ਗੁਰਦਾਸਪੁਰ, 03 ਜੁਲਾਈ ( ) – ਪੰਜਾਬ ਸਰਕਾਰ ਵੱਲੋਂ ਵਿਕਾਸ ਕ੍ਰਾਂਤੀ ਜਰੀਏ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਸੁਹਿਰਦਤਾ ਨਾਲ ਯਤਨ ਜਾਰੀ ਹਨ। ਇਸੇ ਲੜੀ ਤਹਿਤ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਸੁੱਖਾ ਬਥਵਾਲਾ ਵਿਖੇ 5.40 ਲੱਖ ਰੁਪਏ ਦੀ ਲਾਗਤ ਨਾਲ ਸੋਲਰ ਲਾਈਟਾਂ ਅਤੇ ਹੈਂਡ ਪੰਪ ਲਗਾਉਣ ਦਾ ਪ੍ਰੋਜੈਕਟ ਪੂਰਾ ਕੀਤਾ ਗਿਆ ਹੈ, ਜਿਸ ਦਾ ਉਦਘਾਟਨ ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਕੀਤਾ ਗਿਆ।
ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਵਿੱਚ ਸ਼ਹਿਰਾਂ ਵਾਲੀਆਂ ਸਾਰੀਆਂ ਸਹੂਲਤਾਂ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਪਿੰਡ ਬਥਵਾਲਾ ਵਿਖੇ 3.10 ਲੱਖ ਰੁਪਏ ਦੀ ਲਾਗਤ ਨਾਲ ਸੋਲਰ ਲਾਈਟਾਂ ਅਤੇ 2.10 ਲੱਖ ਰੁਪਏ ਦੀ ਲਾਗਤ ਨਾਲ ਹੈਂਡ ਪੰਪ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 12 ਲੱਖ ਰੁਪਏ ਹੋਰ ਗਰਾਂਟ ਦਿੱਤੀ ਗਈ ਹੈ ਜਿਸ ਨਾਲ ਪਿੰਡ ਵਿੱਚ ਇੱਕ ਧਰਮਸ਼ਾਲਾ ਦੀ ਉਸਾਰੀ ਅਤੇ ਹੋਰ ਵਿਕਾਸ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡ ਸੁੱਖਾ ਬਥਵਾਲਾ ਦੇ ਕਈ ਵਸਨੀਕ ਵਿਦੇਸ਼ਾਂ ਵਿੱਚ ਵੀ ਰਹਿ ਰਹੇ ਹਨ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਉਹ ਵੀ ਆਪਣੇ ਪਿੰਡ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ।
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਵਿਕਾਸ ਕ੍ਰਾਂਤੀ ਜਰੀਏ ਪਿੰਡਾਂ ਤੇ ਸ਼ਹਿਰਾਂ ਦੇ ਫ਼ਰਕ ਨੂੰ ਦੂਰ ਕੀਤਾ ਜਾਵੇਗਾ ਅਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਕੇ ਸ਼ਹਿਰਾਂ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸ੍ਰੀ ਬਹਿਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਦਾ ਸਰਬਪੱਖੀ ਵਿਕਾਸ ਹਮੇਸ਼ਾਂ ਹੀ ਉਨ੍ਹਾਂ ਦੀ ਪਹਿਲੀ ਤਰਜੀਹ ਰਹੀ ਹੈ ਅਤੇ ਉਹ ਹਲਕੇ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦੇਣਗੇ।
ਇਸ ਮੌਕੇ ਪਿੰਡ ਸੁੱਖਾ ਬਥਵਾਲਾ ਦੇ ਸਰਪੰਚ ਕਮਲਦੀਪ, ਅਕਾਸ਼ਦੀਪ, ਨੰਬਰਦਾਰ ਰਣਜੀਤ ਸਿੰਘ ਹੇਮਰਾਜਪੁਰ, ਸਕੱਤਰ ਪਾਹੁਲ ਤੁੱਲੀ, ਸਰਪੰਚ ਪਵਨ ਕੁਮਾਰ ਹੱਲਾ, ਸਰਪੰਚ ਬਿੱਟੂ ਭੱਠਾ ਕਾਲੋਨੀ ਤੋਂ ਇਲਾਵਾ ਪਿੰਡ ਸੁੱਖਾ ਬਥਾਵਾਲਾ ਦੀ ਸਮੁੱਚੀ ਪੰਚਾਇਤ ਤੇ ਇਲਾਕੇ ਦੇ ਹੋਰ ਮੁਹਤਬਰ ਵੀ ਹਾਜ਼ਰ ਸਨ।