ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਫਿੱਡੇ ਕਲਾਂ ਵਿਖੇ ਬਕਾਇਆ ਇੰਤਕਾਲ ਨਿਪਟਾਰੇ ਮੁਹਿੰਮ ਦਾ ਆਗਾਜ਼

ਕੋਟਕਪੂਰਾ 20 ਮਾਰਚ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਹਲਕੇ ਦੇ ਪਿੰਡ ਫਿੱਡੇ ਕਲਾਂ ਦੀ ਸੱਥ ਵਿੱਚ ਬਕਾਇਆ ਇੰਤਕਾਲਾਂ ਦੇ ਨਿਪਟਾਰੇ ਸਬੰਧੀ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਦੇ ਜਮੀਨੀ ਮਾਮਲਿਆਂ ਨੂੰ ਲੰਬਿਤ ਨਹੀਂ ਰੱਖਿਆ ਜਾਵੇਗਾ ਅਤੇ ਇੰਤਕਾਲਾਂ ਦੇ ਕੇਸਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇਗਾ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਨੂੰ ਆਸਾਨ ਅਤੇ ਪਾਰਦਰਸ਼ੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਬਕਾਇਆ ਇੰਤਕਾਲਾਂ ਦੇ ਮਾਮਲਿਆਂ ਦਾ ਜਲਦੀ ਨਿਪਟਾਰਾ ਕਰਨ ਲਈ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਕੁਝ ਇੰਤਕਾਲ ਬਾਕੀ ਹਨ, ਜੋ ਨਹੀਂ ਕੀਤੇ ਗਏ ਅਤੇ ਹੁਣ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਪਿੰਡਾਂ ਦੀਆਂ ਸੱਥਾਂ ਵਿੱਚ ਆ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਹਿਲਾ ਵੀ 400 ਦੇ ਕਰੀਬ ਇੰਤਕਾਲ ਕੀਤੇ ਗਏ ਹਨ ਅਤੇ ਜੋ ਰਹਿੰਦੇ ਹਨ ਉਹ ਵੀ ਜਲਦੀ ਪੂਰੇ ਹੋ ਜਾਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦਾ ਸਰਕਾਰ ਵਿੱਚ ਵਿਸ਼ਵਾਸ਼ ਹੋਰ ਪੈਦਾ ਹੋਵੇਗਾ ਅਤੇ ਉਨ੍ਹਾਂ ਦੀ ਦਫਤਰਾਂ ਵਿੱਚ ਹੁੰਦੀ ਲੁੱਟ ਵੀ ਬੰਦ ਹੋਵੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਹੁਣ ਰਿਵੈਨਿਊ ਅਧਿਕਾਰੀ ਮੈਦਾਨ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਮੌਕੇ ‘ਤੇ ਹੀ ਇੰਤਕਾਲਾਂ ਦੇ ਕੇਸ ਨਿਪਟਾਉਣ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਪੀਕਰ ਸ. ਸੰਧਵਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜਮੀਨੀ ਦਸਤਾਵੇਜ਼ ਪੂਰੇ ਰੱਖਣ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਦੇ ਹੋਏ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਪਾਉਣ।

ਇਸ ਮੌਕੇ ਨਾਇਬ ਤਹਿਸੀਲਦਾਰ ਸ. ਗੁਰਚਰਨ ਸਿੰਘ, ਸ੍ਰੀ ਮਨਦੀਪ ਮੌਗਾ ਸੈਕਟਰੀ ਰੈੱਡ ਕਰਾਸ, ਸ. ਅੰਮ੍ਰਿਤਪਾਲ ਸਿੰਘ ਸਰਪੰਚ, ਸ. ਸੁਖਦੇਵ ਸਿੰਘ, ਸ. ਭੋਲਾ ਸਿੰਘ, ਸ. ਸ਼ਿਵਜੀਤ ਸਿੰਘ ਤੋਂ ਇਲਾਵਾ ਰੈਵੀਨਿਊ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।


Posted

in

, ,

by

Comments

Leave a Reply

Your email address will not be published. Required fields are marked *