ਤਰਨ ਤਾਰਨ, 24 ਮਈ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਅਮਲ ‘ਚ ਲਿਆਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਵੱਲੋਂ ਬੀਤੀ 23 ਮਈ ਨੂੰ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਦੀ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹਿਣ ਵਾਲੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਚੋਣ ਅਫਸਰ ਨੇ ਰਿਟਰਨਿੰਗ ਅਫ਼ਸਰ ਨਗਰ ਕੌਂਸਲ ਚੋਣਾਂ-ਕਮ-ਉਪ ਮੰਡਲ ਮੈਜਿਸਟ੍ਰੇਟ ਪੱਟੀ ਅਤੇ ਰਿਟਰਨਿੰਗ ਅਫ਼ਸਰ ਨਗਰ ਪੰਚਾਇਤ ਚੋਣਾਂ-ਕਮ -ਉਪ ਮੰਡਲ ਮੈਜਿਸਟ੍ਰੇਟ ਭਿੱਖੀਵਿੰਡ ਵੱਲੋਂ ਗੈਰ-ਹਾਜ਼ਰ ਰਹਿਣ ਵਾਲੇ ਚੋਣ ਕਰਮੀਆਂ ਦੀ ਲਿਸਟ ਉਨ੍ਹਾਂ ਦੇ ਵਿਭਾਗਾਂ ਦੇ ਮੁਖੀਆਂ ਨੂੰ ਭੇਜ ਕੇ ਲਿਖਿਆ ਹੈ ਕਿ ਸਬੰਧਤ ਕਰਮਚਾਰੀ ਚੋਣ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਹਨ, ਜੋ ਕਿ ਗੰਭਰਿਤਾ ਦਾ ਵਿਸ਼ਾ ਹੈ। ਇਸ ਲਈ ਉਹ ਆਪਣੇ ਅਧੀਨ ਆਉਂਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕਰਨ ਕਿ ਉਹ ਤੁਰੰਤ ਆਪਣੀ ਚੋਣ ਡਿਊਟੀ ‘ਤੇ ਹਾਜ਼ਰ ਹੋਣ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸਬੰਧ ਕਰਮਚਾਰੀਆਂ ਖ਼ਿਲਾਫ਼ ਲੋਕ ਪ੍ਰਤੀਨਿਧਤਾ ਐਕਟ 1951 ਅਧੀਨ ਅਨੁਸ਼ਾਸਨੀ ਕਾਰਵਾਈ ਆਰੰਭੀ ਜਾਵੇਗੀ ਅਤੇ ਸਬੰਧਤ ਕਰਮਚਾਰੀਆਂ ਖਿਲਾਫ਼ ਐਫ.ਆਈ.ਆਰ ਦਰਜ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਦੇ ਮੁਖੀ ਇਸ ਸਬੰਧੀ ਰਿਟਰਨਿੰਗ ਅਫ਼ਸਰ ਨਾਲ ਤਾਲਮੇਲ ਕਰਕੇ ਕਰਮਚਾਰੀਆਂ ਨੂੰ ਡਿਊਟੀ ‘ਤੇ ਹਾਜ਼ਰ ਕਰਵਾਉਣਾ ਯਕੀਨੀ ਬਣਾਉਣ। ਇਸ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਦੀ ਸੂਰਤ ਵਿੱਚ ਵਿਭਾਗ ਮੁਖੀ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਮੂਹ ਚੋਣ ਅਮਲੇ ਨੂੰ ਪਹਿਲਾਂ ਹੀ ਇਹ ਜਾਣੂੰ ਕਰਵਾ ਦਿੱਤਾ ਗਿਆ ਸੀ ਕਿ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹਿਣ ਵਾਲਿਆਂ ਖ਼ਿਲਾਫ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ ਅਤੇ ਇਸ ਦੇ ਬਾਵਜੂਦ ਜਿਹੜੇ ਅਧਿਕਾਰੀ ਅਤੇ ਕਰਮਚਾਰੀ ਗੈਰ-ਹਾਜ਼ਰ ਰਹੇ ਸਨ, ਉਨ੍ਹਾਂ ਨੂੰ ਨੋਟਿਸ ਭੇਜੇ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਆਉਂਦੀ 26 ਮਈ ਨੂੰ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਆਮ ਚੋਣਾਂ ਦੌਰਾਨ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਅਗਲੀ ਰਿਹਰਸਲ 25 ਮਈ ਨੂੰ ਸਬੰਧਿਤ ਰਿਟਰਨਿੰਗ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਰਿਹਰਸਲ ਦੌਰਾਨ ਵੀ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਗੈਰ-ਹਾਜ਼ਰ ਪਾਇਆ ਜਾਵੇਗਾ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਰਿਹਰਸਲ ਦੌਰਾਨ ਚੋਣ ਅਮਲੇ ਨੂੰ ਵੋਟਿੰਗ ਪ੍ਰਕਿਰਿਆ ਦੀਆਂ ਬਾਰੀਕੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾਂਦੀ ਹੈ, ਜਿਸ ‘ਚ ਸ਼ਾਮਲ ਹੋਣਾ ਅਤਿਅੰਤ ਜ਼ਰੂਰੀ ਹੁੰਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਦਾ ਸਮੁੱਚਾ ਅਮਲ ਸ਼ਾਂਤੀਪੂਰਵਕ, ਸੁਰੱਖਿਅਤ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।
