ਲੰਬੀ/ਸ੍ਰੀ ਮੁਕਤਸਰ ਸਾਹਿਬ, 01 ਅਪ੍ਰੈਲ
ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੰਬੀ ਹਲਕੇ ਦੇ ਪਿੰਡ ਅਰਨੀਵਾਲਾ ਵਜੀਰਾ ਵਿਖੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਰਾਸ਼ਨ ਮੁਹੱਈਆ ਕਰਵਾਉਣ ਲਈ ਜਿਨ੍ਹਾਂ ਪਰਿਵਾਰਾਂ ਦੇ ਪੁਰਾਣੇ ਰਾਸ਼ਨ ਕਾਰਡ ਬਣੇ ਸਨ ਉਨ੍ਹਾਂ ਪਰਿਵਾਰਾਂ ਨੂੰ 241 ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਕੀਤੀ ਗਈ।
ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮਕਸਦ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਰੋਜ਼ਾਨਾ ਦੀ ਲੋੜੀਂਦੀ ਪੋਸ਼ਟਿਕ ਸਮੱਗਰੀ ਦੀ ਸੁਵਿਧਾ ਪ੍ਰਦਾਨ ਕਰਨਾ ਹੈ ਅਤੇ ਇਸੇ ਲੜੀ ਤਹਿਤ ਲੰਬੀ ਹਲਕੇ ਦੇ ਪਿੰਡ ਅਰਨੀਵਾਲਾ ਵਜੀਰਾ ਵਿਖੇ ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰਾਂ ਨੂੰ ਖਾਸ ਵੰਡ ਪ੍ਰੋਗਰਾਮ ਦੌਰਾਨ ਵੱਡੀ ਰਾਹਤ ਦਿੱਤੀ ਜਾ ਰਹੀ ਹੈ ਅਤੇ ਲੰਬੀ ਹਲਕੇ ਵਿੱਚ ਹੁਣ ਤੱਕ ਕੁੱਲ 21526 ਲੋੜਵੰਦਾਂ ਦੇ ਕਾਰਡ ਬਣਾਏ ਜਾ ਚੁੱਕੇ ਹਨ।
ਸ. ਖੁੱਡੀਆਂ ਨੇ ਵਧੇਰੇ ਜਾਣਕਾਰੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰੀ ਰਸੋਈ ਸਕੀਮ’ ਤਹਿਤ ਸਮਾਰਟ ਰਾਸ਼ਨ ਕਾਰਡਾਂ ਰਾਹੀਂ ਮਿਲਣ ਵਾਲੀ ਫੂਡ ਕਿੱਟ ਵਿੱਚ ਕਣਕ ਦੇ ਨਾਲ-ਨਾਲ ਹੋਰ ਜ਼ਰੂਰੀ ਰਾਸ਼ਨ ਸਮੱਗਰੀ ਵੀ ਸ਼ਾਮਲ ਕੀਤੀ ਜਾਵੇਗੀ, ਜਿਸ ਵਿੱਚ 2 ਕਿਲੋ ਮਾਂਹ ਛੋਲਿਆਂ ਦੀ ਦਾਲ, 2 ਕਿਲੋ ਚੀਨੀ, 1 ਕਿਲੋ ਆਇਓਡੀਨ ਵਾਲਾ ਨਮਕ, 200 ਗ੍ਰਾਮ ਹਲਦੀ ਅਤੇ 1 ਲੀਟਰ ਸਰ੍ਹੋਂ ਦਾ ਤੇਲ ਹੋਵੇਗਾ ਤਾਂ ਜੋ ਪਰਿਵਾਰਾਂ ਨੂੰ ਪੂਰਾ ਪੋਸ਼ਣ ਮਿਲ ਸਕੇ। ਉਨ੍ਹਾਂ ਕਿਹਾ ਕਿ‘ਮੇਰੀ ਰਸੋਈ ਸਕੀਮ’ ਨਾਲ 40 ਲੱਖ ਪਰਿਵਾਰਾਂ ਦੇ ਘਰੇਲੂ ਖਰਚੇ ਨੂੰ ਵੱਡੀ ਰਾਹਤ ਮਿਲੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਨਾਲ ਗਰੀਬ ਅਤੇ ਮੱਧਵਰਗ ਪਰਿਵਾਰਾਂ ਨੂੰ ਮਹੀਨਾਵਾਰ ਖ਼ਰਚੇ ਵਿੱਚ ਢੁਕਵੀਂ ਬਚਤ ਹੋਵੇਗੀ ਅਤੇ ਉਨ੍ਹਾਂ ਦੀ ਆਰਥਿਕ ਸੁਰੱਖਿਆ ਮਜ਼ਬੂਤ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਪਾਰਦਰਸ਼ੀ ਪ੍ਰਣਾਲੀ ਰਾਹੀਂ ਯੋਗ ਲਾਭਪਾਤਰੀਆਂ ਦੀ ਪਛਾਣ ਕਰਕੇ ਘਰ-ਘਰ ਤੱਕ ਲਾਭ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਨੀਤੀਆਂ ਤਿਆਰ ਕਰ ਰਹੀ ਹੈ ਅਤੇ ਇਹ ਸਕੀਮ ਸਮਾਜ ਦੇ ਕਮਜ਼ੋਰ ਵਰਗਾਂ ਲਈ ਵੱਡਾ ਸਹਾਰਾ ਸਾਬਤ ਹੋਵੇਗੀ।
ਇਸ ਮੌਕੇ ਏ.ਐੱਫ਼.ਐੱਸ.ਓ. ਲੰਬੀ ਸ਼੍ਰੀ ਸੰਦੀਪ ਕੁਮਾਰ, ਮਨਜੀਤ ਸਿੰਘ ਸਰਪੰਚ, ਵਸਣ ਸਿੰਘ ਸਾਬਕਾ ਸਰਪੰਚ, ਗੁਰਪ੍ਰੀਤ ਸਿੰਘ ਸਰਪੰਚ, ਭਗਵਾਨ ਸਿੰਘ ਅਰਨੀਵਾਲਾ, ਗੁਰਬਾਜ ਸਿੰਘ ਬਣਵਾਲਾ, ਪੀ.ਏ. ਗੁਰਬਾਜ ਖੁੱਡੀਆਂ, ਮੀਡੀਆ ਅਡਵਾਈਜ਼ਰ ਮੋਹਿਤ ਸੋਨੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ, ਸਮੂਹ ਪੰਚਾਇਤ ਅਤੇ ਵੱਡੀ ਗਿਣਤੀ ਪਿੰਡ ਵਾਸੀ ਵਿੱਚ ਹਾਜ਼ਰ ਸਨ। ਪਿੰਡ ਵਾਸੀਆਂ ਨੇ ਇਸ ਸਕੀਮ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।
