
ਕਲਾਨੌਰ/ਗੁਰਦਾਸਪੁਰ, 08 ਅਗਸਤ ( ) – ਪੰਜਾਬ ਸਰਕਾਰ ਵੱਲੋਂ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚ ਵਿਭਿੰਨਤਾ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿਚ ਕਿਸਾਨਾਂ ਵੱਲੋਂ ਕਾਸ਼ਤ ਕੀਤੀ ਗਈ ਸਾਉਣੀ ਰੁੱਤ ਦੀ ਮੱਕੀ ਦੀ ਪਹਿਲੀ ਵੈਰੀਫਿਕੇਸ਼ਨ ਦਾ ਕੰਮ 10 ਅਗਸਤ ਤੱਕ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਸ ਤੋਂ ਬਾਅਦ 15 ਅਗਸਤ ਤੋਂ ਬਾਅਦ ਦੂਜੀ ਵੈਰੀਫਿਕੇਸ਼ਨ ਦਾ ਕੰਮ ਮੁਕੰਮਲ ਕਰਨ ਉਪਰੰਤ ਮੱਕੀ ਕਾਸ਼ਤਕਾਰਾਂ ਦੇ ਖਾਤਿਆਂ ਵਿਚ ਪੈਸੇ ਪਾ ਦਿੱਤੇ ਜਾਣਗੇ। ਖੇਤੀਬਾੜੀ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਵੈਰੀਫਿਕੇਸ਼ਨ ਦੇ ਕੰਮ ਦਾ ਜਾਇਜ਼ਾ ਲੈਣ ਲਈ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਵੱਲੋਂ ਬਲਾਕ ਕਲਾਨੌਰ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਾ. ਦਿਲਰਾਜ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਡਾ. ਅਰਪਨਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਅੰਮ੍ਰਿਤ ਪਾਲ ਕੌਰ, ਰਵਿੰਦਰ ਕੌਰ ਖੇਤੀਬਾੜੀ ਵਿਸਥਾਰ ਅਫ਼ਸਰ, ਗੁਰਪ੍ਰਤਾਪ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ ਅਤੇ ਕਿਸਾਨ ਹਾਜ਼ਰ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਝੋਨੇ ਦੀ ਕਾਸ਼ਤ ਕਰਨ ਨਾਲ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ ਜਿਸ ਕਾਰਨ ਭਵਿੱਖ ਵਿਚ ਖੇਤੀ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਭਵਿੱਖ ਦੀ ਖੇਤੀ ਨੂੰ ਟਿਕਾਊ ਬਣਾਉਣ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਚ 1054 ਹੈੱਕ. ਰਕਬਾ ਝੋਨੇ ਦੀ ਖੇਤੀ ਹੇਠੋਂ ਕੱਢ ਕੇ ਮੱਕੀ ਦੀ ਕਾਸ਼ਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਜੋ ਕਿਸਾਨ ਝੋਨੇ ਦੀ ਖੇਤੀ ਕਰਨ ਦੀ ਬਿਜਾਏ ਸਾਉਣੀ ਰੁੱਤ ਵਾਲੀ ਮੱਕੀ ਦੀ ਕਾਸ਼ਤ ਕਰੇਗਾ, ਉਨ੍ਹਾਂ ਨੂੰ ਪ੍ਰਤੀ ਹੈੱਕ 17500/- ਰੁਪਏ ਬਤੌਰ ਪ੍ਰੋਤਸਾਹਨ ਰਾਸ਼ੀ ਵਜੋਂ ਸਿੱਧੇ ਬੈਂਕ ਖਾਤਿਆਂ ਵਿਚ ਦਿੱਤੇ ਜਾਣਗੇ। ਉਨ੍ਹਾਂ ਨੂੰ ਦੱਸਿਆ ਕਿ ਇਸ ਵਾਰ ਪੰਜਾਬ ਸਰਕਾਰ ਵੱਲੋਂ ਮੱਕੀ ਦੀ ਖ਼ਰੀਦ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਮੱਕੀ ਦੀ ਖ਼ਰੀਦ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਮੱਕੀ ਦੀ ਖ਼ਰੀਦ ਘੱਟੋ ਘੱਟ ਸਮਰਥਨ ਮੁੱਲ ਤੇ ਕਰਨ ਨੂੰ ਯਕੀਨੀ ਬਣਾਏਗੀ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਅਤੇ ਖੇਤੀਬਾੜੀ ਅਧਿਕਾਰੀਆਂ ਵਿਚ ਤਾਲਮੇਲ ਵਧਾਉਣ ਲਈ ਪਿੰਡਾਂ ਦੇ ਅਗਾਂਹਵਧੂ ਨੌਜਵਾਨ ਬਤੌਰ ਕਿਸਾਨ ਮਿੱਤਰ ਨਿਯੁਕਤ ਕੀਤੇ ਗਏ ਹਨ ਜੋ ਮੱਕੀ ਕਾਸ਼ਤਕਾਰਾਂ ਅਤੇ ਖੇਤੀ ਅਧਿਕਾਰੀਆਂ ਵਿਚਕਾਰ ਇੱਕ ਕੜੀ ਦਾ ਕੰਮ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਇਥਾਨੋਲ਼ ਦੀ ਮੰਗ ਦਿਨੋਂ ਦਿਨ ਵਧ ਰਹੀ ਹੈ ਅਤੇ ਏਥਾਨੋਲ਼ ਮੱਕੀ ਜਾਂ ਚੌਲਾਂ ਦੇ ਟੋਟੇ ਤੋਂ ਹੀ ਬਣਾਇਆ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੈਟਰੋਲ ਵਿਚ 20 ਫ਼ੀਸਦੀ ਏਥਾਨੋਲ ਮਿਲਾ ਕੇ ਗੱਡੀਆਂ ਵਿਚ ਵਰਤਣਾ ਲਾਜ਼ਮੀ ਕਰ ਦਿੱਤਾ ਹੈ ਇਸ ਲਈ ਮੱਕੀ ਦੀ ਮੰਗ ਨੂੰ ਪੂਰਿਆਂ ਕਰਨ ਲਈ ਮੱਕੀ ਹੇਠ ਰਕਬਾ ਵਧਾਉਣ ਦੀ ਜ਼ਰੂਰਤ ਹੈ। ਸਮੂਹ ਕਿਸਾਨ ਵੀਰਾਂ ਜਿੰਨਾ ਮੱਕੀ ਦੀ ਕਾਸ਼ਤ ਕੀਤੀ ਹੈ, ਨੂੰ ਬੇਨਤੀ ਹੈ ਕਿ ਉਹ ਖੇਤੀਬਾੜੀ ਅਧਿਕਾਰੀਆਂ ਨਾਲ ਸੰਪਰਕ ਕਰਕੇ ਵੈਰੀਫਿਕੇਸ਼ਨ ਕਰਵਾਉਣ ਦਾ ਕੰਮ 10 ਅਗਸਤ ਤੱਕ ਮੁਕੰਮਲ ਕਰਵਾਉਣ ਤਾਂ ਜੋ ਸਮੇਂ ਸਿਰ ਖਾਤਿਆਂ ਵਿਚ ਪ੍ਰੋਤਸਾਹਨ ਰਾਸ਼ੀ ਪਾਈ ਜਾ ਸਕੇ।