ਪੀ.ਏ.ਯੂ.-ਕੇ.ਵੀ.ਕੇ., ਸੰਗਰੂਰ ਵੱਲੋਂ ਪਿੰਡ ਖੇਤਲਾ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਪੰਜ-ਰੋਜ਼ਾ ਸਿਖਲਾਈ

ਸੁਨਾਮ, 29 ਅਗਸਤ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਸੰਗਰੂਰ ਵੱਲੋਂ ਪਿੰਡ ਖੇਤਲਾ, ਬਲਾਕ ਸੁਨਾਮ, ਜ਼ਿਲ੍ਹਾ ਸੰਗਰੂਰ ਦੇ ਕਿਸਾਨਾਂ ਲਈ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਬਾਰੇ ਪੰਜ-ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ ਪਿੰਡ ਦੇ ਕੁੱਲ 25 ਕਿਸਾਨਾਂ ਨੇ ਭਾਗ ਲਿਆ।

ਡਾ. ਮਨਦੀਪ ਸਿੰਘ, ਇੰਚਾਰਜ, ਪੀ.ਏ.ਯੂ.-ਕੇ.ਵੀ.ਕੇ., ਸੰਗਰੂਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਪ੍ਰਬੰਧਨ ਕਰਨ ਵਾਲੀਆਂ ਤਕਨੀਕਾਂ ਅਪਨਾਉਣ ਲਈ ਪ੍ਰੇਰਿਤ ਕੀਤਾ ਅਤੇ ਵਾਤਾਵਰਨ ਦੀ ਸੰਭਾਲ ਅਤੇ ਜ਼ਮੀਨ ਦੀ ਸਿਹਤ ਦੇ ਮੱਦੇਨਜ਼ਰ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਤਿਆਗਣ ਦੀ ਅਪੀਲ ਕੀਤੀ। ਉਨ੍ਹਾਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਅਤੇ ਪਰਾਲੀ ਨੂੰ ਜ਼ਮੀਨ ਵਿੱਚ ਮਿਲਾਉਣ ਦੇ ਫਾਇਦਿਆਂ ਬਾਰੇ ਚਾਨਣਾ ਪਾਇਆ।

ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨਰੀ ਅਤੇ ਪਾਵਰ ਇੰਜੀਨੀਅਰਿੰਗ) ਨੇ ਪਰਾਲੀ ਦੇ ਖੇਤ ਵਿੱਚ ਹੀ ਪ੍ਰਬੰਧਨ (ਇਨ-ਸੀਟੂ) ਦੀਆਂ ਵੱਖ-ਵੱਖ ਤਕਨੀਕਾਂ ਅਤੇ ਮਸ਼ੀਨਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੀ ਕਾਰਜ-ਪ੍ਰਣਾਲੀ ਬਾਰੇ ਦੱਸਿਆ। ਉਨ੍ਹਾਂ ਪਰਾਲੀ ਦੇ ਖੇਤ ਤੋਂ ਬਾਹਰ ਪ੍ਰਬੰਧਨ (ਐਕਸ-ਸੀਟੂ) ਦੇ ਤਰੀਕਿਆਂ ਅਤੇ ਉਪਲਬਧ ਮਸ਼ੀਨਰੀ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਟਿਕਾਊ ਪ੍ਰਬੰਧਨ ਲਈ ਇਨ-ਸੀਟੂ ਤਰੀਕਿਆਂ ਨੂੰ ਤਰਜ਼ੀਹ ਦੇਣ ਲਈ ਉਤਸ਼ਾਹਿਤ ਕੀਤਾ।

ਡਾ. ਰੁਕਿੰਦਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਪਰਾਲੀ ਦੀ ਇਨ-ਸੀਟੂ ਸਾਂਭ-ਸੰਭਾਲ ਵਾਲੇ ਖੇਤਾਂ ਵਿੱਚ ਕਣਕ ਦੀ ਸਫਲ ਕਾਸ਼ਤ ਲਈ ਖੇਤੀ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਵੱਖ-ਵੱਖ ਪ੍ਰਬੰਧਨ ਤਰੀਕਿਆਂ ਅਨੁਸਾਰ ਸਿਫਾਰਸ਼ਾਂ ਸਾਂਝੀਆਂ ਕੀਤੀਆਂ। ਉਨ੍ਹਾਂ ਅਜਿਹੇ ਖੇਤਾਂ ਵਿੱਚ ਗੁਲਾਬੀ ਤਣੇ ਦੀ ਸੁੰਡੀ ਅਤੇ ਸੈਨਿਕ ਸੁੰਡੀ ਦੀ ਰੋਕਥਾਮ ਬਾਰੇ ਵੀ ਦੱਸਿਆ ਅਤੇ ਕਿਸਾਨਾਂ ਨੂੰ ਬਾਗਾਂ ਅਤੇ ਹਲਦੀ, ਲਸਣ ਵਰਗੀਆਂ ਫਸਲਾਂ ਵਿੱਚ ਝੋਨੇ ਦੀ ਪਰਾਲੀ ਨੂੰ ਮਲਚ ਵਜੋਂ ਵਰਤਣ ਲਈ ਪ੍ਰੇਰਿਤ ਕੀਤਾ।

ਇਸ ਦੌਰਾਨ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਅਤੇ ਕਣਕ ਦੀ ਕਾਸ਼ਤ ਸਬੰਧੀ ਪੀ.ਏ.ਯੂ. ਦਾ ਸਾਹਿਤ ਵੀ ਵੰਡਿਆ ਗਿਆ ਅਤੇ ਮਾਹਿਰਾਂ ਵੱਲੋਂ ਰਹਿੰਦ-ਖੂੰਹਦ ਪ੍ਰਬੰਧਨ, ਮਸ਼ੀਨਰੀ ਅਤੇ ਫਸਲ ਉਤਪਾਦਨ ਸਬੰਧੀ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ।


Posted

in

by

Comments

Leave a Reply

Your email address will not be published. Required fields are marked *