ਹੁਸ਼ਿਆਰਪੁਰ, 7 ਜੁਲਾਈ :      ਦਸੂਹਾ-ਹਾਜੀਪੁਰ ਸੜਕ ‘ਤੇ ਸੋਮਵਾਰ ਸਵੇਰੇ ਹੋਏ ਦਰਦਨਾਕ ਸੜਕ ਹਾਦਸੇ ਵਿਚ 9 ਲੋਕਾਂ ਦੀ ਮੌਤ ‘ਤੇ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗਾ ਦੱਸਿਆ ਅਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ।
   ੜਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਹਾਦਸੇ ਨੇ ਪੂਰੇ ਖੇਤਰ ਨੂੰ ਡੂੰਘਾ ਦੁੱਖ ਪਹੁੰਚਾਇਆ ਹੈ। ਉਨ੍ਹਾਂ ਮ੍ਰਿਤਕਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਮੁੱਖ ਮੰਤਰੀ ਰਾਹਤ ਫੰਡ ਵਿਚੋਂ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਜ਼ਖਮੀਆਂ ਨੂੰ ਨਿਯਮਾਂ ਅਨੁਸਾਰ ਮੁਆਵਜ਼ਾ ਵੀ ਦਿੱਤਾ ਜਾਵੇਗਾ ਅਤੇ ਉਨ੍ਹਾਂ ਦਾ ਇਲਾਜ ਪੂਰੀ ਤਰ੍ਹਾਂ ਮੁਫਤ ਕੀਤਾ ਜਾਵੇਗਾ।
    ਡਾ. ਰਵਜੋਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਤੁਰੰਤ ਰਾਹਤ ਕਾਰਜਾਂ ਵਿਚ ਦਿਖਾਈ ਗਈ ਮੁਸਤੈਦੀ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਫੋਰਸ, ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਸਮੇਂ ਸਿਰ ਕਾਰਵਾਈ ਕਰਦਿਆਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਅਤੇ ਉਨ੍ਹਾਂ ਦੇ ਇਲਾਜ ਲਈ ਢੁਕਵੇਂ ਪ੍ਰਬੰਧ ਕੀਤੇ ਗਏ।
ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਅਕਸਰ ਅਜਿਹੇ ਹਾਦਸਿਆਂ ਦਾ ਕਾਰਨ ਬਣਦੀ ਹੈ ਅਤੇ ਇਸ ਦਿਸ਼ਾ ਵਿਚ ਜਾਗਰੂਕਤਾ ਦੇ ਨਾਲ-ਨਾਲ ਸਖ਼ਤੀ ਵੀ ਜ਼ਰੂਰੀ ਹੈ। ਉਨ੍ਹਾਂ ਨੇ ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਉਹ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚੱਲਣ ਵਾਲੇ ਵਾਹਨਾਂ ‘ਤੇ ਵਿਸ਼ੇਸ਼ ਨਜ਼ਰ ਰੱਖਣ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਦੁਬਾਰਾ ਨਾ ਹੋਣ ਦੇਣ ਲਈ ਠੋਸ ਕਦਮ ਚੁੱਕ ਰਹੀ ਹੈ ਅਤੇ ਹਰੇਕ ਨਾਗਰਿਕ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।

Leave a Reply

Your email address will not be published. Required fields are marked *