸ ਸਾਲ ਵੀ ਸਥਾਨਕ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਦਾ ਮੰਤਵ ਆਜ਼ਾਦੀ ਦੇ ਜਸ਼ਨ ਨੂੰ ਤਾਜ਼ਾ ਕਰਨ ਦੇ ਨਾਲ-ਨਾਲ ਆਜ਼ਾਦੀ ਸੰਗਰਾਮ ’ਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ, ਯੋਧਿਆਂ ਅਤੇ ਆਜ਼ਾਦੀ ਘੁਲਾਈਆਂ ਨੂੰ ਯਾਦ ਕਰਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਾ ਹੈ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪੋ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਸਮਾਂ ਰਹਿੰਦਿਆਂ ਜ਼ਿਲ੍ਹਾ ਪੱਧਰੀ ਸਮਾਗਮ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ।
ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਆਜ਼ਾਦੀ ਸਮਾਗਮ ਵਿਚ ਆਉਣ ਵਾਲੇ ਲੋਕਾਂ ਲਈ ਟਰੈਫਿਕ ਰੂਟ ਬਣਾਇਆ ਜਾਵੇ ਅਤੇ ਪਾਰਕਿੰਗ ਲਈ ਪਹਿਲਾਂ ਹੀ ਥਾਵਾਂ ਨਿਸ਼ਚਤ ਕੀਤੀਆਂ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਟਰੈਫਿਕ ਦੀ ਸਮੱਸਿਆ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਸਾਰੇ ਸੁਰੱਖਿਆ ਪ੍ਰਬੰਧ ਮੁਕੰਮਲ ਕੀਤੇ ਜਾਣ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਰਿਹਰਸਲ ਤੇ ਸਮਾਗਮ ਵਾਲੇ ਦਿਨ ਐਂਬੂਲੈਸ ਤੇ ਡਾਕਟਰੀ ਟੀਮਾਂ ਦਾ ਖਾਸ ਪ੍ਰਬੰਧ ਕਰਨ ਲਈ ਕਿਹਾ।
        ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸ਼ਹਿਰ ’ਚ ਵੱਖ-ਵੱਖ ਸਜਾਵਟੀ ਗੇਟ ਬਣਾਉਣ ਤੇ ਚੌਂਕਾਂ ਦੀ ਸਜਾਵਟ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਸਟੇਜ ਦੀ ਸਜਾਵਟ, ਬੈਰੀਕੇਡਿੰਗ, ਸਾਫ਼ ਪੀਣ ਵਾਲੇ ਪਾਣੀ ਤੇ ਸਾਫ਼-ਸਫ਼ਾਈ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਆਰਜੀ ਪਖਾਨਿਆਂ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਮੌਕੇ ਫਾਇਰ ਬ੍ਰਿਗੇਡ ਵੀ ਮੌਜੂਦ ਰੱਖੀ ਜਾਵੇ।
ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਸਕੂਲੀ ਵਿਦਿਆਰਥੀਆਂ ਦੀ ਸਮਾਗਮ ਵਿਚ ਹਾਜ਼ਰੀ ਯਕੀਨੀ ਬਣਾਈ ਜਾਵੇ ਅਤੇ ਸੱਭਿਆਚਾਰਕ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਫੁੱਲ ਡਰੈੱਸ ਰਿਹਰਸਲ 13 ਅਗਸਤ, 2024 ਨੂੰ ਹੋਵੇਗੀ।

Leave a Reply

Your email address will not be published. Required fields are marked *