ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ “ਮੁੱਖ ਮੰਤਰੀ ਸਿਹਤ ਯੋਜਨਾ” ਕਾਰਡ ਜਾਰੀ ਕਰਨ ਲਈ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਕੀਤਾ ਦੌਰਾ

ਮਾਨਸਾ, 14 ਫਰਵਰੀ:

ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਜ਼ਿਲ੍ਹੇ ਵਿੱਚ “ਮੁੱਖ ਮੰਤਰੀ ਸਿਹਤ ਯੋਜਨਾ” ਕਾਰਡ ਜਾਰੀ ਕਰਨ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਭੀਖੀ ਅਤੇ ਖਿਆਲਾ ਵਿਖੇ ਲੱਗੇ ਕੈਂਪਾਂ ਦੇ ਦੌਰੇ ਮੌਕੇ ਉਨ੍ਹਾਂ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ, ਲਾਭਪਾਤਰੀਆਂ ਲਈ ਸਹੂਲਤਾਂ ਅਤੇ ਸਟਾਫ ਦੁਆਰਾ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਮੌਜੂਦ ਨਾਗਰਿਕਾਂ ਨਾਲ ਵੀ ਗੱਲਬਾਤ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਲਾਗੂ ਕੀਤੀ ਜਾ ਰਹੀ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਉਦੇਸ਼ ਹਰੇਕ ਨਾਗਰਿਕ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨਾ ਹੈ। ਇਸ ਯੋਜਨਾ ਦੇ ਤਹਿਤ ਹਰੇਕ ਯੋਗ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਪ੍ਰਦਾਨ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਲਗਾਏ ਗਏ ਕੈਂਪਾਂ ਰਾਹੀਂ ਲਾਭਪਾਤਰੀ ਕਾਰਡ ਬਣਾਏ ਜਾ ਰਹੇ ਹਨ ਅਤੇ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ ਤਾਂ ਜੋ ਕੋਈ ਵੀ ਯੋਗ ਵਿਅਕਤੀ ਇਸ ਯੋਜਨਾ ਦੇ ਲਾਭਾਂ ਤੋਂ ਵਾਂਝਾ ਨਾ ਰਹੇ।

ਨਾਗਰਿਕਾਂ ਨੂੰ ਇਸ ਯੋਜਨਾ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਦੋਵਾਂ ਵਿੱਚ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਾਰਡ ਬਣਾਉਣ ਲਈ ਆਧਾਰ ਅਤੇ ਵੋਟਰ ਆਈ.ਡੀ ਕਾਰਡ ਜ਼ਰੂਰੀ ਹਨ, ਜਦੋਂ ਕਿ ਨਾਬਾਲਗ ਬੱਚਿਆਂ ਦੀ ਰਜਿਸਟ੍ਰੇਸ਼ਨ ਲਈ ਜਨਮ ਸਰਟੀਫਿਕੇਟ ਜ਼ਰੂਰੀ ਹਨ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਿਹਤ ਕਾਰਡ ਬਣਾਉਣ ਲਈ ਇਨ੍ਹਾਂ ਕੈਂਪਾਂ ਵਿੱਚ ਜਾਣ ਅਤੇ ਰਾਜ ਸਰਕਾਰ ਦੀ ਇਸ ਲੋਕ ਭਲਾਈ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ।


Posted

in

,

by

Comments

Leave a Reply

Your email address will not be published. Required fields are marked *