ਫਰੀਦਕੋਟ 12 ਅਕਤੂਬਰ,2025 ( )
ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾ ਰਹੀ ।
ਉਨ੍ਹਾਂ ਦੱਸਿਆ ਕਿ ਬੀਤੀਂ ਸ਼ਾਮ ਤੱਕ ਜਿਲ੍ਹੇ ਦੀਆਂ ਮੰਡੀਆਂ ਵਿੱਚ 38474 ਮੀਟਰਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 33637 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ । ਉਨ੍ਹਾਂ ਕਿਹਾ ਕਿ ਕੱਲ ਸ਼ਾਮ ਖਰੀਦੇ ਗਏ ਝੋਨੇ ਵਿੱਚੋਂ 14043 ਮੀਟਰਕ ਟਨ ਝੋਨਾ ਪਨਗ੍ਰੇਨ ਨੇ, 9780 ਮੀਟਰਕ ਟਨ ਝੋਨਾ ਮਾਰਕਫੈੱਡ ਨੇ, 5212 ਮੀਟਰਕ ਟਨ ਝੋਨਾ ਪਨਸਪ, 4404 ਮੀਟਰਕ ਟਨ ਝੋਨਾ ਪੰਜਾਬ ਰਾਜ ਗੋਦਾਮ ਨਿਗਮ ਅਤੇ 198 ਮੀਟਰਕ ਟਨ ਝੋਨਾ ਪ੍ਰਾਈਵੇਟ ਵਪਾਰੀਆਂ ਨੇ ਖਰੀਦਿਆ ਹੈ। ਕਿਸਾਨਾਂ ਨੂੰ ਹੁਣ ਤੱਕ 56.64 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਜੇਕਰ ਕੋਈ ਉਨ੍ਹਾਂ ਦੇ ਆਸ ਪਾਸ ਵੀ ਕਿਸਾਨ ਅੱਗ ਲਗਾਉਂਦਾ ਹੈ ਤਾਂ ਉਸ ਨੂੰ ਵੀ ਰੋਕ ਕੇ ਜਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣ।
ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਲਗਾਤਾਰ ਪ੍ਰਦੂਸ਼ਿਤ ਹੋ ਰਿਹਾ ਹੈ। ਇਸ ਨਾਲ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਪੈਦਾ ਹੁੰਦੀਆਂ ਹਨ, ਜੋ ਸਾਡੀ ਸਿਹਤ ਲਈ ਬਹੁਤ ਹਾਨੀਕਾਰਕ ਹੁੰਦੀਆਂ ਹਨ। ਜੇਕਰ ਇਸ ਤਰ੍ਹਾਂ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਵਿੱਚ ਕੋਈ ਪਰੇਸ਼ਾਨੀ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਦਾ ਸਮਾਂ ਸਵੇਰੇ 10:00 ਤੋਂ ਸਾਮ: 06:00 ਵਜੇ ਤੱਕ ਦਾ ਨਿਰਧਾਰਿਤ ਕੀਤਾ ਗਿਆ ਉਨ੍ਹਾਂ ਹੁਕਮਾਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇ।
