ਡੇਰਾ ਬਾਬਾ ਨਾਨਕ/ਗੁਰਦਾਸਪੁਰ, 28 ਜੁਲਾਈ ( ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਬੋਹੜ ਵਡਾਲਾ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ!
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਜੇਕਰ ਤੁਹਾਡੇ ਪਿੰਡ ਜਾਂ ਇਲਾਕੇ ਵਿੱਚ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਹ ਬੇਝਿਜਕ ਹੋ ਕੇ ਪੁਲਿਸ ਵਿਭਾਗ, ਉਨ੍ਹਾਂ ਨੂੰ ਜਾਂ ਫਿਰ ਪੰਜਾਬ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 97791-00200 ‘ਤੇ ਇਤਲਾਹ ਕਰਨ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਤੇ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਉਨ੍ਹਾਂ ਕਿਹਾ ਕਿ ਜੋ ਲੋਕ ਕਿਸੇ ਕਾਰਨ ਨਸ਼ਿਆਂ ਦੀ ਭੈੜੀ ਗ੍ਰਿਫ਼ਤ ਵਿੱਚ ਆ ਗਏ ਹਨ, ਉਨ੍ਹਾਂ ਦਾ ਨਸ਼ਾ ਛੁਡਵਾਉਣ ਲਈ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰ ਸਥਾਪਿਤ ਕੀਤੇ ਗਏ ਹਨ ਜਿੱਥੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ, ਖਾਣਾ, ਰਹਿਣ ਸਹਿਣ ਆਦਿ ਸਾਰੇ ਪ੍ਰਬੰਧ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਛੱਡਣ ਦੇ ਚਾਹਵਾਨ ਯੁਵਕ ਵੀ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ ਤਾਂ ਜੋ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਖ਼ਾਤਮੇ ਵਿੱਚ ਆਪਣਾ ਸਾਥ ਦੇਣ ਦੀ ਸਹੁੰ ਵੀ ਚੁਕਾਈ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਵੀ ਹਾਜ਼ਰ ਸਨ।