ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਇਆ ਜਾ ਸਕੇਗਾ

ਚੰਡੀਗੜ੍ਹ, 1 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਪ੍ਰਸ਼ਾਸਨਿਕ ਰੁਕਾਵਟਾਂ ਦੂਰ ਹੋਣਗੀਆਂ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐਸ.ਆਈ.ਆਰ.) ਨੂੰ ਸੁਚਾਰੂ ਅਤੇ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜ੍ਹਨ ਵਿੱਚ ਮਦਦ ਮਿਲੇਗੀ ਅਤੇ ਚੋਣਾਂ ਨਾਲ ਸਬੰਧਤ ਕਾਰਜਾਂ ਲਈ ਲੋੜੀਂਦਾ ਸਟਾਫ਼ ਯਕੀਨੀ ਬਣਾਉਣ ਲਈ ਖਾਲੀ ਪਈਆਂ ਮਹੱਤਵਪੂਰਨ ਅਸਾਮੀਆਂ ਨੂੰ ਭਰਨ ਲਈ ਰਾਹ ਪੱਧਰਾ ਹੋਵੇਗਾ। ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ ਦੀ ਸਾਲ 2025-26 ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਫੈਸਲੇ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ।
ਇਸ ਫੈਸਲੇ ਦੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਚੋਣ ਕਾਨੂੰਨਗੋ ਦੀ ਅਸਾਮੀ ਤੋਂ ਚੋਣ ਤਹਿਸੀਲਦਾਰ ਵਜੋਂ ਤਰੱਕੀ ਲਈ ਲੋੜੀਂਦੇ ਤਜਰਬੇ ਨੂੰ 15 ਸਾਲ ਤੋਂ ਘਟਾ ਕੇ 12 ਸਾਲ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਸੋਧ ਵਿਭਾਗ ਵਿੱਚ ਚੋਣ ਤਹਿਸੀਲਦਾਰ ਦੀਆਂ 7 ਖਾਲੀ ਅਸਾਮੀਆਂ ਹੋਣ ਕਾਰਨ ਜ਼ਰੂਰੀ ਹੋ ਗਈ ਸੀ। ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸੁਧਾਈ ਅਤੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣਾਂ ਨਾਲ ਸਬੰਧਤ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਚੋਣ ਤਹਿਸੀਲਦਾਰਾਂ ਦੀਆਂ ਸੇਵਾਵਾਂ ਦੀ ਤੁਰੰਤ ਲੋੜ ਹੈ।
ਮੌਜੂਦਾ ਨਿਯਮਾਂ ਤਹਿਤ 15 ਸਾਲਾਂ ਦੇ ਤਜਰਬੇ ਦੀ ਲੋੜ ਹੁੰਦੀ ਹੈ ਅਤੇ ਇਸ ਵੇਲੇ ਸੇਵਾ ਨਿਭਾ ਰਹੇ ਚੋਣ ਕਾਨੂੰਨਗੋਆਂ ਵਿੱਚੋਂ ਕੋਈ ਵੀ ਤਰੱਕੀ ਲਈ ਯੋਗ ਨਹੀਂ ਹੈ। ਵਿਭਾਗ ਨੇ ਲੋੜੀਂਦੇ ਤਜਰਬੇ ਨੂੰ ਘਟਾ ਕੇ 12 ਸਾਲ ਕਰਨ ਦੀ ਤਜਵੀਜ਼ ਰੱਖੀ ਸੀ ਤਾਂ ਜੋ ਯੋਗ ਚੋਣ ਕਾਨੂੰਨਗੋਆਂ ਨੂੰ ਆਉਣ ਵਾਲੇ ਸਮੇਂ ਵਿੱਚ ਪਦ-ਉੱਨਤ ਕੀਤਾ ਜਾ ਸਕੇ ਅਤੇ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾ ਸਕੇ।
ਜਲ ਸਰੋਤ ਵਿਭਾਗ ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਮਨਜ਼ੂਰੀ
ਇਸ ਦੌਰਾਨ ਮੰਤਰੀ ਮੰਡਲ ਨੇ ਸਾਲ 2025-26 ਲਈ ਜਲ ਸਰੋਤ ਵਿਭਾਗ ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਰਿਪੋਰਟ ਦੀ ਪ੍ਰਵਾਨਗੀ ਨਾਲ ਵਿੱਤੀ ਸਾਲ ਦੌਰਾਨ ਵਿਭਾਗ ਦੇ ਪ੍ਰਸ਼ਾਸਨਿਕ ਕੰਮਕਾਜ ਅਤੇ ਪ੍ਰਾਪਤੀਆਂ ਦੇ ਦਸਤਾਵੇਜ਼ੀਕਰਨ ਅਤੇ ਸਮੀਖਿਆ ਕਰਨ ਵਿੱਚ ਮਦਦ ਮਿਲੇਗੀ।


Posted

in

by

Comments

Leave a Reply

Your email address will not be published. Required fields are marked *