ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

ਸੁਨਾਮ, 4 ਜੂਨ- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮੰਤਵ ਨਾਲ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸ਼ਹੀਦ ਊਧਮ ਸਿੰਘ ਕਾਲਜ ਦੇ ਆਡੀਟੋਰੀਅਮ ਵਿਖੇ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਨਸ਼ਿਆਂ ਦੇ ਖਾਤਮੇ ਲਈ ਪਿੰਡ ਪੱਧਰ ‘ਤੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਅਤੇ ਹਾਜ਼ਰੀਨ ਨੂੰ ਇਸ ਸਮਾਜਿਕ ਬੁਰਾਈ ਦੇ ਖ਼ਿਲਾਫ਼ ਡਟ ਕੇ ਲੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕਰ ਰਹੀ ਹੈ, ਪਰ ਇਸ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਦੀ ਮੰਗ ਖ਼ਤਮ ਕਰਨ ਲਈ ਵੀ ਆਪਣਾ ਯੋਗਦਾਨ ਪਾਉਣਾ ਹੋਵੇਗਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਨਸ਼ਿਆਂ ਦੀ ਤਸਕਰੀ ਰਾਹੀਂ ਬਣਾਈਆਂ ਗਈਆਂ ਨਾਜਾਇਜ਼ ਜਾਇਦਾਦਾਂ ਖ਼ਿਲਾਫ਼ ਵੀ ਵੱਡੇ ਪੱਧਰ ‘ਤੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾ ਰਿਹਾ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਸਰਕਾਰ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਨਸ਼ਾ ਕੇਵਲ ਇੱਕ ਵਿਅਕਤੀ ਨੂੰ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ ਪਿੰਡਾਂ ਦੇ ਚੁਣੇ ਹੋਏ ਨੁਮਾਇੰਦੇ, ਨੌਜਵਾਨ, ਸਮਾਜ ਸੇਵੀ ਸੰਸਥਾਵਾਂ ਅਤੇ ਵਿਲੇਜ ਲੈਵਲ ਡਿਫੈਂਸ ਕਮੇਟੀਆਂ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਨਸ਼ਿਆਂ ਖ਼ਿਲਾਫ਼ ਜਨ-ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਲੜਾਈ ਕੇਵਲ ਸਰਕਾਰ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮੁਹਿੰਮ ਨੂੰ ਸਫ਼ਲ ਬਣਾਇਆ ਜਾ ਸਕਦਾ ਹੈ।

ਸ਼੍ਰੀ ਅਮਨ ਅਰੋੜਾ ਨੇ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਵਿਲੇਜ ਲੈਵਲ ਡਿਫੈਂਸ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖੇਤਰ ਵਿੱਚ ਨਸ਼ਿਆਂ ਦੀ ਵਿਕਰੀ ਜਾਂ ਤਸਕਰੀ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਸ ਨੂੰ ਤੁਰੰਤ ਪੁਲਿਸ ਅਤੇ ਪ੍ਰਸ਼ਾਸਨ ਨਾਲ ਸਾਂਝਾ ਕੀਤਾ ਜਾਵੇ ਤਾਂ ਜੋ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।

ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਪੀੜਤ ਵਿਅਕਤੀਆਂ ਨੂੰ ਸਮਾਜ ਤੋਂ ਦੂਰ ਕਰਨ ਦੀ ਬਜਾਏ ਉਨ੍ਹਾਂ ਦੇ ਇਲਾਜ, ਮੁੜ ਵਸੇਬੇ ਅਤੇ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸੀ ਲਈ ਸਹਿਯੋਗ ਦਿੱਤਾ ਜਾਣਾ ਚਾਹੀਦਾ ਹੈ। ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਰਾਹੀਂ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ-ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਮਾਜ ਦਾ ਹਰ ਵਰਗ ਇਸ ਮੁਹਿੰਮ ਨਾਲ ਸਰਗਰਮੀ ਨਾਲ ਨਹੀਂ ਜੁੜਦਾ, ਉਦੋਂ ਤੱਕ ਨਸ਼ਿਆਂ ਦੇ ਖ਼ਾਤਮੇ ਦਾ ਟੀਚਾ ਪੂਰੀ ਤਰ੍ਹਾਂ ਪ੍ਰਾਪਤ ਨਹੀਂ ਕੀਤਾ ਜਾ ਸਕਦਾ। ਇਸ ਲਈ ਹਰ ਨਾਗਰਿਕ ਨੂੰ ਇਸ ਜੰਗ ਦਾ ਸਿਪਾਹੀ ਬਣ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ।

ਇਸ ਮੌਕੇ ਮੀਡੀਆ ਵੱਲੋਂ ਪ੍ਰਾਈਵੇਟ ਸਕੂਲਾਂ ਦੇ ਫੀਸ ਢਾਂਚੇ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਸਿੱਖਿਆ ਹਰ ਇੱਕ ਬੱਚੇ ਦਾ ਬੁਨਿਆਦੀ ਅਧਿਕਾਰ ਹੈ ਅਤੇ ਸਿੱਖਿਆ ਦੇ ਨਾਂ ‘ਤੇ ਕਿਸੇ ਦੀ ਵੀ ਲੁੱਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਸਰਪੰਚਾਂ, ਪੰਚਾਂ ਅਤੇ ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੇ ਆਪਣੇ-ਆਪਣੇ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਪਣੇ ਸੁਝਾਅ ਵੀ ਸਾਂਝੇ ਕੀਤੇ।

ਇਸ ਮੌਕੇ ਸੰਦੀਪ ਸਿੰਘ ਦੁਗਾ ਜ਼ਿਲ੍ਹਾ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ਦੀ ਅਗਵਾਈ ਵਿੱਚ ਲੋਕਾਂ ਤੋਂ ਰਿਵਿਊ ਲਿਆ ਗਿਆ ਕਿ ਇਸ ਮੁਹਿੰਮ ਦੇ ਕੀ ਅਸਰ ਹਨ। ਇਸ ਮੌਕੇ ਹਾਜ਼ਰੀਨ ਨੂੰ ਪ੍ਰੇਰਿਤ ਕੀਤਾ ਗਿਆ ਕਿ ਜੇ ਕਿਤੇ ਕੋਈ ਨਸ਼ਾ ਵਿਕਦਾ ਹੈ ਤਾਂ ਉਸ ਦੀ ਜਾਣਕਾਰੀ ਦਿੱਤੀ ਜਾਵੇ। ਇਸੇ ਤਰਾਂ ਦੀ ਇਕ ਮੀਟਿੰਗ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਇਸ ਮਹੀਨੇ ਦੇ ਅੰਤ ਵਿੱਚ ਵੀ ਹੋਵੇਗੀ। ਸੰਦੀਪ ਦੁੱਗਾ ਨੇ ਭਰੋਸਾ ਦਵਾਇਆ ਕਿ ਉਹ ਪਿੰਡਾਂ ਦੇ ਪੰਚਾਂ ਸਰਪੰਚਾਂ ਅਤੇ ਵਿਲੇਜ ਲੈਵਲ ਡਿਫੈਂਸ ਕਮੇਟੀ ਨਾਲ ਸੁਚੱਜਾ ਤਾਲਮੇਲ ਕਰਕੇ ਨਸ਼ਿਆਂ ਦੇ ਖਾਤਮੇ ਲਈ ਡੱਟ ਕੇ ਕੰਮ ਕਰਨਗੇ।

ਇਸ ਮੌਕੇ ਐਸ.ਡੀ.ਐਮ. ਸੁਨਾਮ ਗਗਨਦੀਪ ਸਿੰਘ, ਡੀ.ਐਸ.ਪੀ. ਹਰਵਿੰਦਰ ਸਿੰਘ, ਈ.ਓ. ਬਾਲ ਕ੍ਰਿਸ਼ਨ, ਬੀਰਬਲ ਸਿੰਘ ਚੀਮਾ ਹਲਕਾ ਕੋਆਰਡੀਨੇਟਰ, ਸ਼ਸ਼ੀ ਕੁਮਾਰ ਹਲਕਾ ਵਾਇਸ ਕੋਆਡੀਨੇਟਰ, ਮਨਪ੍ਰੀਤ ਸ਼ੇਰੋਂ ਹਲਕਾ ਵਾਈਸ ਕੋਆਰਡੀਨੇਟਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡਾਂ ਦੇ ਪੰਚ ਸਰਪੰਚ ਅਤੇ ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦੇ ਨੁਮਾਇੰਦੇ ਅਤੇ ਨਵੇਂ ਚੁਣੇ ਕੌਂਸਲਰ ਹਾਜ਼ਰ ਸਨ। ਇਸ ਮੌਕੇ ਮੰਚ ਸੰਚਾਲਨ ਮਨੀ ਸਰਾਓ ਨੇ ਕੀਤਾ।


Posted

in

,

by

Comments

Leave a Reply

Your email address will not be published. Required fields are marked *