ਬਰੇਟਾ/ਮਾਨਸਾ 18 ਸਤੰਬਰ : ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਅਤੇ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰ ਬੁੱਧ ਰਾਮ ਵੱਲੋਂ ਅੱਜ ਬਰੇਟਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖ਼ਰੀਦ ਦੌਰਾਨ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।
ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਮੰਡੀਆਂ ਅੰਦਰ ਪ੍ਰਬੰਧਾਂ ਵਿਚ ਕੋਈ ਕਮੀ ਨਾ ਆਵੇ ਤਾਂ ਜੋ ਖਰੀਦ ਪ੍ਰਕਿਰਿਆ ਸੁਖਾਲੇ ਢੰਗ ਨਾਲ ਨੇਪਰੇ ਚੜ੍ਹ ਸਕੇ।
ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ ਇਕ ਦਾਣਾ ਖਰੀਦਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ ,ਅਦਾਇਗੀ ਜਾਂ ਲਿਫਟਿੰਗ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨ ਭਰਾਵਾਂ ਨੂੰ ਖ੍ਰੀਦ ਕੀਤੇ ਝੋਨੇ ਦੀ ਸਮੇਂ ਸਿਰ ਅਦਾਇਗੀ ਕੀਤੀ ਜਾਵੇਗੀ। ਇਸ ਮੌਕੇ ਡਾ. ਗੁਰਲੀਨ ਕੌਰ (ਅੰਡਰ ਟਰੇਨਿੰਗ) ਆਈ.ਏ.ਐਸ., ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ, ਜ਼ਿਲ੍ਹਾ ਮੰਡੀ ਅਫ਼ਸਰ ਅਮਨ ਮੰਗਲਾ ਮੌਜੂਦ ਸਨ।
