ਸਰਦੂਲਗੜ੍ਹ/ਮਾਨਸਾ, 19 ਜੁਲਾਈ:
ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਏ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ‘ ਹਲਕਾ ਸਰਦੂਲਗੜ੍ਹ ਦੇ ਪਿੰਡ ਮੀਰਪੁਰ ਖੁਰਦ,ਢਾਣੀ ਫੂਸਮੰਡੀ ਅਤੇ ਪਿੰਡ ਟਿੱਬੀ ਹਰੀ ਸਿੰਘ ਵਿਖੇ ਨਸ਼ਾ ਮੁਕਤੀ ਯਾਤਰਾ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਹਰ ਨਾਗਰਿਕ ਨੂੰ ਆਪਣਾ ਫਰਜ਼ ਸਮਝਦਿਆਂ ਸਹਿਯੋਗ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਨਸ਼ਾ ਨਾ ਕਰਨ ਅਤੇ ਨਾ ਹੀ ਵਿਕਣ ਦੇਣ ਦੀ ਸਹੁੰ ਖਾਂਦਿਆਂ ਸਾਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਇਸ ‘ਤੇ ਅਮਲ ਕਰਾਂਗੇ ਅਤੇ ਪਿੰਡਾਂ ਦੀ ਪਹਿਰੇਦਾਰੀ ਕਰਾਂਗੇ।
ਵਿਧਾਇਕ ਨੇ ਕਿਹਾ ਕਿ ਸਿਹਤ ਵਿਭਾਗ, ਪੰਚਾਇਤ ਵਿਭਾਗ, ਸਹਿਕਾਰਤਾ ਵਿਭਾਗ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਾਹਿਰਾਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਨਸ਼ਾ ਮੁਕਤ ਸਮਾਜ ਦੀ ਪ੍ਰਾਪਤੀ ਲਈ ਜਨਤਕ ਭਾਗੀਦਾਰੀ ਦੀ ਮਹੱਤਵਪੂਰਨ ਲੋੜ ਹੈ।
ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੇ ਹਰ ਇੱਕ ਨਾਗਰਿਕ ਨੂੰ ਇਸ ਮਿਸ਼ਨ ‘ਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦੇ ਹਾਂ ਤਾਂ ਜੋ ਗੁਰੂਆਂ, ਪੀਰਾਂ ਤੇ ਸ਼ਹੀਦਾਂ ਦੀ ਧਰਤੀ ਪੰਜਾਬ ਨੂੰ ਮੁੜ ਨਸ਼ਾ ਮੁਕਤ ਬਣਾਇਆ ਜਾ ਸਕੇ।
ਇਸ ਮੌਕੇ ਸਰਪੰਚ ਸਾਹਿਬਾਨ,ਸਮੂਹ ਪੰਚਾਇਤ ਮੈਂਬਰ,ਪਾਰਟੀ ਅਤੇ ਪਿੰਡ ਦੇ ਅਹੁਦੇਦਾਰ ਸਾਹਿਬਾਨ ,ਵਰਕਰ ਅਤੇ ਪਿੰਡ ਵਾਸੀ ਮੌਜੂਦ ਸਨ।