ਲੰਬੀ/ਸ੍ਰੀ ਮੁਕਤਸਰ ਸਾਹਿਬ, 28 ਜੁਲਾਈ:
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਭਗਵਾਨਪੁਰਾ, ਕਰਮਗੜ੍ਹ, ਕਬਰਵਾਲਾ, ਡੱਬਵਾਲੀ ਢਾਬ ਅਤੇ ਗੁਰੂਸਰ ਯੋਧਾ ਵਿਖੇ ‘ਨਸ਼ਾ ਮੁਕਤੀ ਯਾਤਰਾ’ ਤਹਿਤ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ।
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਜੇਕਰ ਤੁਹਾਡੇ ਪਿੰਡ ਵਿੱਚ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਹ ਬੇਝਿਜਕ ਹੋ ਕੇ ਪੁਲਿਸ ਪ੍ਰਸ਼ਾਸਨ, ਉਹਨਾਂ ਨੂੰ ਜਾਂ ਫਿਰ ਪੰਜਾਬ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 97791-00200 ’ਤੇ ਇਤਲਾਹ ਕਰਨ। ਸੂਚਨਾ ਦੇਣ ਵਾਲੇ ਦਾ ਨਾਮ ਤੇ ਪਹਿਚਾਨ ਗੁਪਤ ਰੱਖੀ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਜੋ ਲੋਕ ਕਿਸੇ ਕਾਰਨ ਨਸ਼ਿਆਂ ਦੀ ਭੈੜੀ ਗ੍ਰਿਫਤ ਵਿੱਚ ਆ ਗਏ ਹਨ ਉਹਨਾਂ ਦਾ ਨਸ਼ਾ ਛੁਡਵਾਉਣ ਲਈ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰ ਸਥਾਪਿਤ ਕੀਤੇ ਗਏ ਹਨ ਜਿੱਥੇ ਮਰੀਜ਼ਾਂ ਨੂੰ ਮੁਫਤ ਦਵਾਈਆਂ, ਖਾਣਾ, ਰਹਿਣ ਸਹਿਣ ਆਦਿ ਸਾਰੇ ਪ੍ਰਬੰਧ ਦਿੱਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਨਸ਼ੇ ਛੱਡਣ ਦੇ ਚਾਹਵਾਨ ਯੁਵਕ ਵੀ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ ਤਾਂ ਜੋ ਉਹਨਾਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾਇਆ ਜਾ ਸਕੇ।
ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ, ਵਾਰਡਾਂ, ਗਲੀ, ਮੁਹੱਲਿਆਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ ਤਸਕਰਾਂ ਸਬੰਧੀ ਪੁਲਿਸ ਪ੍ਰਸਾਸ਼ਨ ਦਾ ਸਾਥ ਦੇਣ ਤਾਂ ਜੋ ਉਨ੍ਹਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ।
ਕੈਬਨਿਟ ਮੰਤਰੀ ਸ. ਖੁੱਡੀਆਂ ਪੇਂਡੂ ਸੁਰੱਖਿਆ ਕਮੇਟੀਆਂ, ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਪਹਿਰੇਦਾਰ ਵਜੋਂ ਕੰਮ ਕਰਕੇ ਨਸ਼ਿਆਂ ‘ਚ ਗ੍ਰਸਤ ਲੋਕਾਂ ਦੇ ਇਲਾਜ ਤੇ ਪੁਨਰਵਾਸ ਲਈ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਅਜਿਹੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਕੇ ਉਨ੍ਹਾਂ ਨੂੰ ਨਵਾਂ ਜੀਵਨ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਪਿੰਡ-ਪਿੰਡ ਜਾ ਕੇ ਸਾਡੀ ਨੌਜਵਾਨੀ ਨੂੰ ਬਚਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਨਿਰਣਾਇਕ ਲੜਾਈ ਵਿੱਢੀ ਗਈ ਹੈ। ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਸੀਂ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾ ਸਕਦੇ ਹਾਂ।
ਇਸ ਮੌਕੇ ਨਸ਼ਾ ਮੁਕਤੀ ਯਾਤਰਾ ਕੁਆਰਡੀਨੇਟਰ ਲੰਬੀ ਹਲਕਾ ਪਰਮਪਾਲ ਸਿੰਘ ਸਰਪੰਚ ਪੰਨੀਵਾਲਾ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਦਿੱਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ, ਬੀ.ਡੀ.ਓ. ਮਲੋਟ ਸਤਵਿੰਦਰ ਸਿੰਘ ਕੰਗ, ਐਸ.ਡੀ.ਓ. ਮੰਡੀ ਬੋਰਡ, ਵੀਨਸ ਗਰਗ, ਗੁਰਬਾਜ ਸਿੰਘ ਵਣਵਾਲਾ, ਗੁਰਬਾਜ ਸਿੰਘ ਖੁੱਡੀਆਂ ਨਿੱਜੀ ਸਹਾਇਕ, ਲਾਲੀ ਕਰਮਗੜ੍ਹ, ਅੰਮ੍ਰਿਤਪਾਲ ਸਿੰਘ ਸਰਪੰਚ ਡਬਵਾਲੀ ਢਾਬ, ਪੁਸ਼ਪਿੰਦਰ ਸਿੰਘ ਬਲਾਕ ਪ੍ਰਧਾਨ, ਸੁਖਵਿੰਦਰ ਸਿੰਘ ਸੁੱਖਾ ਗੁਰੂਸਰ, ਰਛਪਾਲ ਸਿੰਘ ਸਰਪੰਚ, ਕਰਮਬੀਰ ਸਿੰਘ ਸਰਾਵਾਂ ਬੋਦਲਾ, ਪਰਮ ਭਾਗੂ ਸਰਪੰਚ, ਹਰਪ੍ਰੀਤ ਸਿੰਘ ਮਾਨ, ਅਨੋਖ ਸਿੰਘ ਸਰਪੰਚ ਕਬਰਵਾਲਾ, ਗੁਰਜੀਤ ਸਿੰਘ, ਡਾ. ਅਰਪਨ, ਇੰਦਰਜੀਤ ਸਿੰਘ, ਭਿੰਦਰ ਸਿੰਘ, ਜਸਵੰਤ ਸਿੰਘ, ਪ੍ਰੇਮਲਤਾ ਸਰਪੰਚ ਭਗਵਾਨਪੁਰਾ, ਬਲਜੀਤ ਕੁਮਾਰ, ਯਾਦਵਿੰਦਰ ਸਿੰਘ ਜ਼ਿਲ੍ਹਾ ਕੁਆਰਡੀਨੇਟਰ ਅਤੇ ਜਸਮੇਲ ਸਿੰਘ ਸਟੇਜ ਸਕੱਤਰ ਤੋਂ ਇਲਾਵਾ ਸਬੰਧਤ ਪਿੰਡਾਂ ਦੀਆਂ ਪੰਚਾਇਤਾਂ ਦੇ ਮੈਂਬਰ ਅਤੇ ਆਗੂ ਹਾਜ਼ਰ ਸਨ।