ਮੋਗਾ, 2 ਜੁਲਾਈ,
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਜਨਤਕ ਥਾਵਾਂ ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕਠੇ ਹੋਣ, ਜਨਤਕ ਥਾਵਾਂ ਤੇ ਕਿਸੇ ਵਿਅਕਤੀ ਵੱਲੋਂ ਨਾਹਰੇ ਲਗਾਉਣ, ਜਨਤਕ ਥਾਵਾਂ ਤੇ ਮੀਟਿੰਗਾਂ ਕਰਨ ਉਪਰ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਵਿਸ਼ੇਸ਼ ਹਾਲਾਤਾਂ ਜਾਂ ਮੌਕਿਆਂ ਉਪਰ ਪ੍ਰਬੰਧਕਾਂ ਵੱਲੋਂ ਲਿਖਤੀ ਬੇਨਤੀ ਕਰਨ ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਪਾਸੋਂ ਲਿਖਤੀ ਪ੍ਰਵਾਨਗੀ ਲੈ ਕੇ ਪਬਲਿਕ ਮੀਟਿੰਗਾਂ ਕਰਨ ਅਤੇ ਧਾਰਮਿਕ ਜਲੂਸ ਵਗੈਰਾ ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਕੱਢੇ ਜਾ ਸਕਦੇ ਹਨ।
ਜ਼ਿਲ੍ਹਾ ਮੈਜਿਸ੍ਰਟੇਟ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗਾਂ ਕਰਨ, ਨਾਹਰੇ ਲਗਾਉਣ, ਬਿਨ੍ਹਾਂ ਪ੍ਰਵਾਨਗੀ ਜਲੂਸ ਆਦਿ ਕੱਢਣ ਨਾਲ ਜਨਤਕ ਸ਼ਾਂਤੀ ਭੰਗ ਹੋਣ ਦਾ ਅਤੇ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਹੈ। ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ ਅਤੇ ਮਾਲ ਦੀ ਰਾਖੀ ਲਈ ਉਕਤ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪੁਲਿਸ/ਆਰਮੀ, ਮਿਲਟਰੀ ਅਮਲਾ, ਡਿਊਟੀ ਤੇ ਹੋਰ ਸਰਕਾਰੀ ਸੇਵਕ, ਮਾਤਮੀ ਜਲੂਸ, ਵਿਆਹ ਵਗੈਰਾ ਤੇ ਲਾਗੂ ਨਹੀਂ ਹੋਵੇਗਾ।
ਲਿਖਤੀ ਪ੍ਰਵਾਨਗੀ ਤੋਂ ਬਿਨ੍ਹਾਂ ਕੱਚੀਆਂ ਖੂਹੀਆਂ ਪੁੱਟਣ ਜਾਂ ਪੁਟਵਾਉਣ ਤੇ ਵੀ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਕਾਰਜਕਾਰੀ ਇੰਜੀਨੀਅਰ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਮੋਗਾ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਪੁਟਣ ਜਾਂ ਪੁਟਵਾਉਣ ਤੇ ਵੀ ਪਾਬੰਦੀ ਲਗਾਈ ਹੈ। ਉਹਨਾਂ ਕਿ ਕਿ ਕੱਚੀਆਂ ਖੂਹੀਆਂ ਪੁੱਟਣ ਕਰਕੇ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਨ ਕਈ ਮੌਤਾਂ ਵੀ ਹੋਈਆਂ ਹਨ। ਅਜਿਹੀਆਂ ਦੁਰਘਟਨਾਵਾਂ ਦੀ ਰੋਕਥਾਮ ਬਹੁਤ ਜਰੂਰੀ ਹੈ। ਇਹ ਹੁਕਮ 31 ਅਗਸਤ 2025 ਤੱਕ ਲਾਗੂ ਰਹਿਣਗੇ।