ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਅਧਿਕਾਰੀ ਸਰਗਰਮ ਭੂਮਿਕਾ ਨਿਭਾਉਣ- ਬਾਲ ਕ੍ਰਿਸ਼ਨ ਗੋਇਲ

ਸੰਗਰੂਰ, 12 ਅਗਸਤ (000) : ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਸ੍ਰੀ ਬਾਲ ਕ੍ਰਿਸ਼ਨ ਗੋਇਲ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਮਨੁੱਖੀ ਅਧਿਕਾਰਾਂ ਸਬੰਧੀ ਜਾਗਰੂਕਤਾ ਲਈ ਸਰਗਰਮ ਭੂਮਿਕਾ ਨਿਭਾਉਣ ਸੱਦਾ ਦਿੱਤਾ ਹੈ।

ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰ ਸੁਖਚੈਨ ਸਿੰਘ ਪਪੜਾ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਵੱਖ-ਵੱਖ ਜ਼ਿਲ੍ਹਿਆਂ ਵਿਚ ਜਾ ਕੇ ਮਨੁੱਖੀ ਅਧਿਕਾਰਾਂ ਦੀ ਰਾਖੀ ਬਾਰੇ ਜਾਣੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਅਧਿਕਾਰੀਆਂ ਨੂੰ ਸਿਖਲਾਈ ਵੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਉਣ ਦੀ ਆਸਾਨ ਵਿਧੀਆਂ ਬਾਰੇ ਵੀ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਕੋਲ ਸ਼ਿਕਾਇਤ ਲਈ ਨਾ ਹੀ ਕੋਈ ਫੀਸ ਹੈ ਤੇ ਨਾ ਹੀ ਕੋਈ ਵਕੀਲ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਸੰਭਾਵੀ ਤੌਰ ‘ਤੇ ਮਨੁੱਖੀ ਅਧਿਕਾਰਾਂ ਬਾਰੇ ਸੰਵੇਦਨਸ਼ੀਲ ਥਾਵਾਂ ਜਿਵੇਂ ਕਿ ਹਸਪਤਾਲ, ਜੇਲ੍ਹ, ਥਾਣੇ ਅਤੇ ਸਕੂਲਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਸੀਨੀਅਰ ਸਿਟੀਜ਼ਨ ਅਤੇ ਬਾਲਾਂ ਦੇ ਅਧਿਕਾਰਾਂ ਦੀ ਰਾਖੀ ਵੱਲ ਵਿਸ਼ੇਸ਼ ਧਿਆਨ ਦੇਣ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਸੀਨੀਅਰ ਸਿਟੀਜ਼ਨ ਅਤੇ ਬੱਚਿਆਂ ਬਾਰੇ ਆਪਣਾ ਵਿਵਹਾਰ ਹਮਦਰਦੀ ਵਾਲਾ ਰੱਖਣਾ ਚਾਹੀਦਾ ਹੈ।

ਉਨ੍ਹਾਂ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਫੈਕਟਰੀਆਂ ਵਿਚ ਬਾਲ ਮਜ਼ਦੂਰੀ ਰੋਕਣ ਲਈ ਹੋਰ ਸਰਗਰਮ ਹੋਣ ਦੇ ਹੁਕਮ ਦਿੱਤੇ। ਇਸ ਤੋਂ ਇਲਾਵਾ ਸਕੂਲਾਂ ਵਿਚ ਪੀਣ ਵਾਲੇ ਪਾਣੀ ਦੀ ਲਗਾਤਾਰ ਜਾਂਚ ਅਤੇ ਕੇਂਦਰੀ ਜੇਲ੍ਹ ਵਿਚ ਬੰਦ ਬੱਚਿਆਂ ਦੀ ਭਲਾਈ ਲਈ ਵਿਸ਼ੇਸ਼ ਕਦਮ ਚੁੱਕਣ ਦੀ ਲੋੜ ਉਤੇ ਜ਼ੋਰ ਦਿੱਤਾ।

ਇਸ ਤੋਂ ਪਹਿਲਾਂ ਉਨ੍ਹਾਂ ਸਬ ਡਵੀਜ਼ਨਲ ਹਸਪਤਾਲ ਸੁਨਾਮ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਜੱਚਾ-ਬੱਚਾ ਕੇਂਦਰ, ਓਪੀਡੀ., ਫਾਰਮੈਸੀ ਵਿਖੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਬਾਲ ਭਲਾਈ ਕੌਂਸਲ ਦੇ ਮੈਂਬਰਾਂ ਨੂੰ ਹੋਰ ਸਰਗਰਮ ਭੂਮਿਕਾ ਨਿਭਾਉਣ ਦਾ ਵੀ ਸੱਦਾ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਸਰਕਾਰੀ ਸਕੂਲ ਸੁਨਾਮ, ਆਂਗਨਵਾੜੀ ਕੇਂਦਰ ਅਕੋਈ ਸਾਹਿਬ ਅਤੇ ਹੋਰ ਖੇਤਰਾਂ ਦਾ ਵੀ ਦੌਰਾ ਕਰਕੇ ਮਨੁੱਖੀ ਅਧਿਕਾਰਾਂ ਲਈ ਚੁੱਕੇ ਜਾ ਰਹੇ ਕਦਮਾਂ ਦੀ ਸਮੀਖਿਆ ਕੀਤੀ।

ਵਧੀਕ ਡਿਪਟੀ ਕਮਿਸ਼ਨਰ ਨੇ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਨੂੰ ਭਰੋਸਾ ਦਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਯਕੀਨੀ ਬਣਾਈ ਜਾਵੇਗੀ।


Posted

in

,

by

Tags:

Comments

Leave a Reply

Your email address will not be published. Required fields are marked *