ਡੇਰਾ ਬਾਬਾ ਨਾਨਕ, 21 ਜੂਨ ( ) – “ਸੀ ਐੱਮ ਦੀ ਯੋਗਸ਼ਾਲਾ” ਅਧੀਨ 11ਵੇਂ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੈਂਡ ਪੋਰਟ ਅਥਾਰਿਟੀ ਦੇ ਸਹਿਯੋਗ ਨਾਲ ਅੱਜ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ, ਡੇਰਾ ਬਾਬਾ ਨਾਨਕ ਵਿਖੇ ਇੱਕ ਵਿਸ਼ੇਸ਼ ਯੋਗ ਕੈਂਪ ਲਗਾਇਆ ਗਿਆ। ਇਸ ਯੋਗਾ ਕੈਂਪ ਵਿੱਚ ਹਲਕਾ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਗੁਰਮੰਦਰ ਸਿੰਘ ਤੋਂ ਇਲਾਵਾ ਲੈਂਡ ਪੋਰਟ ਅਥਾਰਿਟੀ ਦੇ ਅਧਿਕਾਰੀ ਮੈਨੇਜਰ ਸੰਦੀਪ ਮਹਾਜਨ, ਮਨਜੀਤ ਸਿੰਘ, ਬੀ.ਐੱਸ.ਐੱਫ ਸਹਾਇਕ ਕਮਾਂਡਰ ਰਾਹੁਲ, ਇਮੀਗਰੇਸ਼ਨ ਅਧਿਕਾਰੀ ਪਿਯੂਸ਼ ਤ੍ਰਿਪਾਠੀ ਅਤੇ ਬੀ.ਐੱਸ.ਐੱਫ. ਜਵਾਨਾਂ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਭਾਗ ਲਿਆ। ਇਸ ਯੋਗ ਕੈਂਪ ਦੌਰਾਨ ਸੀ.ਐੱਮ. ਦੀ ਯੋਗਸ਼ਾਲਾ ਦੇ ਯੋਗਾ ਮਾਹਿਰ ਟਰੇਨਰਾਂ ਵੱਲੋਂ ਯੋਗਾ ਦੇ ਵੱਖ-ਵੱਖ ਆਸਣਾਂ ਦਾ ਅਭਿਆਸ ਕਰਵਾਇਆ ਗਿਆ ਅਤੇ ਨਾਲ ਹੀ ਦੱਸਿਆ ਗਿਆ ਕਿ ਕਿਸ ਯੋਗ ਆਸਣ ਦੇ ਕੀ ਲਾਭ ਹਨ।
ਇਸ ਮੌਕੇ ਗੱਲਬਾਤ ਕਰਦਿਆਂ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਸਾਡੇ ਰਿਸ਼ੀਆਂ ਮੁਨੀਆਂ ਨੇ ਸੈਂਕੜੇ ਸਾਲਾਂ ਦੀ ਤਪੱਸਿਆ ਤੋਂ ਬਾਅਦ ਯੋਗ ਦੀ ਸ਼ੁਰੂਆਤ ਕੀਤੀ ਅਤੇ ਅੱਜ ਪੂਰੀ ਦੁਨੀਆ ਵਿੱਚ ਯੋਗ ਨੂੰ ਮਾਨਤਾ ਹਾਸਲ ਹੋਈ ਹੈ ਅਤੇ ਇਹ ਸਾਡੇ ਲਈ ਬੜੇ ਹੀ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਜਿੱਥੇ ਕਿ ਹਰ ਇੱਕ ਵਿਅਕਤੀ ਕਿਸੇ ਨਾ ਕਿਸੇ ਸਰੀਰਕ ਜਾਂ ਮਾਨਸਿਕ ਬਿਮਾਰੀ ਤੋਂ ਪੀੜਤ ਹੈ ਤਾਂ ਯੋਗ ਇੱਕੋ-ਇੱਕ ਅਜਿਹਾ ਸਾਧਨ ਹੈ ਜਿਸ ਨਾਲ ਜੁੜ ਕੇ ਨਿਰੋਗ ਜੀਵਨ ਬਤੀਤ ਕੀਤਾ ਜਾ ਸਕਦਾ ਹੈ।
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਯੋਗ ਲਈ ਰੋਜ਼ਾਨਾ ਕੁਝ ਸਮਾਂ ਕੱਢ ਕੇ ਅਸੀਂ ਭੱਜ ਦੌੜ ਅਤੇ ਤਣਾਅ ਭਰੀ ਜ਼ਿੰਦਗੀ ਵਿੱਚ ਪੂਰੀ ਤਰਾਂ ਤੰਦਰੁਸਤ ਜੀਵਨ ਬਤੀਤ ਕਰ ਸਕਦੇ ਹਾਂ। ਯੋਗ ਨੂੰ ਅਪਣਾ ਕੇ ਦਵਾਈਆਂ ‘ਤੇ ਵੱਡੀ ਮਾਤਰਾ ਵਿੱਚ ਹੋਣ ਵਾਲੇ ਖ਼ਰਚੇ ਨੂੰ ਬਚਾਇਆ ਜਾ ਸਕਦਾ ਹੈ ਅਤੇ ਯੋਗ ਵਿੱਚ ਲਗਾਇਆ ਗਿਆ ਸਮਾਂ, ਸਾਡੇ ਸਮੁੱਚੇ ਜੀਵਨ ਨੂੰ ਖ਼ੁਸ਼ਹਾਲ ਬਣਾਉਣ ਵਿੱਚ ਵੱਡਾ ਯੋਗਦਾਨ ਪਾਉਂਦਾ ਹੈ।
ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੋਗਾ ਨੂੰ ਉਤਸ਼ਾਹਿਤ ਕਰਨ ਲਈ ਰਾਜ ਭਰ ਵਿੱਚ ਨਿਵੇਕਲੀ ਪਹਿਲਕਦਮੀ ਕਰਦਿਆਂ ਸੀ.ਐਮ ਦੀ ਯੋਗਸ਼ਾਲਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀ.ਐਮ ਦੀ ਯੋਗਸ਼ਾਲਾ ਪਿੰਡਾਂ ਅਤੇ ਮੁਹੱਲਿਆਂ ਵਿੱਚ ਮੁਫ਼ਤ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਯੋਗਾ ਕਲਾਸਾਂ ਤੋਂ ਰੋਜ਼ਾਨਾਂ ਹਜ਼ਾਰਾਂ ਲੋਕ ਲਾਭ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਮੁਹੱਲੇ, ਪਿੰਡ ਜਾ ਸ਼ਹਿਰ ਵਾਸੀਆਂ ਨੇ ਮੁਫ਼ਤ ਯੋਗ ਕਲਾਸਾਂ ਦਾ ਲਾਭ ਉਠਾਉਣਾ ਹੈ ਤਾਂ ਉਹ ਵੈੱਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪ ਲਾਈਨ ਨੰਬਰ 76694-00500 ‘ਤੇ ਸੰਪਰਕ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।–