
ਚੰਡੀਗੜ੍ਹ/ਅੰਮ੍ਰਿਤਸਰ, 7 ਅਗਸਤ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੁਖ਼ਤਾ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਹੋ ਰਹੀ ਹਥਿਆਰ ਤਸਕਰੀ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸੱਤ ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਦਾਓਕੇ ਦੇ ਰਹਿਣ ਵਾਲੇ ਅਕਾਸ਼ਦੀਪ ਸਿੰਘ ਉਰਫ਼ ਆਕਾਸ਼ (20), ਅੰਮ੍ਰਿਤਸਰ ਦੇ ਪਿੰਡ ਬਾਘਾ ਕਲਾਂ ਦੇ ਵਸਨੀਕ ਰਮਨਪ੍ਰੀਤ ਸਿੰਘ (23), ਫਿਰੋਜ਼ਪੁਰ ਦੇ ਪਿੰਡ ਸੁਰ ਸਿੰਘ ਦੇ ਵਸਨੀਕ ਪ੍ਰਤਾਪ ਸਿੰਘ (25) ਅਤੇ ਅੰਮ੍ਰਿਤਸਰ ਦੇ ਦੇਬੀ ਵਾਲਾ ਬਾਜ਼ਾਰ ਦੇ ਵਸਨੀਕ ਸਰਬਜੀਤ ਸਿੰਘ ਉਰਫ਼ ਬੱਬਲ (25) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ 9ਐਮਐਮ ਪੀਐਕਸ5, ਦੋ 9ਐਮਐਮ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਸ਼ਾਮਲ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਭਾਰਤ-ਪਾਕਿ ਸਰਹੱਦ ਨੇੜੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦੀ ਪਿੰਡਾਂ ਤੋਂ ਕੰਮ ਕਰ ਰਹੇ ਸਨ ਅਤੇ ਸੂਬੇ ਵਿੱਚ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਦੇ ਸਨ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਅਤੇ ਇਸ ਦੇ ਸਬੰਧਾਂ ਦਾ ਪਤਾ ਲਗਾਇਆ ਜਾ ਸਕੇ।
ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਆਜ਼ਾਦੀ ਦਿਵਸ ਤੋਂ ਪਹਿਲਾਂ ਵਧੇ ਹੋਏ ਸੁਰੱਖਿਆ ਉਪਾਵਾਂ ਦੇ ਮੱਦੇਨਜ਼ਰ, ਪੁਲਿਸ ਟੀਮਾਂ ਨੇ ਖਾਸ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ, ਥਾਣਾ ਛੇਹਰਟਾ ਅਧੀਨ ਆਉਂਦੇ ਖੇਤਰ ਤੋਂ ਆਕਾਸ਼ ਅਤੇ ਰਮਨ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ ਚਾਰ ਪਿਸਤੌਲ- ਦੋ ਪੀਐਕਸ5 9 ਐਮਐਮ ਅਤੇ ਦੋ .30 ਬੋਰ ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਬਾਅਦ ਉਨ੍ਹਾਂ ਦੇ ਦੋ ਸਾਥੀਆਂ ਪ੍ਰਤਾਪ ਸਿੰਘ ਅਤੇ ਸਰਬਜੀਤ ਸਿੰਘ ਉਰਫ਼ ਬੱਬਲ ਨੂੰ ਵੀ ਉਸੇ ਖੇਤਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਹੋਰ ਪਿਸਤੌਲ ਬਰਾਮਦ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਆਕਾਸ਼ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਰਹਿੰਦਾ ਹੈ ਅਤੇ ਉਹ ਰਮਨ ਨਾਲ ਮਿਲ ਕੇ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਦਾ ਸੀ, ਜਦੋਂ ਕਿ ਉਨ੍ਹਾਂ ਦੇ ਸਾਥੀ ਸਰਬਜੀਤ ਅਤੇ ਪ੍ਰਤਾਪ ਹਥਿਆਰ ਸਪਲਾਈ ਕਾਰਜਾਂ ਲਈ ਤਾਲਮੇਲ ਅਤੇ ਪ੍ਰਬੰਧਨ ਕਰਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇਲਾਕੇ ਵਿੱਚ ਵੱਡੀ ਅਪਰਾਧਿਕ ਵਾਰਦਤ ਟਲ ਗਈ ਹੈ।
ਸੀਪੀ ਨੇ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧ ਵਿੱਚ ਐਫਆਈਆਰ ਨੰ. 147 ਮਿਤੀ 02-08-2025 ਨੂੰ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।