ਬਰਨਾਲਾ, 6 ਅਪ੍ਰੈਲ
ਪੰਜਾਬ ਸਰਕਾਰ ਵਲੋਂ ਪ੍ਰਤੀ ਪਰਿਵਾਰ 10 ਲੱਖ ਸਾਲਾਨਾ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦੇਣ ਲਈ ਚਲਾਈ ਜਾ ਰਹੀ “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਕਾਰਡ ਬਣਾਉਣ ਲਈ ਲੱਗ ਰਹੇ ਕੈਂਪਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਕਾਰਡ ਬਣਾਉਣ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ।
ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਪਣੇ ਦਫ਼ਤਰ ‘ਚ “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਮੀਟਿੰਗ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਦਿੱਤੇ। ਇਸ ਮੌਕੇ ਉਹਨਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਇਸ ਯੋਜਨਾ ਤਹਿਤ ਹੁਣ ਤਕ 89112 ਵਿਅਕਤੀਆਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਰਜਿਸਟ੍ਰੇਸ਼ਨ ਵਾਸਤੇ ਪਿੰਡਾਂ ਅਤੇ ਸ਼ਹਿਰਾਂ ਵਿੱਚ 21 ਵਿਸ਼ੇਸ਼ ਕੈਂਪ ਲਗਾਤਾਰ ਚੱਲ ਰਹੇ ਹਨ, ਇਸ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ ਵਿਚ ਇਹ ਰਜਿਸਟ੍ਰੇਸ਼ਨ ਹੋ ਰਹੀ ਹੈ। ਓਹਨਾਂ ਕਿਹਾ ਕਿ ਕਾਮਨ ਸਰਵਿਸ ਸੈਂਟਰਾਂ ਵਿਚ ਇਹ ਰਜਿਸਟ੍ਰੇਸ਼ਨ ਦੀ ਦਰ ਨੂੰ ਹੋਰ ਵਧਾਇਆ ਜਾਵੇ ਤਾਂ ਜੋ ਸਾਰੇ ਯੋਗ ਲੋਕਾਂ ਦੀ ਰਜਿਸਟ੍ਰੇਸ਼ਨ ਕਰਕੇ ਓਹਨਾਂ ਨੂੰ ਲੋੜ ਅਨੁਸਾਰ ਸਿਹਤ ਸਹੂਲਤਾਂ ਦਾ ਲਾਭ ਦਿੱਤਾ ਜਾ ਸਕੇ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ ਔਜਲਾ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਸਿਵਲ ਹਸਪਤਾਲ ਬਰਨਾਲਾ, ਸਬ-ਡਵਿਜ਼ਨਲ ਹਸਪਤਾਲ ਤਪਾ, ਸੀ.ਐਚ.ਸੀ ਧਨੌਲਾ, ਸੀ.ਐਚ.ਸੀ ਮਹਿਲ ਕਲਾਂ, ਸੀ.ਐਚ.ਸੀ ਭਦੌੜ, ਸੀ.ਐਚ.ਸੀ ਚੰਨਣਵਾਲ ਤੋਂ ਇਲਾਵਾ 10 ਪ੍ਰਾਈਵੇਟ ਹਸਪਤਾਲ ਸੂਚੀਬੱਧ ਕੀਤੇ ਗਏ ਹਨ। ਓਹਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਆਸ਼ਾ ਵਰਕਰਾਂ ਰਾਹੀਂ ਜਿੱਥੇ ਲੋਕਾਂ ਨੂੰ ਇਸ ਯੋਜਨਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਓਥੇ ਯੋਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਵੀ ਕਰਵਾਈ ਜਾ ਰਹੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਵੇਲੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ, ਐੱਸ ਡੀ ਐੱਮ ਦਫ਼ਤਰ ਤਪਾ, ਐੱਸ ਡੀ ਐੱਮ ਦਫ਼ਤਰ ਮਹਿਲ ਕਲਾਂ ਦੇ ਵਿਸ਼ੇਸ਼ ਕੈਂਪਾਂ ਤੋਂ ਇਲਾਵਾ 21 ਪਿੰਡਾਂ/ਵਾਰਡਾਂ ਵਿਚ ਕੈਂਪ ਲਗਾਤਾਰ ਜਾਰੀ ਹਨ। ਇਸ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ ਵਿਚ ਵੀ ਕਾਰਡ ਬਣਾਉਣ ਦੀ ਸਹੂਲਤ ਹੈ। ਓਹਨਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਸਕੀਮ ਤਹਿਤ ਰਜਿਸਟ੍ਰੇਸ਼ਨ ਕਰਾਉਣ ਦੀ ਅਪੀਲ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ, ਐੱਸ ਡੀ ਐੱਮ ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
