ਫ਼ਰੀਦਕੋਟ 02 ਮਈ

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਪ੍ਰੋਗਰਾਮ (ਪਿੰਡਾਂ ਦੇ ਪਹਿਰੇਦਾਰ, ਪੇਂਡੂ ਸੁਰੱਖਿਆ ਕਮੇਟੀਆਂ ਤੇ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ) ਦਾ ਆਯੋਜਨ ਅਲਾਸਕਾ ਗਰੈਂਡ ਫਿਰੋਜ਼ਪੁਰ ਰੋਡ ਫਰੀਦਕੋਟ ਵਿਖੇ ਕੀਤਾ ਗਿਆ । ਇਸ ਸਮਾਗਮ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ,ਕੈਬਿਨਟ ਮੰਤਰੀ ਪੰਜਾਬ ਸ.ਤਰੁਨਪ੍ਰੀਤ ਸਿੰਘ ਸੌਂਦ, ਕੈਬਿਨਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ, ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਫ਼ਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ,ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸ.ਐਸ.ਪੀ.ਡਾ.ਪ੍ਰੱਗਿਆ ਜੈਨ ਵੀ ਹਾਜ਼ਰ ਸਨ ।

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਾਲ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਪਾਣੀਆਂ ਤੇ ਡਾਕਾ ਮਾਰਨਾ ਚਾਹੁੰਦੀ ਹੈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੀ.ਬੀ.ਐਮ.ਬੀ. ਨੇ ਰਾਜਸਥਾਨ, ਹਰਿਆਣਾ ਅਤੇ ਪੰਜਾਬ ਨੂੰ ਕ੍ਰਮਵਾਰ 3.318 ਐਮ.ਏ.ਐਫ., 2.987 ਐਮ.ਏ.ਐਫ. ਅਤੇ 5.512 ਐਮ.ਏ.ਐਫ. ਪਾਣੀ ਦੀ ਵੰਡ ਕੀਤੀ ਹੈ। ਉਹਨਾਂ ਕਿਹਾ ਕਿ ਹਰਿਆਣੇ ਨੇ ਆਪਣਾ ਦਿੱਤਾ ਹੋਇਆ ਸਾਰਾ ਪਾਣੀ ਵਰਤ ਲਿਆ ਹੈ ਅਤੇ ਉਨ੍ਹਾਂ ਨੇ ਪੰਜਾਬ ਦੇ ਪਾਣੀ ਦੇ ਹਿੱਸੇ ਵਿੱਚੋਂ 8500 ਕਿਊਸਿਕ ਪਾਣੀ ਜ਼ਬਰਦਸਤੀ ਕੇਂਦਰ ਦੀਆਂ ਏਜੰਸੀਆਂ ਰਾਹੀਂ ਖੋਹ ਲਿਆ ਹੈ ਤੇ ਪੰਜਾਬ ਨੂੰ ਮੁੜ ਤੋਂ ਕਾਲੇ ਦੌਰ ਵਿੱਚ ਸੁੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।ਉਨ੍ਹਾਂ ਕਿਹਾ ਕਿ ਪਾਣੀ ਦੀ ਇੱਕ-ਇੱਕ ਬੂੰਦ ਕੀਮਤੀ ਹੈ ਅਤੇ ਕਿਸੇ ਨੂੰ ਵੀ ਇਹ ਪਾਣੀ ਲਿਜਾਣ ਦੀ ਇਜ਼ਾਜਤ ਨਹੀਂ ਦਿੱਤੀ ਜਾਣੀ ਚਾਹੀਦੀ । ਉਨ੍ਹਾਂ ਕਿਹਾ ਕਿ ਇਸ ਸਬੰਧੀ 5 ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਉਨ੍ਹਾਂ ਨਸ਼ਿਆਂ ਦੇ ਖਾਤਮੇ ਲਈ ਸੰਜੀਦਗੀ ਅਤੇ ਇਕਜੁਟਤਾ ਨਾਲ ਕੰਮ ਕਰਨ ਦਾ ਸੁਨੇਹਾ ਦਿੱਤਾ ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਸਰਪੰਚ ਅਤੇ ਹੋਰ ਮੈਂਬਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ ਜੋ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਆਪਣੀ ਜ਼ਿੰਮੇਵਾਰੀ ਨਿਭਾਉਣਗੇ ।

ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਦ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਨਸ਼ਿਆਂ ਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰਹੇਗੀ ਤੇ ਰਾਜ ਨੂੰ ਤਰੱਕੀ ਦੀਆਂ ਬੁਲੰਦੀਆਂ ਤੇ ਲਿਜਾ ਕੇ ਪੰਜਾਬ ਨੂੰ ਦੇਸ਼ ਦਾ ਵਿਕਾਸ ਪੱਖੋਂ ਮੋਹਰੀ ਸੂਬਾ ਬਣਾਇਆ ਜਾਵੇਗਾ ਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਮੁੜ ਤੋਂ ਰੰਗਲਾ ਪੰਜਾਬ ਬਣੇਗਾ। ਉਨ੍ਹਾਂ ਪੇਂਡੂ ਸੁਰੱਖਿਆ ਕਮੇਟੀਆਂ,ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਪਹਿਰੇਦਾਰ ਵਜੋਂ ਕੰਮ ਕਰਕੇ ਨਸ਼ਿਆਂ ਵਿੱਚ ਗ੍ਰਸਤ ਲੋਕਾਂ ਦੇ ਇਲਾਜ ਤੇ ਪੁਨਰਵਾਸ ਲਈ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਅਜਿਹੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਕੇ ਉਨ੍ਹਾਂ ਨੂੰ ਨਵਾਂ ਜੀਵਨ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੀਆਂ ਪਾਣੀਆਂ ਸਬੰਧੀ ਵਧੀਕੀਆਂ ਦਾ ਡੱਟ ਕੇ ਵਿਰੋਧ ਕਰੇਗੀ ਅਤੇ ਪੰਜਾਬ ਦੇ ਹਿੱਸੇ ਦਾ ਪਾਣੀ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਸਮੂਹ ਹਾਜ਼ਰੀਨ ਨੂੰ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਵਾਈ ਅਤੇ ਉਨ੍ਹਾਂ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਗੈਸਟ ਹਾਊਸ ਵਿੱਖੇ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਵੀ ਦਿੱਤੀ ਗਈ ।

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਨਸ਼ਾ ਤਸਕਰਾਂ ਵਿਰੁੱਧ ਕਾਨੂੰਨ ਅਨੁਸਾਰ ਸਖਤ ਕਾਰਵਾਈ ਕਰੇਗੀ ਤੇ ਉਨ੍ਹਾਂ ਦੀਆਂ ਗੈਰ ਕਾਨੂੰਨੀ ਜਾਇਦਾਦਾਂ ਨੂੰ ਜਬਤ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਯੁੱਧ ਨਸ਼ਿਆਂ ਵਿਰੁੱਧ ਪਿੰਡਾਂ, ਵਾਰਡਾਂ, ਗਲੀ, ਮੁਹੱਲਿਆਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ ਤਸਕਰਾਂ ਸਬੰਧੀ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਉਨ੍ਹਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਪਹਿਰੇਦਾਰ ਨਸ਼ਿਆਂ ਖਿਲਾਫ ਫੈਸਲਾਕੁੰਨ ਜੰਗ ਵਿੱਚ ਮੋਹਰੀ ਭੂਮਿਕਾ ਨਿਭਾਉਣ ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਮਾਗਮ ਵਿੱਚ ਔਰਤਾਂ ਦੀ ਵੱਡੀ ਸ਼ਮੂਲੀਅਤ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਔਰਤਾਂ ਤੋਂ ਬਿਨਾਂ ਯੁੱਧ ਨਸ਼ਿਆਂ ਵਿਰੁੱਧ ਦੀ ਸਫਲਤਾ ਦੀ ਕਾਮਨਾ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਔਰਤਾਂ ਅੱਗੇ ਆ ਕੇ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਬਣਾਉਣ ਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪਿੰਡਾਂ ਵਿੱਚ ਬਣੀਆਂ ਕਮੇਟੀਆਂ ਵਿੱਚ ਆਪਣੀ ਹਿੱਸੇਦਾਰੀ ਪਾਉਣ ਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਜ਼ਿਲ੍ਹੇ ਵਿੱਚ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਜਾਗਰੂਕਤਾ ਮੁਹਿੰਮ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਪੇਂਡੂ ਰੱਖਿਆ ਕਮੇਟੀਆਂ ਦੁਆਰਾ ਕੀਤੀਆਂ ਜਾ ਰਹੀਆਂ ਕਾਰਵਾਈਆਂ, ਨਸ਼ਿਆਂ ਦੇ ਸ਼ਿਕਾਰ ਲੋਕਾਂ ਦੇ ਇਲਾਜ, ਪੁਨਰਵਾਸ ਅਤੇ 7 ਮਈ ਤੋਂ ਸਮੁੱਚੇ ਜ਼ਿਲੇ ਵਿੱਚ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਸਬੰਧੀ ਵੀ ਜਾਣਕਾਰੀ ਦਿੱਤੀ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨਾਲ ਜੁੜ ਕੇ ਇਸ ਮੁਹਿੰਮ ਨੂੰ ਸਫਲ ਬਣਾਉਣ ।

ਐਸ.ਐਸ.ਪੀ. ਡਾ.ਪ੍ਰੱਗਿਆ ਜੈਨ ਨੇ ਜ਼ਿਲ੍ਹੇ ਵਿੱਚ ਹੁਣ ਤੱਕ ਇਸ ਮੁਹਿੰਮ ਤਹਿਤ ਹੋਈਆਂ ਗਿਰਫਤਾਰੀਆ, ਨਸ਼ਿਆਂ ਦੀ ਬਰਾਮਦਗੀ ਅਤੇ ਨਸ਼ਾ ਤਸਕਰਾਂ ਦੀ ਪ੍ਰਾਪਰਟੀ ਸੀਜ ਕਰਨ ਤੇ ਢਾਹੁਣ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦੇ ਸਹਿਯੋਗ ਦੀ ਅਪੀਲ ਕੀਤੀ ਤੇ ਕਿਹਾ ਕਿ ਫ਼ਰੀਦਕੋਟ ਪੁਲਿਸ ਨੇ ਪੂਰੇ ਪੰਜਾਬ ਵਿੱਚ ਨਸ਼ਿਆਂ ਦੀ ਬਰਾਮਦਗੀ, ਨਸ਼ਾ ਤਸਕਰਾਂ ਦੀ ਗਿਰਫਤਾਰੀ ਵਿੱਚ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ ।

ਇਸ ਉਪਰੰਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਵੀਡੀਓ ਸੰਦੇਸ਼ ਨਸ਼ਾ ਤਸਕਰਾਂ ਸਬੰਧੀ ਪੁਲਿਸ ਨੂੰ ਸੂਚਨਾ ਦੇਣ ਲਈ ਵਟੱਸਐਪ ਨੰਬਰ 97791-00200 ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ । ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ,ਕੈਬਿਨਟ ਮੰਤਰੀ ਪੰਜਾਬ ਸ.ਤਰੁਨਪ੍ਰੀਤ ਸਿੰਘ ਸੌਂਦ, ਕੈਬਿਨਟ ਮੰਤਰੀ ਸ੍ਰੀ ਲਾਲਜੀਤ ਭੁੱਲਰ, ਕੈਬਿਨਟ ਮੰਤਰੀ ਮੈਡਮ ਬਲਜੀਤ ਕੌਰ ਨੂੰ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ।

ਇਸ ਮੌਕੇ ਸੂਚਨਾ ਕਮਿਸ਼ਨ ਪੰਜਾਬ ਸ. ਸੰਦੀਪ ਸਿੰਘ ਧਾਲੀਵਾਲ,ਚੇਅਰਮੈਨ ਪਲਾਨਿੰਗ ਬੋਰਡ ਕਮ ਕੋਆਰਡੀਨੇਟਰ ਮਾਲਵਾ ਜੋਨ ਸ. ਸੁਖਜੀਤ ਸਿੰਘ ਢਿੱਲਵਾਂ, ਚੇਅਰਮੈਨ ਕਮ ਇੰਚਾਰਜ ਜ਼ਿਲ੍ਹਾ ਫ਼ਰੀਦਕੋਟ ਸ. ਗਗਨਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਸ. ਗੁਰਤੇਜ ਸਿੰਘ ਖੋਸਾ,ਵਧੀਕ ਡਿਪਟੀ ਕਮਿਸ਼ਨਰ ਸ. ਨਰਭਿੰਦਰ ਸਿੰਘ ਗਰੇਵਾਲ,ਐਸ.ਡੀ.ਐਮ ਫ਼ਰੀਦਕੋਟ ਮੇਜਰ ਵਰੁਣ ਕੁਮਾਰ,ਐਸ.ਡੀ.ਐਮ ਕੋਟਕਪੂਰਾ ਸ੍ਰੀ ਵਰਿੰਦਰ ਸਿੰਘ, ਐਸ.ਡੀ.ਐਮ ਜੈਤੋ ਸ੍ਰੀ ਸੂਰਜ ਕੁਮਾਰ,ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕਿਟ ਕਮੇਟੀ, ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ, ਅਮਨਦੀਪ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *