ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਨਰਿੰਦਰ ਕੌਰ ਭਰਾਜ

ਭਵਾਨੀਗੜ੍ਹ, 1 ਜੂਨ:

ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਫੱਗੂਵਾਲ ਵਿਖੇ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈਲਨੈੱਸ ਸੈਂਟਰ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਰੱਖਦਿਆਂ ਇਸ ਮਹੱਤਵਪੂਰਨ ਪ੍ਰੋਜੈਕਟ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ਪਿੰਡ ਵਾਸੀਆਂ, ਪੰਚਾਇਤੀ ਨੁਮਾਇੰਦਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਵਿਧਾਇਕ ਭਰਾਜ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣਾ ਪੰਜਾਬ ਸਰਕਾਰ ਦੀ ਵਚਨਬੱਧਤਾ ਹੈ।

ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਖੇਤਰ ਵਿੱਚ ਇਤਿਹਾਸਕ ਸੁਧਾਰ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਆਮ ਲੋਕਾਂ ਨੂੰ ਮੁਫ਼ਤ ਅਤੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਪਿੰਡ ਪੱਧਰ ਤੱਕ ਸਿਹਤ ਸਹੂਲਤਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਹੈਲਥ ਐਂਡ ਵੈਲਨੈੱਸ ਸੈਂਟਰ ਦੇ ਬਣਨ ਨਾਲ ਪਿੰਡ ਫੱਗੂਵਾਲ ਸਮੇਤ ਆਸ-ਪਾਸ ਦੇ ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਵੱਡਾ ਲਾਭ ਮਿਲੇਗਾ। ਇਸ ਕੇਂਦਰ ਵਿੱਚ ਆਮ ਬਿਮਾਰੀਆਂ ਦੇ ਇਲਾਜ, ਨਿਯਮਿਤ ਸਿਹਤ ਜਾਂਚਾਂ, ਟੀਕਾਕਰਨ, ਗਰਭਵਤੀ ਮਹਿਲਾਵਾਂ ਦੀ ਦੇਖਭਾਲ, ਬੱਚਿਆਂ ਦੀ ਸਿਹਤ ਸੰਭਾਲ, ਬਿਮਾਰੀਆਂ ਸਬੰਧੀ ਸਕ੍ਰੀਨਿੰਗ ਅਤੇ ਸਿਹਤ ਸਬੰਧੀ ਜਾਗਰੂਕਤਾ ਸੇਵਾਵਾਂ ਉਪਲਬਧ ਹੋਣਗੀਆਂ। ਇਸ ਨਾਲ ਲੋਕਾਂ ਨੂੰ ਛੋਟੇ-ਮੋਟੇ ਇਲਾਜ ਲਈ ਸ਼ਹਿਰਾਂ ਦੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਉਨ੍ਹਾਂ ਦਾ ਸਮਾਂ ਤੇ ਪੈਸਾ ਦੋਵੇਂ ਬਚਣਗੇ।

ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੱਡੇ ਪੱਧਰ ‘ਤੇ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਵੀ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਹਰ ਪਿੰਡ ਦੀਆਂ ਲੋੜਾਂ ਅਨੁਸਾਰ ਵਿਕਾਸ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਲੋਕਾਂ ਦੀ ਭਾਗੀਦਾਰੀ ਵੀ ਬਹੁਤ ਜ਼ਰੂਰੀ ਹੈ ਅਤੇ ਸਰਕਾਰ ਪੰਚਾਇਤਾਂ ਦੇ ਸਹਿਯੋਗ ਨਾਲ ਵਿਕਾਸ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅਮਲੀ ਜਾਮਾ ਪਹਿਨਾ ਰਹੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਪਿੰਡ ਦੇ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰੋਜੈਕਟ ਦੇ ਨਿਰਮਾਣ ਕਾਰਜ ਨੂੰ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਇਸ ਸਹੂਲਤ ਦਾ ਲਾਭ ਮਿਲ ਸਕੇ।

ਇਸ ਮੌਕੇ ਲਖਵਿੰਦਰ ਸਿੰਘ ਲੱਖਾ, ਗੁਰਪ੍ਰੀਤ ਸਿੰਘ ਫੱਗੂਵਾਲ, ਲੱਕੀ ਫੱਗੂਵਾਲ, ਜਗਸੀਰ ਝਨੇੜੀ, ਬਿੰਦਰ ਖਹਿਰਾ ਪਿੰਡ ਦੀ ਪੰਚਾਇਤ ਦੇ ਨੁਮਾਇੰਦੇ, ਸਿਹਤ ਵਿਭਾਗ ਦੇ ਅਧਿਕਾਰੀ, ਵੱਖ ਵੱਖ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।


Posted

in

,

by

Comments

Leave a Reply

Your email address will not be published. Required fields are marked *