ਯੂਰੀਆ ਖਾਦ ਦੀ ਜਮਾਂ ਖੋਰੀ ਅਤੇ ਕਾਲਾਬਜ਼ਾਰੀ ਰੋਕਣ ਲਈ ਖੇਤੀਬਾੜੀ  ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੀ ਨਿਰੰਤਰ ਚੈਕਿੰਗ ਜਾਰੀ 

ਫਰੀਦਕੋਟ: 11 ਦਸੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ  ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਕੀਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ  ਵੱਲੋ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਫ਼ਰੀਦਕੋਟ ਵਿੱਚ ਜ਼ਿਲਾ ਪੱਧਰੀ ਟੀਮ ਵੱਲੋਂ ਖਾਦ ਵਿਕਰੇਤਾਵਾਂ  ਦੇ ਕਾਰੋਬਾਰੀ ਅਦਾਰਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੀ ਅਗਵਾਈ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਅਮਰੀਕ ਸਿੰਘ ਨੇ ਕੀਤੀ ।  ਟੀਮ ਵੱਲੋਂ ਵੱਖ ਵੱਖ ਦੁਕਾਨਾਂ ਤੋਂ 3 ਨਦੀਨਨਾਸ਼ਕਾਂ ਦੇ ਨਮੂਨੇ ਭਰ ਕੇ ਪਰਖ ਲਈ ਪ੍ਰਯੋਗਸ਼ਾਲਾ ਵਿਚ ਭੇਜ ਦਿੱਤੇ ਗਏ।

         ਗੱਲਬਾਤ ਕਰਦਿਆਂ ਡਾ. ਅਮਰੀਕ  ਸਿੰਘ  ਨੇ ਦੱਸਿਆ ਕਿ ਜ਼ਿਲਾ ਫਰੀਦਕੋਟ  ਵਿੱਚ ਯੂਰੀਆ ਖਾਦ ਦੀ ਕਾਲਾਬਜ਼ਾਰੀ ਅਤੇ ਜਮਾਂ ਖੋਰੀ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋਂ  ਕਿਸਾਨਾਂ ਨੂੰ ਯੂਰੀਆ ਖਾਦ ਜ਼ਰੂਰਤ ਅਨੁਸਾਰ ਮਿਲਣ ਵਿਚ ਕੋਈ ਮੁਸ਼ਕਲ ਪੇਸ਼ ਨਾਂ ਆਵੇ। ਉਨ੍ਹਾਂ ਦੱਸਿਆ ਕਿ ਖਾਦ ਵਿਕਰੇਤਾਵਾਂ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਰੋਜ਼ਾਨਾ ਦੁਕਾਨ ਤੇ ਯੂਰੀਆ ਖਾਦ ਦਾ ਸਟਾਕ ਬੋਰਡ ਵਿਚ ਸਟਾਕ ਵਿਚ ਮੌਜੂਦ ਖਾਦ ਦੀ ਮਾਤਰਾ ਅਤੇ ਕੀਮਤ ਲਿਖੀ ਹੋਣੀ ਚਾਹੀਦੀ ਹੈ। ਉਨਾਂ ਦੱਸਿਆ ਕਿ ਕਣਕ ਦੀ ਕਾਸਤ ਲਈ ਯੂਰੀਆ ਖਾਦ ਦੀ ਘਾਟ ਨਹੀਂ ਹੈ ਅਤੇ  ਕਿਸਾਨਾਂ ਨੂੰ ਕਿਸੇ ਤਰਾਂ ਦੀ ਘਬਰਾਹਟ ਵਿਚ ਨਹੀਂ ਆਉਣਾ ਚਾਹੀਦਾ। ਉਨ੍ਹਾਂ ਨੇ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ਵਿੱਚ ਮੌਜੂਦ ਵਿਕਰੀ ਕੀਤੀ ਖਾਦ ਦਾ ਸਟਾਕ ਨਿਲ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੌਸ ਮਸ਼ੀਨਾਂ ਅਤੇ ਦੁਕਾਨ ਤੇ ਅਣਵਿਕੀ ਖਾਦ ਦਾ ਸਟਾਕ ਇਕਸਾਰ ਹੋਵੇ ਤਾਂ ਜੋ ਜ਼ਰੂਰਤ ਅਨੁਸਾਰ ਯੂਰੀਆ ਖਾਦ ਮਿਲ ਸਕੇ। ਉਨ੍ਹਾਂ ਸਮੂਹ ਡੀਲਰਾਂ  ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਖਾਦ ਦੀ ਹੋਈ ਵਿਕਰੀ ਦਾ ਸਟਾਕ ਪੋਸ ਮਸ਼ੀਨਾਂ ਵਿਚੋਂ ਰੋਜਾਨਾ ਕਢਿਆ ਜਾਵੇ ਤਾਂ ਖਾਦ ਦੀ ਸਪਲਾਈ ਵਿਚ ਕੋਈ ਵਿਗਨ ਨਾ ਪਵੇ ।ਉਨਾਂ ਕਿਹਾ ਕਿ ਡੀਲਰਾਂ /ਸਹਿਕਾਰੀ ਸਭਾਵਾਂ  ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ , ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮੱਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ । ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985  ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਡਾ. ਗੁਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਗੁਰਪ੍ਰੀਤ ਸਿੰਘ ਬਲਾਕ  ਖੇਤੀਬਾੜੀ ਅਫਸਰ ,ਡਾਕਟਰ ਰਮਨਦੀਪ ਸਿੰਘ ,ਡਾਕਟਰ ਪਰਮਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ,ਹਰਜਿੰਦਰ ਸਿੰਘ ਖੇਤੀ ਉਪ ਨਿਰੀਖਕ , ਸ਼ਮਿੰਦਰ ਸਿੰਘ ਬਲਾਕ ਤਕਨਾਲੋਜੀ ਪ੍ਰਬੰਧਕ ,ਨਰਿੰਦਰ ਕੁਮਾਰ ਸ਼ਾਮਿਲ ਸਨ।


Posted

in

by

Tags:

Comments

Leave a Reply

Your email address will not be published. Required fields are marked *