ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਹੇਠ ਮੂਨਕ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਜ਼ੋਰਾਂ ’ਤੇ: ਕਾਰਜ ਸਾਧਕ ਅਫ਼ਸਰ

ਮੂਨਕ, 21 ਸਤੰਬਰ:ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸਿਹਤਮੰਦ ਅਤੇ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਵਿਸ਼ੇਸ਼ ਸਫਾਈ ਮੁਹਿੰਮ ਤਹਿਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਹੇਠ ਮੂਨਕ ਸ਼ਹਿਰ ਵਿੱਚ ਸਫਾਈ ਕਾਰਜ ਜੰਗੀ ਪੱਧਰ ’ਤੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਮੂਨਕ ਦੇ ਕਾਰਜ ਸਾਧਕ ਅਫ਼ਸਰ ਰਮਨਦੀਪ ਸ਼ਰਮਾ ਨੇ ਦੱਸਿਆ ਕਿ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਵਾਰਡਾਂ, ਗਲੀ-ਮੁਹੱਲਿਆਂ, ਬਾਜ਼ਾਰਾਂ ਅਤੇ ਹੋਰ ਜਨਤਕ ਥਾਵਾਂ ਦੀ ਸਫਾਈ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

ਕਾਰਜ ਸਾਧਕ ਅਫ਼ਸਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਹੋਰ ਚੁਸਤ-ਦਰੁਸਤ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। 

ਰਮਨਦੀਪ ਸ਼ਰਮਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਸ਼ਹਿਰ ਦੇ ਹਰੇਕ ਵਾਰਡ ਵਿੱਚ ਸਫਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਦੇ ਨਾਲ-ਨਾਲ ਕੂੜੇ ਦੀ ਨਿਯਮਤ ਅਤੇ ਸਮੇਂ ਸਿਰ ਚੁਕਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਗਲੀਆਂ, ਬਾਜ਼ਾਰਾਂ ਅਤੇ ਹੋਰ ਜਨਤਕ ਥਾਵਾਂ ’ਤੇ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਹੇਠ ਮੂਨਕ ਨੂੰ ਸਾਫ਼-ਸੁਥਰਾ ਅਤੇ ਸੁੰਦਰ ਸ਼ਹਿਰ ਬਣਾਉਣ ਲਈ ਨਗਰ ਕੌਂਸਲ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਫਾਈ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਗਰ ਕੌਂਸਲ ਦੇ ਅਮਲੇ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ ਗਈ ਹੈ।

ਕਾਰਜ ਸਾਧਕ ਅਫ਼ਸਰ ਨੇ ਕਿਹਾ ਕਿ ਸਫਾਈ ਮੁਹਿੰਮ ਨੂੰ ਸਫਲ ਬਣਾਉਣ ਲਈ ਲੋਕਾਂ ਦੀ ਭਾਗੀਦਾਰੀ ਵੀ ਬੇਹੱਦ ਅਹਿਮ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਅਤੇ ਦੁਕਾਨਾਂ ਦਾ ਕੂੜਾ ਇੱਧਰ-ਉੱਧਰ ਜਾਂ ਖੁੱਲ੍ਹੀਆਂ ਥਾਵਾਂ ’ਤੇ ਨਾ ਸੁੱਟਣ ਅਤੇ ਇਸ ਨੂੰ ਨਗਰ ਕੌਂਸਲ ਵੱਲੋਂ ਕੂੜਾ ਇਕੱਠਾ ਕਰਨ ਲਈ ਕੀਤੇ ਗਏ ਪ੍ਰਬੰਧਾਂ ਤਹਿਤ ਹੀ ਨਿਪਟਾਉਣ। ਉਨ੍ਹਾਂ ਲੋਕਾਂ ਨੂੰ ਆਪਣੇ ਘਰਾਂ ਦੇ ਨਾਲ-ਨਾਲ ਗਲੀ-ਮੁਹੱਲਿਆਂ ਅਤੇ ਸਾਂਝੀਆਂ ਥਾਵਾਂ ਨੂੰ ਸਾਫ਼ ਰੱਖਣ ਵਿੱਚ ਵੀ ਸਹਿਯੋਗ ਦੇਣ ਦੀ ਅਪੀਲ ਕੀਤੀ।

ਰਮਨਦੀਪ ਸ਼ਰਮਾ ਨੇ ਕਿਹਾ ਕਿ “ਸਾਫ਼ ਮੂਨਕ ਦਾ ਟੀਚਾ ਨਗਰ ਕੌਂਸਲ ਅਤੇ ਸ਼ਹਿਰ ਵਾਸੀਆਂ ਦੇ ਸਾਂਝੇ ਯਤਨਾਂ ਨਾਲ ਹੀ ਹਾਸਲ ਕੀਤਾ ਜਾ ਸਕਦਾ ਹੈ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਕੌਂਸਲ ਵੱਲੋਂ ਸਫਾਈ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।”

ਉਨ੍ਹਾਂ ਕਿਹਾ ਕਿ ਵਿਸ਼ੇਸ਼ ਸਫਾਈ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫਾਈ ਕਾਰਜ ਲਗਾਤਾਰ ਜਾਰੀ ਰਹਿਣਗੇ ਅਤੇ ਨਗਰ ਕੌਂਸਲ ਦੀਆਂ ਟੀਮਾਂ ਵੱਲੋਂ ਇਨ੍ਹਾਂ ਕਾਰਜਾਂ ਦੀ ਨਿਰੰਤਰ ਨਿਗਰਾਨੀ ਵੀ ਕੀਤੀ ਜਾਵੇਗੀ।


Posted

in

by

Tags:

Comments

Leave a Reply

Your email address will not be published. Required fields are marked *