ਬਰਨਾਲਾ, 8 ਜੁਲਾਈ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸੂਬੇ ਵਿੱਚ ਐੱਸ ਸੀ ਭਾਈਚਾਰੇ ਦੀ ਭਲਾਈ ਅਤੇ ਹੱਕਾਂ ਦੀ ਬਹਾਲੀ ਲਈ ਵਚਨਬੱਧ ਹੈ।
ਇਹ ਪ੍ਰਗਟਾਵਾ ਕਰਦੇ ਹੋਏ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ. ਰੁਪਿੰਦਰ ਸਿੰਘ ਸੀਤਲ ਨੇ ਦੱਸਿਆ ਕਿ ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਓਨ੍ਹਾਂ ਨੂੰ 8 ਜ਼ਿਲ੍ਹਿਆਂ ਬਰਨਾਲਾ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਮਾਨਸਾ ਅਤੇ ਬਠਿੰਡਾ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਜਿੱਥੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਿਸੇ ਵੀ ਅਨੁਸੂਚਿਤ ਜਾਤੀ ਭਾਈਚਾਰੇ ਦੇ ਵਿਅਕਤੀ ਨਾਲ ਕਿਸੇ ਤਰ੍ਹਾਂ ਦੀ ਵਧੀਕੀ ਨਾ ਹੋਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਐੱਸ ਸੀ ਭਾਈਚਾਰੇ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋੜਵੰਦ ਵਿਅਕਤੀ ਸਕੀਮਾਂ ਦਾ ਲਾਭ ਲੈ ਸਕਣ ਜਿਵੇਂ ਕਿ ਆਸ਼ੀਰਵਾਦ ਸਕੀਮ, ਅੱਤਿਆਚਾਰ ਰੋਕਥਾਮ ਐਕਟ 1989, ਸਕਾਲਰਸ਼ਿਪ ਸਕੀਮ, ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਚਲਾਈਆਂ ਜਾ ਰਹੀਆਂ ਰੋਜ਼ਗਾਰ ਸਕੀਮਾਂ, ਕਰਜ਼ਾ ਸਕੀਮਾਂ ਆਦਿ।
ਉਨ੍ਹਾਂ ਕਿਹਾ ਕਿ ਐੱਸ ਸੀ ਭਾਈਚਾਰੇ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਜੇਕਰ ਕੋਈ ਦਿੱਕਤ ਪੇਸ਼ ਆਉਂਦੀ ਹੈ ਜਾਂ ਕਿਸੇ ਵਧੀਕੀ ਦਾ ਸ਼ਿਕਾਰ ਹੈ ਤਾਂ ਉਹ ਉਨ੍ਹਾਂ ਰਾਹੀਂ ਕਮਿਸ਼ਨ ਤੱਕ ਪਹੁੰਚ ਕਰ ਸਕਦਾ ਹੈ ਤਾਂ ਜੋ ਕਿ ਉਸ ਧਿਰ ਨੂੰ ਇਨਸਾਫ਼ ਦਿਵਾਇਆ ਜਾ ਸਕੇ।
