ਸ੍ਰੀ ਮੁਕਤਸਰ ਸਾਹਿਬ, 01 ਜੁਲਾਈ:

ਸ: ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਮੰਤਰੀ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਸ: ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨੀ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਲਈ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਖੇਤੀਬਾੜੀ ਅਧਿਕਾਰੀ/ਕਰਮਚਾਰੀਆਂ ਦੀ ਦਫਤਰ, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵਿਖੇ ਆਤਮਾ ਸਕੀਮ ਅਧੀਨ ਬਣੇ ਮੀਟਿੰਗ ਹਾਲ ਦੀ ਸ਼ੁਰੂਆਤ ਕਰਦਿਆਂ ਡਾ: ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਸਾਉਣੀ ਦੀਆਂ ਫ਼ਸਲਾਂ ਖਾਸ ਕਰਕੇ ਨਰਮੇਂ ਦੀ ਫਸਲ ਦੀ ਤਾਜ਼ਾ ਸਥਿਤੀ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ। ਜਿਸ ਤੇ ਸਮੂਹ ਬਲਾਕ ਖੇਤੀਬਾੜੀ ਅਧਿਕਾਰੀਆਂ ਨੇ ਦੱਸਿਆ ਕਿ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਅੰਦਰ ਇਸ ਸਮੇਂ ਨਰਮੇਂ ਦੇ ਖੇਤਾਂ ਦਾ ਲਗਾਤਾਰ ਸਰਵੇਖਣ ਕੀਤਾ ਜਾ ਰਿਹਾ ਹੈ ਅਤੇ ਇਸ ਸਮੇਂ ਨਰਮੇਂ ਦੀ ਫ਼ਸਲ ਦੀ ਹਾਲਤ ਠੀਕ ਹੈ। ਇਸ ਮੌਕੇ ਡਾ: ਚਰਨਜੀਤ ਸਿੰਘ ਡਿਪਟੀ ਡਾਇਰੈਕਟਰ ਖੇਤੀਬਾੜੀ(ਕਪਾਹ) ਸ਼੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਕਿਸਾਨਾਂ ਨੂੰ ਪੀ.ਏ.ਯੂ ਲੁਧਿਆਣਾ ਦੀਆਂ ਸਿ਼ਫਾਰਸ਼ਾਂ ਅਨੁਸਾਰ ਕੀਟਨਾਸ਼ਕ ਸਪਰੇਆਂ/ਖਾਦਾਂ ਦੀ ਸਿਫਾਰਸ਼ ਕੀਤੀ ਜਾਵੇ।

            ਇਸ ਸਮੇਂ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਖੇਤੀ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਉਹ ਪੰਜਾਬ ਸਰਕਾਰ ਵੱਲੋਂ ਕਿਸਾਨੀ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦੇਣ ਅਤੇ ਕਿਸਾਨਾਂ ਨੂੰ ਖੇਤੀ ਸਬੰਧੀ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕਰਨ। ਉਨ੍ਹਾਂ ਵੱਲੋਂ ਸਮੂਹ ਸਟਾਫ਼ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁਟਸ ਮੁਹੱਈਆ ਕਰਵਾਉਣ ਹਿੱਤ ਸਮੇਂ-ਸਮੇਂ ਤੇ ਖੇਤੀ ਇਨਪੁਟਸ ਵਿਕਰੇਤਾਵਾਂ ਦੀ ਚੈਕਿੰਗ ਕੀਤੀ ਜਾਵੇ।

            ਮੀਟਿੰਗ ਦੌਰਾਨ ਡਾ: ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਸਮੂਹ ਸਟਾਫ਼ ਨੂੰ ਲੀਡਰਸਿ਼ੱਪ ਦੀ ਟ੍ਰੇਨਿੰਗ ਵੀ ਦਿੱਤੀ ਗਈ। ਮੀਟਿੰਗ ਦੇ ਅੰਤ ਵਿੱਚ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਖੇਤਾਂ ਵਿੱਚ ਟਿਊਬਵੈਲਾਂ ਤੇ ਵੱਧ ਤੋਂ ਵੱਧ ਬੂਟੇ ਲਗਵਾਉਣ ਦੀ ਅਪੀਲ ਕੀਤੀ ਤਾਂ ਜੋ ਵਾਤਾਵਰਨ ਨੂੰ ਸਾਫ਼ ਸੁਥਰਾ ਅਤੇ ਹਰਾ ਭਰਿਆ ਬਣਾਇਆ ਜਾ ਸਕੇ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਉਣੀ ਦੀਆਂ ਫ਼ਸਲਾਂ ਸਬੰਧੀ ਇਨਪੁਟਸ ਖ੍ਰੀਦਣ ਸਮੇਂ ਪੱਕਾ ਬਿੱਲ ਲਿਆ ਜਾਵੇ ਅਤੇ ਕਿਸੇ ਕਿਸਮ ਦੀ ਤਕਨੀਕੀ ਜਾਣਕਾਰੀ ਲੈਣ ਲਈ ਆਪਣੇ ਇਲਾਕੇ ਦੇ ਖੇਤੀਬਾੜੀ ਵਿਕਾਸ ਅਫ਼ਸਰ ਜਾਂ ਕਿਸਾਨ ਹੈਲਪ ਡੈਸਕ ਨੰਬਰ 98781—66287 ਤੇ ਸੰਪਰਕ ਕਰਨ। ਉਨ੍ਹਾਂ ਦੱਸਿਆ ਕਿ ਸਾਉਣੀ ਸੀਜ਼ਨ 2025 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਦੀ ਰਜਿਸਟ੍ਰੇਸ਼ਨ ਦੀ ਮਿਤੀ 30 ਜੂਨ 2025 ਤੋਂ ਵਧ ਕੇ ਹੁਣ 15 ਜੁਲਾਈ 2025 ਹੋ ਗਈ ਹੈ।

Leave a Reply

Your email address will not be published. Required fields are marked *