ਪੰਜਾਬ ਦੀ ਜਵਾਨੀ ਨੂੰ ਗਲਤ ਰਾਹ ‘ਤੇ ਲਿਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ : ਕੈਬਿਨੇਟ ਮੰਤਰੀ ਲਾਲਜੀਤ ਸਿੰਘ ਭੁੱਲਰ

ਪੱਟੀ, 25 ਮਈ () ਅਸੀਂ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ ‘ਤੇ ਲੈ ਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਨਸ਼ਿਆਂ ਦੇ ਸੌਦਾਗਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਅੱਜ ਪੱਟੀ ਸ਼ਹਿਰ ਵਿੱਚ ਢਾਹਿਆ ਗਿਆ ਹੈ ਅਤੇ ਆਗਾਹ ਵੀ ਇਹ ਕਾਰਵਾਈ ਨਿਰੰਤਰ ਜਾਰੀ ਰਹੇਗੀ ਤਾਂ ਜੋ ਮੁੜ ਤੋਂ ਕੋਈ ਵੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਆਦਤ ਵਿੱਚ ਨਾ ਫਸਾ ਸਕੇ।
ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅਪਣੇ ਦੱਫਤਰ ਪੱਟੀ ਵਿਖੇ ਪੱਤਰਕਾਰਾਂ ਨਾਲ ਪ੍ਰੈਸ ਕਾਨਫਰੰਸ ਕਰਦੇ ਹੋਏ ਕੀਤਾ। ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰ ਕੇ ਨਸ਼ੇ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਸੂਬੇ ਨੂੰ ਮੁੜ ਹਸਦਾ-ਵਸਦਾ ਤੇ ਰੰਗਲਾ ਪੰਜਾਬ ਬਨਾਉਣ ਦੇ ਰਾਹ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਹਨ ਜਾਂ ਫਿਰ ਪੰਜਾਬ ਛੱਡ ਕੇ ਭੱਜ ਚੁੱਕੇ ਹਨ। ਹੁਣ ਇਹ ਮੁਹਿੰਮ ਜ਼ਮੀਨੀ ਪੱਧਰ ਭਾਵ ਪਿੰਡਾਂ ਅਤੇ ਵਾਰਡਾਂ ਵਿਚੋਂ ਚੱਲਣ ਲੱਗੀ ਹੈ, ਜਿਸ ਨੂੰ ਨਸ਼ਾ ਮੁਕਤੀ ਯਾਤਰਾ ਦਾ ਨਾਮ ਦਿੱਤਾ ਗਿਆ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਗਈ ਹੈ ਅਤੇ ਹੁਣ ਜਲਦੀ ਹੀ ਪੰਜਾਬ ਵਿਚੋਂ ਨਸ਼ਿਆਂ ਸਫਾਇਆ ਹੋਵੇਗਾ। ਉਹਨਾਂ ਦੱਸਿਆ ਕਿ ਲੋਕ ਪੰਜਾਬ ਸਰਕਾਰ ਦਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਿਨਾਂ ਕਿਸੇ ਦਬਾਅ ਤੋਂ ਸਹਿਯੋਗ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦੇ ਕੇ ਸੂਬੇ ਦੇ ਲੋਕਾਂ ਨੂੰ ਮੂਰਖ ਬਣਾਇਆ ਸੀ ਅਤੇ ਨਸ਼ਿਆਂ ਦਾ ਵਪਾਰ ਅਕਾਲੀ ਸਰਕਾਰ ਮੌਕੇ ਵਧਿਆ ਸੀ ਉਨ੍ਹਾਂ ਕਿਹਾ ਕਿ ਅਕਾਲੀ ਆਗੂ ਹੁਣ ਆਪਣੇ ਪਾਪਾਂ ਦੀ ਸਜ਼ਾ ਭੁਗਤ ਰਹੇ ਹਨ ਕਿਉਂਕਿ ਲੋਕ ਉਨ੍ਹਾਂ ਨੂੰ ਪਹਿਲਾਂ ਹੀ ਸੱਤਾ ਤੋਂ ਲਾਂਭੇ ਕਰ ਚੁੱਕੇ ਹਨ ਉਹਨਾਂ ਕਿਹਾ ਕਿ ਅਕਾਲੀਆਂ ਨੇ ਨਸ਼ਾ ਤਸਕਰਾਂ ਪੈਦਾ ਕੀਤੇ ਅਤੇ ਕਾਂਗਰਸ ਨੇ ਤਸਕਰਾਂ ਨੂੰ ਪਨਾਹ ਦਿੱਤੀ। ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਸਬੰਧੀ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ। ਉਹਨਾਂ ਲੋਕਾਂ ਨੂੰ ਸੁਚੇਤ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਸਰਪੰਚ, ਪੰਚਾਇਤ ਮੈਂਬਰ ਜਾਂ ਨੰਬਰਦਾਰ ਕਿਸੇ ਵੀ ਚਿੱਟੇ ਦੇ ਸਮੱਗਲਰ ਜਾਂ ਨਸ਼ੇੜੀ ਦੀ ਸਹਾਇਤਾ ਲਈ ਸਿਫਾਰਸ਼ ਕਰਕੇ ਜਾਂ ਸਾਥ ਦੇਵੇਗਾ ਤਾਂ ਉਸ ਵਿਰੁੱਧ ਵੀ ਸਖਤ ਕਾਰਵਾਈ ਹੋਵੇਗੀ ਕੈਬਿਨੇਟ ਮੰਤਰੀ ਨੇ ਨੌਜੁਆਨਾਂ ਨੂੰ ਅਪੀਲ ਕਰਦੇ ਹੋਏ ਆਖਿਆ ਕਿ ਉਹ ਖੇਡਾਂ ਦੇ ਮੈਦਾਨਾਂ ਨਾਲ ਜੁੜਨ ਅਤੇ ਪੰਜਾਬ ਸਰਕਾਰ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨੌਜੁਆਨਾਂ ਨੂੰ ਖੇਡ ਗਰਾਊਂਡਾਂ ਬਣਾਕੇ ਦੇਵੇਗੀ ਅਤੇ ਖੇਡਾਂ ਦਾ ਸਮਾਨ ਮੁਹੱਈਆ ਕਰਵਾਵੇਗੀ ਅਤੇ ਨਸ਼ਾ ਛੱਡਣ ਵਾਲੇ ਨੌਜੁਆਨਾਂ ਨੂੰ ‘ਨਸ਼ਾ ਛੁਡਾਊ’ ਕੇਂਦਰਾਂ ਵਿੱਚ ਭਰਤੀ ਕਰਕੇ ਉਹਨਾਂ ਦੀ ਮੱਦਦ ਕੀਤੀ ਜਾਵੇਗੀ।

Leave a Reply

Your email address will not be published. Required fields are marked *