ਪੰਜਾਬ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਕੜਾਕੇ ਦੀ ਠੰਢ ਨਾਲ ਹੋਈ ਹੈ। ਸਾਲ 2024 ਦੇ ਅੱਜ ਦੂਜੇ ਦਿਨ ਵੀ ਸੀਤ ਲਹਿਰ ਦਾ ਕਹਿਰ ਹੈ। ਪਿਛਲੇ ਦਿਨਾਂ ਤੋਂ ਲਗਾਤਾਰ ਡਿੱਗ ਰਹੇ ਤਾਪਮਾਨ ਨੇ ਲੋਕਾਂ ਨੂੰ ਕੰਬਣੀ ਛੇੜੀ ਰੱਖੀ ਹੈ। ਅੱਜ ਵੀ ਪੰਜਾਬ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ ਤੇ ਆਮ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਦੱਸ ਦਈਏ ਕਿ 12 ਜ਼ਿਲ੍ਹੇ ਅਜੇ ਵੀ ਸੰਘਣੀ ਧੁੰਦ ਦੀ ਲਪੇਟ ‘ਚ ਹਨ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਸ਼ਾਮਲ ਹਨ। ਬਾਕੀ ਜ਼ਿਲ੍ਹਿਆਂ ਵਿੱਚ 51 ਤੋਂ 75 ਫੀਸਦੀ ਧੁੰਦ ਅਤੇ ਕੋਲਡ ਅਲਰਟ ਹੈ।
ਇਸ ਦੇ ਨਾਲ ਹੀ ਸੂਰਜ ਨਾ ਨਿਕਲਣ ਕਾਰਨ ਦਿਨ ਦਾ ਤਾਪਮਾਨ ਵੀ ਲਗਾਤਾਰ ਡਿੱਗ ਰਿਹਾ ਹੈ। 9 ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ 8 ਡਿਗਰੀ ਹੇਠਾਂ ਆ ਗਿਆ ਹੈ। ਪੰਜਾਬ ਵਿੱਚ ਬਠਿੰਡਾ ਸਭ ਤੋਂ ਠੰਢਾ ਰਿਹਾ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 7 ਡਿਗਰੀ ਰਿਹਾ। ਇਸ ਦੇ ਨਾਲ ਹੀ ਸੂਬੇ ਦੇ 21 ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 11 ਡਿਗਰੀ ਤੋਂ ਘੱਟ ਰਿਹਾ। ਪਠਾਨਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 14.4 ਡਿਗਰੀ ਦਰਜ ਕੀਤਾ ਗਿਆ ਹੈ। ਇਹ ਪੰਜਾਬ ਦਾ ਸਭ ਤੋਂ ਗਰਮ ਇਲਾਕਾ ਰਿਹਾ ਹੈ।
ਠੰਡ ਅਤੇ ਧੁੰਦ ਦੇ ਵਧਣ ਤੋਂ ਬਾਅਦ ਮੌਸਮ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜਿਹੀ ਸਥਿਤੀ ਵਿੱਚ ਸੜਕ ਹਾਦਸਿਆਂ ਦੀ ਸੰਭਾਵਨਾ ਵੱਧ ਜਾਂਦੀ ਹੈ। ਅਜਿਹੀ ਸਥਿਤੀ ਵਿਚ ਹੌਲੀ-ਹੌਲੀ ਗੱਡੀ ਚਲਾਓ ਤਾਂ ਕਿ ਐਮਰਜੈਂਸੀ ਦੀ ਸਥਿਤੀ ਵਿਚ ਵਾਹਨ ਨੂੰ ਕੰਟਰੋਲ ਕੀਤਾ ਜਾ ਸਕੇ। ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਹੋਣ ‘ਤੇ ਗੱਡੀ ਚਲਾਉਣ ਤੋਂ ਬਚੋ।