ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

ਚੰਡੀਗੜ੍ਹ, 15 ਸਤੰਬਰ: ਪਿਛਲੇ 9 ਖ਼ਰੀਦ ਸੀਜ਼ਨਾਂ ਦੀ ਸ਼ਾਨਦਾਰ ਸਫ਼ਲਤਾ ਲਈ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀਜ਼.) ਦੀ ਸ਼ਲਾਘਾ ਕਰਦਿਆਂ, ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਡੀ.ਐਫ.ਐਸ.ਸੀਜ਼. ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਅਤੇ ਝੋਨੇ ਦੇ ਆਗਾਮੀ ਸੀਜ਼ਨ (2026-27) ਨੂੰ ਵੀ ਸਫ਼ਲ ਬਣਾਉਣ ਲਈ ਕਿਹਾ।

ਸ੍ਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਤੋਂ ਬਾਹਰੋਂ ਝੋਨੇ ਦਾ ਇੱਕ ਵੀ ਦਾਣਾ ਕਿਸੇ ਵੀ ਕੀਮਤ ‘ਤੇ ਸੂਬੇ ਦੀਆਂ ਮੰਡੀਆਂ ਵਿੱਚ ਦਾਖ਼ਲ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਖ਼ਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਦੇ ਡੀ.ਐਫ.ਐਸ.ਸੀਜ਼. ਨੂੰ ਕਿਹਾ ਕਿ ਕੋਈ ਫ਼ਰਜ਼ੀ ਐਂਟਰੀ ਨਾ ਹੋਣ ਦੇਣਾ ਅਤੇ ਚੌਕਸ ਰਹਿਣਾ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਇਸ ਮੌਕੇ ਡੀ.ਐਫ.ਐਸ.ਸੀਜ਼. ਖ਼ਰੀਦ ਸੀਜ਼ਨ ਨੂੰ ਸਫ਼ਲ ਬਣਾਉਣ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਪੂਰਾ ਤਾਲਮੇਲ ਰੱਖਣ ਅਤੇ ਸਾਰੇ ਭਾਈਵਾਲਾਂ, ਵਿਸ਼ੇਸ਼ ਤੌਰ ‘ਤੇ ਕਿਸਾਨਾਂ ਦੇ ਹਿੱਤਾਂ ਦਾ ਪੂਰਾ ਧਿਆਨ ਰੱਖਣ ਦੀ ਹਦਾਇਤ ਵੀ ਦਿੱਤੀ।

ਭੰਡਾਰਨ ਦੀ ਜਗ੍ਹਾ ਦੇ ਮੁੱਦੇ ਸਬੰਧੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹ ਮੁੱਦਾ ਲਗਾਤਾਰ ਕੇਂਦਰ ਸਰਕਾਰ ਕੋਲ ਉਠਾਇਆ ਜਾ ਰਿਹਾ ਹੈ।

ਝੋਨੇ ਦੇ ਆਗਾਮੀ ਸੀਜ਼ਨ ਦੌਰਾਨ ਭੰਡਾਰਨ ਲਈ ਹੋਰ ਜਗ੍ਹਾ ਯਕੀਨੀ ਬਣਾਉਣ ਵਾਸਤੇ ਸੂਬੇ ਤੋਂ ਅਨਾਜ ਦੀ ਪਹਿਲ ਦੇ ਆਧਾਰ ਉੱਤੇ ਚੁਕਾਈ ਸਬੰਧੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਇਸ ਸਬੰਧੀ ਭਾਰਤੀ ਖ਼ੁਰਾਕ ਨਿਗਮ (ਐਫ.ਸੀ.ਆਈ.) ਦੇ ਜਨਰਲ ਮੈਨੇਜਰ ਨਾਲ ਸੰਪਰਕ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ ਝੋਨੇ ਦੇ ਖ਼ਰੀਦ ਸੀਜ਼ਨ 2026-27 ਲਈ 180 ਲੱਖ ਮੀਟ੍ਰਿਕ ਟਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਝੋਨੇ ਅਧੀਨ ਰਕਬਾ 26.22 ਲੱਖ ਹੈਕਟੇਅਰ ਹੈ। ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2441 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਝੋਨੇ ਦੀ  ਭਰਾਈ ਲਈ ਲੋੜੀਂਦੀਆਂ ਗੰਢਾਂ ਸਬੰਧੀ, 5.09 ਲੱਖ ਦੀ ਜ਼ਰੂਰਤ ਦੇ ਮੁਕਾਬਲੇ 4.20 ਲੱਖ ਗੰਢਾਂ ਪਹਿਲਾਂ ਹੀ ਉਪਲਬਧ ਹਨ, ਜੋ ਕਿ ਕੁੱਲ ਜ਼ਰੂਰਤ ਦਾ 82 ਫ਼ੀਸਦ ਬਣਦਾ ਹੈ। ਇਸ ਤੋਂ ਇਲਾਵਾ ਝੋਨੇ ਦੀ ਅਲਾਟਮੈਂਟ ਲਈ 3600 ਮਿੱਲਾਂ ਤਿਆਰ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਵਧੀਕ ਸਕੱਤਰ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੂਮਨ ਭਾਸਕਰ ਅਤੇ ਅਜੇਵੀਰ ਸਿੰਘ ਸਰਾਓ ਵੀ ਹਾਜ਼ਿਰ ਸਨ।

————


Posted

in

by

Comments

Leave a Reply

Your email address will not be published. Required fields are marked *