ਮਹਿਲ ਕਲਾਂ, 1 ਜੂਨ
  ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ  ਸੀਨੀਅਰ ਮੈਡੀਕਲ ਅਫ਼ਸਰ ਮਹਿਲ ਕਲਾਂ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਵੱਖ ਵੱਖ ਪਿੰਡਾਂ ਵਿਚ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਬਲਾਕ ਅਧੀਨ ਵੱਖ ਵੱਖ ਪਿੰਡਾਂ ਵਿੱਚ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੀਤੇ ਗਏ।
  ਜਾਣਕਾਰੀ ਦਿੰਦਿਆਂ ਡਾ. ਗੁਰਤੇਜਿੰਦਰ ਕੌਰ ਨੇ ਦੱਸਿਆ ਕਿ ਸਿਹਤ ਬਲਾਕ ਮਹਿਲ ਕਲਾਂ ਵੱਲੋਂ ਲੋਕਾਂ ਨੂੰ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਦੇ ਸੇਵਨ ਨਾਲ ਜਿੱਥੇ ਸਰੀਰ ‘ਤੇ ਬੁਰਾ ਪ੍ਰਭਾਵ ਪੈਂਦਾ ਹੈ ਉੱਥੇ ਹੀ ਇਸ ਨਾਲ ਕੈਂਸਰ ਵਰਗਾ ਮਾਰੂ ਰੋਗ ਲੱਗ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਅਕਤੀ ਨੂੰ ਤੰਬਾਕੂ ਦਾ ਕਿਸੇ ਵੀ ਪ੍ਰਕਾਰ ਦੇ ਸੇਵਨ ਤੋਂ ਬਚਣਾ ਚਾਹੀਦਾ ਹੈ।
ਇਸ ਮੌਕੇ ਬਲਾਕ ਐਜੂਕੇਟਰ ਸ਼ਿਵਾਨੀ ਨੇ ਕਿਹਾ ਕਿ ਤੰਬਾਕੂ ਦਾ ਕਿਸੇ ਵੀ ਰੂਪ ਨਾਲ ਸੇਵਨ ਵਿਅਕਤੀ ਨੂੰ ਸਰੀਰਕ ਤੇ ਮਾਨਸਿਕ ਤੌਰ ‘ਤੇ ਕਮਜ਼ੋਰ ਕਰ ਦਿੰਦਾ ਹੈ ਤੇ ਉਸ ਦੀ ਰੋਗਾਂ ਨਾਲ ਲੜਨ ਦੀ ਸ਼ਕਤੀ ਘਟ ਜਾਂਦੀ ਹੈ, ਜਿਸ ਕਾਰਨ ਉਸ ਨੂੰ ਬਹੁਤ ਸਾਰੀਆਂ ਬੀਮਾਰੀਆਂ ਘੇਰ ਲੈਂਦੀਆਂ ਹਨ ਤੇ ਮਨੁੱਖ ਦੀ ਔਸਤਨ ਉਮਰ ਘਟ ਜਾਂਦੀ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਨਾਲ ਸਭ ਤੋਂ ਵੱਧ ਮੂੰਹ, ਗਲੇ ਤੇ ਫ਼ੇਫੜਿਆਂ ਦਾ ਕੈਂਸਰ ਅਤੇ ਪੇਟ, ਸਾਹ ਤੇ ਦੰਦਾਂ ਆਦਿ ਦੀਆਂ ਬੀਮਾਰੀਆਂ ਹੋਣ ਦਾ ਖ਼ਤਰਾ ਵਧੇਰੇ ਹੁੰਦਾ ਹੈ।
  ਇਸ ਮੌਕੇ ਐਸ.ਆਈ ਜਸਵੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਅੱਜ ਕੋਟਪਾ (ਸਿਗਰਟ ਅਤੇ ਹੋਰ ਤੰਬਾਕੂ ਉਤਪਾਦ )ਐਕਟ 2003 ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਤੇ ਮੌਕੇ ‘ਤੇ ਹੀ ਜੁਰਮਾਨਾ ਵਸੂਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕੋਟਪਾ ਐਕਟ ਦੀ ਧਾਰਾ 4 ਤਹਿਤ ਜਨਤਕ ਥਾਵਾਂ ‘ਤੇ ਸਿਗਰਟ ਪੀਣ ਜਾਂ ਤੰਬਾਕੂਨੋਸ਼ੀ ਕਰਨ ‘ਤੇ 200 ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ। ਐਕਟ ਦੀ ਧਾਰਾ 6 (ਏ) ਤਹਿਤ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸਿਗਰਟ ਜਾਂ ਕਿਸੇ ਤੰਬਾਕੂ ਉਤਪਾਦ ਦੀ ਵਿਕਰੀ ਕਰਨ ਦੀ ਪਾਬੰਦੀ ਹੈ ਜਦਕਿ ਧਾਰਾ 6 (ਬੀ ) ਤਹਿਤ ਵਿੱਦਿਅਕ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਸੇਵਨ ਕਰਨਾ ਵੀ ਕਾਨੂੰਨੀ ਅਪਰਾਧ ਹੈ। ਇਸ ਤੋਂ ਇਲਾਵਾ ਧਾਰਾ 5 ਤਹਿਤ ਕਿਸੇ ਵੀ ਤੰਬਾਕੂ ਪਦਾਰਥ ਦੀ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਇਸ਼ਤਿਹਾਰਬਾਜ਼ੀ ਨਹੀਂ ਕੀਤੀ ਜਾ ਸਕਦੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ ਆਈ ਸੁਖਵਿੰਦਰ ਸਿੰਘ ਤੇ ਐਸ ਆਈ ਮਦਨ, ਮ.ਪ.ਹ.ਵ ਬੂਟਾ ਸਿੰਘ ਤੇ ਨਵਜੀਵਨ ਵੀ ਹਾਜ਼ਰ ਸਨ।

Leave a Reply

Your email address will not be published. Required fields are marked *