“ਖੇਤ ਬਚਾਓ ਅਭਿਆਨ” ਤਹਿਤ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ

ਰੂਪਨਗਰ, 8 ਜੂਨ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ “ਖੇਤ ਬਚਾਓ ਅਭਿਆਨ” ਤਹਿਤ ਪਿੰਡ ਬਵਾਨੀ ਖੁਰਦ ਬਲਾਕ ਰੋਪੜ ਵਿਖੇ ਸਾਉਣੀ ਦੀਆਂ ਫ਼ਸਲਾਂ ਵਿੱਚ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ।

ਇਹ ਪ੍ਰੋਗਰਾਮ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ, ਆਈ.ਸੀ.ਏ.ਆਰ.-ਅਟਾਰੀ, ਜ਼ੋਨ-1 ਅਤੇ ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਡਾ. ਸਤਬੀਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ।

ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਡਾ. ਜਗਮਨਜੋਤ ਸਿੰਘ ਮਾਨ ਨੇ ਕਿਸਾਨਾਂ ਨੂੰ ਝੋਨੇ ਦੀ ਨਰਸਰੀ ਵਿੱਚ ਪੌਸ਼ਟਿਕ ਤੱਤਾਂ ਦੀ ਘਾਟ ਦੀ ਪਛਾਣ ਅਤੇ ਸਿਹਤਮੰਦ ਪਨੀਰੀ ਤਿਆਰ ਕਰਨ ਦੇ ਵਿਗਿਆਨਕ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਖਾਦਾਂ ਦੀ ਵਰਤੋਂ ਮਿੱਟੀ ਦੀ ਜਾਂਚ ਦੇ ਨਤੀਜਿਆਂ ਦੇ ਆਧਾਰ ’ਤੇ ਹੀ ਕੀਤੀ ਜਾਵੇ ਅਤੇ ਪੌਸ਼ਟਿਕ ਤੱਤਾਂ ਨੂੰ ਸਹੀ ਮਾਤਰਾ, ਸਹੀ ਸਮੇਂ ਅਤੇ ਸਹੀ ਢੰਗ ਨਾਲ ਮਿੱਟੀ ਵਿੱਚ ਪਾਇਆ ਜਾਵੇ।

ਉਨ੍ਹਾਂ ਦੱਸਿਆ ਕਿ ਜੇਕਰ ਕਣਕ ਦੀ ਫ਼ਸਲ ਨੂੰ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਡੀ.ਏ.ਪੀ. ਖਾਦ ਦਿੱਤੀ ਗਈ ਹੋਵੇ ਤਾਂ ਉਸ ਤੋਂ ਬਾਅਦ ਝੋਨੇ ਦੀ ਫ਼ਸਲ ਲਈ ਫਾਸਫੋਰਸ ਖਾਦ ਪਾਉਣ ਦੀ ਲੋੜ ਨਹੀਂ ਰਹਿੰਦੀ। ਉਨ੍ਹਾਂ ਝੋਨੇ ਵਿੱਚ ਲੋਹੇ ਦੀ ਘਾਟ ਨੂੰ ਦੂਰ ਕਰਨ ਲਈ 0.5 ਫ਼ੀਸਦੀ ਫੈਰਸ ਸਲਫੇਟ ਨੂੰ 100 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਸ਼ਾਮ ਦੇ ਸਮੇਂ ਛਿੜਕਾਅ ਕਰਨ ਦੀ ਸਿਫ਼ਾਰਸ਼ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਮੱਕੀ ਦੀ ਨਵੀਂ ਹਾਈਬ੍ਰਿਡ ਕਿਸਮ ਪੀ.ਐੱਮ.ਐੱਚ.-17 ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਪ੍ਰੋਫੈਸਰ (ਸਬਜ਼ੀ ਵਿਗਿਆਨ) ਡਾ. ਸੰਜੀਵ ਆਹੂਜਾ ਨੇ ਕਿਸਾਨਾਂ ਨੂੰ ਫ਼ਲਦਾਰ ਬੂਟਿਆਂ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਦਾਬਹਾਰ ਫ਼ਲਦਾਰ ਬੂਟਿਆਂ ਵਿੱਚ ਖਾਦਾਂ ਅਤੇ ਪਾਣੀ ਦੇ ਸੁਚੱਜੇ ਪ੍ਰਬੰਧਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਆਪਣੀ ਕੁਝ ਖੇਤੀਯੋਗ ਜ਼ਮੀਨ ਰਵਾਇਤੀ ਫ਼ਸਲਾਂ ਦੀ ਬਜਾਏ ਫ਼ਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਲਈ ਵਰਤਣ ਦੀ ਸਲਾਹ ਦਿੱਤੀ।

ਉਨ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਘਰੇਲੂ ਬਗੀਚੀ ਮਾਡਲ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਇਸ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ।

ਪ੍ਰੋਗਰਾਮ ਦੇ ਅੰਤ ਵਿੱਚ ਮਾਹਿਰਾਂ ਵੱਲੋਂ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਕੇ ਫ਼ਸਲਾਂ ਨਾਲ ਸਬੰਧਤ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਵੀ ਕੀਤਾ ਗਿਆ।


Posted

in

,

by

Comments

Leave a Reply

Your email address will not be published. Required fields are marked *