ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢ ਕੇ ਸਿਹਤਮੰਦ, ਸਸ਼ਕਤ ਅਤੇ ਉੱਜਵਲ ਭਵਿੱਖ ਵੱਲ ਲਿਜਾਣਾ: ਡਾ. ਰਵਜੋਤ ਸਿੰਘ

ਹੁਸ਼ਿਆਰਪੁਰ, 16 ਮਈ:  
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਏ ਜਾ ਰਹੇ “ਯੁੱਧ ਨਸ਼ਿਆਂ ਦੇ ਵਿਰੁੱਧ” ਮੁਹਿੰਮ ਤਹਿਤ ਅੱਜ ਹਲਕਾ ਸ਼ਾਮ ਚੁਰਾਸੀ ਦੇ ਅਧੀਨ ਆਉਂਦੇ ਪਿੰਡਾਂ ਬਰਿਆਣਾ, ਰਾਉਵਾਲ ਅਤੇ ਸ਼ਹਾਬੁਦੀਨ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦੀ ਅਗਵਾਈ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੀਤੀ।

ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਣਾ ਅਤੇ ਉਨ੍ਹਾਂ ਨੂੰ ਸਿਹਤਮੰਦ, ਸਸ਼ਕਤ ਅਤੇ ਉੱਜਵਲ ਭਵਿੱਖ ਵੱਲ ਅਗਵਾਈ ਕਰਨਾ ਹੈ। ਡਾ. ਰਵਜੋਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਿਲਾਫ ਜੰਗ ਨੂੰ ਪੂਰੀ ਗੰਭੀਰਤਾ ਨਾਲ ਲੜ ਰਹੀ ਹੈ ਅਤੇ ਇਸਦੇ ਲਈ ਜ਼ਮੀਨੀ ਪੱਧਰ ‘ਤੇ ਜਾਗਰੂਕਤਾ ਫੈਲਾਉਣਾ ਬਹੁਤ ਜ਼ਰੂਰੀ ਹੈ।

ਇਸ ਮੌਕੇ ‘ਤੇ ਉਨ੍ਹਾਂ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।

ਪਿੰਡ ਪੱਧਰ ‘ਤੇ ਬਣੀਆਂ ਵਿਲੇਜ ਡਿਫੈਂਸ ਕਮੇਟੀਆਂ ਨੇ ਵੀ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ ਅਤੇ ਨੌਜਵਾਨਾਂ ਦੇ ਪੁਨਰਵਾਸ ਅਤੇ ਸਲਾਹ ਸੇਵਾਵਾਂ ਦੀ ਜਾਣਕਾਰੀ ਦਿੱਤੀ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਨਸ਼ਾ ਵੇਚਣ ਅਤੇ ਫੈਲਾਉਣ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸਰਕਾਰ ਦੀ ਤਰਜੀਹ ਹੈ ਕਿ ਹਰ ਪਿੰਡ ਅਤੇ ਹਰ ਗਲੀ ਨੂੰ ਨਸ਼ਾ ਮੁਕਤ ਕੀਤਾ ਜਾਵੇ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਸਿਹਤ ਵਿਭਾਗ, ਪੁਲਿਸ ਪ੍ਰਸ਼ਾਸਨ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਲਈ ਚਲਾਏ ਜਾ ਰਹੇ ਇਸ ਸਾਂਝੇ ਯਤਨ ਨੂੰ ਲੋਕਾਂ ਦਾ ਪੂਰਨ ਸਮਰਥਨ ਮਿਲ ਰਿਹਾ ਹੈ। ਨਸ਼ਾ ਮੁਕਤੀ ਯਾਤਰਾ ਆਉਂਦੇ ਦਿਨਾਂ ਵਿੱਚ ਹੋਰ ਪਿੰਡਾਂ ਵਿੱਚ ਵੀ ਆਯੋਜਿਤ ਕੀਤੀ ਜਾਵੇਗੀ, ਤਾਂ ਜੋ ਪੂਰੇ ਖੇਤਰ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਿਆ ਜਾ ਸਕੇ।

Comments

Leave a Reply

Your email address will not be published. Required fields are marked *