ਦਿੜ੍ਹਬਾ, 27 ਮਈ- ਵਿਧਾਨ ਸਭਾ ਹਲਕਾ ਦਿੜ੍ਹਬਾ ਅਧੀਨ ਪੈਂਦੇ ਪਿੰਡ ਚੰਗਾਲੀ ਵਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਦੇ 45 ਪਰਿਵਾਰਾਂ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਨ੍ਹਾਂ ਪਰਿਵਾਰਾਂ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ, ਇਮਾਨਦਾਰ ਪ੍ਰਸ਼ਾਸਨ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਾਫ਼-ਸੁਥਰੀ ਅਤੇ ਵਿਕਾਸਮੁਖੀ ਕਾਰਗੁਜ਼ਾਰੀ ’ਤੇ ਭਰੋਸਾ ਜਤਾਉਂਦਿਆਂ ਪਾਰਟੀ ਵਿੱਚ ਸ਼ਮੂਲੀਅਤ ਕੀਤੀ।
ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਫੁੱਲ ਮਾਲਾਵਾਂ ਪਾ ਕੇ ਅਤੇ ਸਿਰੋਪੇ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਸਬੰਧੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸ਼ਮੂਲੀਅਤ ਸਿਰਫ਼ ਇੱਕ ਰਾਜਨੀਤਿਕ ਘਟਨਾ ਨਹੀਂ, ਸਗੋਂ ਲੋਕਾਂ ਦੇ ਵਧਦੇ ਵਿਸ਼ਵਾਸ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ’ਤੇ ਮੋਹਰ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕ ਰਵਾਇਤੀ ਸਿਆਸਤ ਤੋਂ ਤੰਗ ਆ ਚੁੱਕੇ ਹਨ ਅਤੇ ਅੱਗੇ ਵੀ ਆਪ ਦੀ ਹੀ ਸਰਕਾਰ ਚਾਹੁੰਦੇ ਹਨ, ਜੋ ਲੋਕਾਂ ਨਾਲ ਖੜ੍ਹੀ ਰਹੇ ਅਤੇ ਜ਼ਮੀਨੀ ਪੱਧਰ ’ਤੇ ਕੰਮ ਕਰੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਆਮ ਲੋਕਾਂ ਦੀ ਆਵਾਜ਼ ਨੂੰ ਤਰਜੀਹ ਦਿੱਤੀ ਹੈ ਅਤੇ ਹਰ ਵਰਗ ਦੇ ਲੋਕਾਂ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਲੋਕਾਂ ਨੂੰ ਅਜਿਹੀ ਸਰਕਾਰ ਮਿਲੀ ਹੈ ਜਿਸ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕੀਤੇ ਹਨ। ਇਸੇ ਕਰਕੇ ਪੰਜਾਬ ਭਰ ਵਿੱਚ ਲੋਕ ਵੱਡੀ ਗਿਣਤੀ ਵਿੱਚ “ਆਪ” ਨਾਲ ਜੁੜ ਰਹੇ ਹਨ।
ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਲ ਹੋਏ ਹਰ ਪਰਿਵਾਰ ਅਤੇ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਹਲਕੇ ਦੇ ਵਿਕਾਸ ਲਈ ਸਾਰਿਆਂ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇਗਾ। ਦਿੜ੍ਹਬਾ ਹਲਕੇ ਵਿੱਚ ਵਿਕਾਸ ਅਤੇ ਲੋਕ ਸੇਵਾ ਦੀ ਇਹ ਲਹਿਰ ਹੋਰ ਤੇਜ਼ੀ ਨਾਲ ਅੱਗੇ ਵਧੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਲੋਕ ਆਮ ਆਦਮੀ ਪਾਰਟੀ ਨਾਲ ਜੁੜਣਗੇ।
ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦਿਆਂ ਸਿੱਖਿਆ, ਸਿਹਤ, ਬਿਜਲੀ ਸਬੰਧੀ, ਕਿਸਾਨੀ ਪੱਖੀ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੇ ਫ਼ੈਸਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਆ ਰਹੇ ਸੁਧਾਰ, ਆਮ ਲੋਕਾਂ ਲਈ ਮੁਫ਼ਤ ਇਲਾਜ ਦੀਆਂ ਸਹੂਲਤਾਂ, 600 ਯੂਨਿਟ ਮੁਫ਼ਤ ਬਿਜਲੀ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਯਤਨਾਂ ਨੇ ਲੋਕਾਂ ਵਿੱਚ ਨਵਾਂ ਵਿਸ਼ਵਾਸ ਪੈਦਾ ਕੀਤਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਕਾਰਨ ਹਲਕੇ ਦੇ ਲੋਕ ਆਪਣੇ ਆਪ ਨੂੰ ਸਰਕਾਰ ਨਾਲ ਜੁੜਿਆ ਮਹਿਸੂਸ ਕਰ ਰਹੇ ਹਨ।
ਪਿੰਡਾਂ ਵਿੱਚ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਸਿਹਤ ਅਤੇ ਸਿੱਖਿਆ ਨਾਲ ਸਬੰਧਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਉਨ੍ਹਾਂ ਵੱਲੋਂ ਸ਼ਲਾਘਾ ਕੀਤੀ ਗਈ।
