Category: Malerkotla
-

ਘਰ -ਘਰ ਜਾ ਕੇ ਨਾਗਰਿਕਾਂ ਨੂੰ ਕੀਤਾ ਜਾਵੇਗਾ ਜਾਗਰੂਕ, ਕੋਈ ਵੀ ਯੋਗ ਵੋਟਰ ਸੂਚੀ ਤੋਂ ਵਾਂਝਾ ਨਾ ਰਹੇ-ਡਾ. ਮੁਹੰਮਦ ਇਰਫਾਨ
ਮਾਲੇਰਕੋਟਲਾ, 14 ਜੂਨ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਸਬੰਧੀ ਵੋਟਰ ਜਾਗਰੂਕਤਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਾਰੀ ਕਾਲਜ ਆਫ਼ ਐਜੂਕੇਸ਼ਨ (ਬੀ.ਐਡ. ਕਾਲਜ), ਮਾਲੇਰਕੋਟਲਾ ਵਿਖੇ ਸਵੀਪ ਸੈੱਲ ਦੀ ਸਥਾਪਨਾ ਕੀਤੀ ਗਈ ਹੈ। ਇਸ ਸੈੱਲ ਦਾ ਮੁੱਖ ਉਦੇਸ਼ ਵੱਖ-ਵੱਖ ਗਤੀਵਿਧੀਆਂ ਰਾਹੀਂ ਨਾਗਰਿਕਾਂ ਨੂੰ ਐੱਸ.ਆਈ.ਆਰ.-2026 ਦੀ ਮਹੱਤਤਾ ਅਤੇ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਅਤੇ ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸ.ਆਈ.ਆਰ.-2026 ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਸਵੀਪ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਬੰਧਤ ਸਟਾਫ ਨੂੰ ਐੱਸ.ਆਈ.ਆਰ ਸਬੰਧੀ ਟ੍ਰੇਨਿੰਗ ਕਰਵਾਈ ਜਾ ਚੁੱਕੀ ਹੈ ਤਾਂ ਜੋ ਕਿਸੇ ਪ੍ਰਕਾਰ ਦੀ ਦਿੱਕਤ ਪੇਸ਼ ਨਾ ਆਏ । ਟ੍ਰੇਨਿੰਗ ਦੌਰਾਨ ਚੋਣ ਪ੍ਰਕਿਰਿਆ ਨਾਲ ਜੁੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਐੱਸ.ਆਈ.ਆਰ. ਸਬੰਧੀ ਵੱਖ-ਵੱਖ ਫਾਰਮਾਂ, ਦਸਤਾਵੇਜ਼ਾਂ ਅਤੇ ਜਾਗਰੂਕਤਾ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਇਰਫਾਨ ਨੇ ਦੱਸਿਆ ਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਘਰ-ਘਰ ਜਾ ਕੇ ਗਣਨਾ ਫਾਰਮ ਵੰਡਣਗੇ ਅਤੇ ਵੋਟਰਾਂ ਨੂੰ ਫਾਰਮ ਭਰਨ ਸਬੰਧੀ ਮਾਰਗਦਰਸ਼ਨ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਹਰ ਯੋਗ ਵੋਟਰ ਲਈ ਫਾਰਮ ਭਰਨਾ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਬੀ.ਐਲ.ਓ. ਨੂੰ ਵਾਪਸ ਸੌਂਪਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਸਹਾਇਕ ਸਵੀਪ ਨੋਡਲ ਅਫ਼ਸਰ ਮੁਹੰਮਦ ਬਸ਼ੀਰ ਨੇ ਦੱਸਿਆ ਕਿ ਬੀ.ਐਲ.ਓਜ਼ ਵੱਲੋਂ ਹਰ ਘਰ ਵਿੱਚ ਵੋਟਰਾਂ ਦੀ ਸਹੂਲਤ ਅਨੁਸਾਰ ਤਿੰਨ ਵਾਰ ਦੌਰਾ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਯੋਗ ਵੋਟਰ ਇਸ ਮਹੱਤਵਪੂਰਨ ਪ੍ਰਕਿਰਿਆ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਫਾਰਮਾਂ ਨੂੰ ਆਨਲਾਈਨ ਅਪਡੇਟ ਕਰਨ ਲਈ ਮੌਜੂਦਾ ਫੋਟੋ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼ ਨਾਲ ਪੂਰਾ ਸਹਿਯੋਗ ਕਰਨ ਅਤੇ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਕਾਲਜ ਸਟਾਫ, ਸਵੀਪ ਟੀਮ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਨਾਗਰਿਕ ਹਾਜ਼ਰ ਸਨ।
-

ਐੱਸ.ਆਈ.ਆਰ.-2026 ਸਬੰਧੀ ਸਵੀਪ ਟੀਮ ਵੱਲੋਂ ‘ਘਰ-ਘਰ ਦਸਤਕ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਮਾਲੇਰਕੋਟਲਾ, 12 ਜੂਨ : ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਮੁਹਿੰਮ ਨੂੰ ਸਫਲ ਬਣਾਉਣ ਅਤੇ ਵੱਧ ਤੋਂ ਵੱਧ ਨਾਗਰਿਕਾਂ ਨੂੰ ਇਸ ਪ੍ਰਕਿਰਿਆ ਨਾਲ ਜੋੜਨ ਦੇ ਉਦੇਸ਼ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਤੇ ਸਵੀਪ ਨੋਡਲ ਅਫਸਰ (ਕਾਲਜਾਂ) ਮੁੰਹਮਦ ਇਰਫਾਨ ਫਾਰੂਕੀ ਦੀ ਅਗਵਾਈ ਹੇਠ ਸਵੀਪ ਟੀਮ ਮਾਲੇਰਕੋਟਲਾ ਵੱਲੋਂ ‘ਘਰ-ਘਰ ਦਸਤਕ’ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੁਹਿੰਮ ਤਹਿਤ ਸਵੀਪ ਟੀਮ ਵੱਲੋਂ ਸਥਾਨਕ ਵਿਦਿਅਕ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਵਿਖੇ ਪਹੁੰਚ ਕਰਕੇ ਵਿਦਿਆਰਥੀਆਂ, ਮਾਪਿਆਂ ਅਤੇ ਆਮ ਨਾਗਰਿਕਾਂ ਨੂੰ ਐੱਸ.ਆਈ.ਆਰ.-2026 ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਟੀਮ ਨੇ ਵੱਖ-ਵੱਖ ਮੁਹੱਲਿਆਂ, ਦੁਕਾਨਾਂ, ਵਪਾਰਕ ਅਦਾਰਿਆਂ ਅਤੇ ਹੋਰ ਜਨਤਕ ਥਾਵਾਂ ’ਤੇ ਜਾ ਕੇ ਲੋਕਾਂ ਨੂੰ ਵੋਟਰ ਸੂਚੀ ਸੁਧਾਈ ਮੁਹਿੰਮ ਬਾਰੇ ਜਾਗਰੂਕ ਕੀਤਾ। ਸਹਾਇਕ ਸਵੀਪ ਨੋਡਲ ਅਫ਼ਸਰ ਮੁਹੰਮਦ ਬਸ਼ੀਰ ਨੇ ਦੱਸਿਆ ਕਿ ਐੱਸ.ਆਈ.ਆਰ.-2026 ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣਾ ਹੈ ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਸੰਵਿਧਾਨਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼ ਨਾਲ ਪੂਰਾ ਸਹਿਯੋਗ ਕਰਨ, ਗਣਨਾ ਫਾਰਮ ਧਿਆਨ ਨਾਲ ਭਰਨ, ਨਵੀਨਤਮ ਫੋਟੋ ਮੁਹੱਈਆ ਕਰਵਾਉਣ ਅਤੇ ਲੋੜੀਂਦੇ ਦਸਤਾਵੇਜ਼ ਸਮੇਂ ਸਿਰ ਜਮ੍ਹਾਂ ਕਰਵਾਉਣ। ਉਨ੍ਹਾਂ ਦੱਸਿਆ ਕਿ ਐੱਸ.ਆਈ.ਆਰ.-2026 ਤਹਿਤ 25 ਜੂਨ ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਗਣਨਾ ਫਾਰਮ ਭਰਵਾਉਣਗੇ। ਇਸ ਉਪਰੰਤ 03 ਅਗਸਤ 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ 03 ਅਗਸਤ ਤੋਂ 02 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ 01 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ। ਸਵੀਪ ਟੀਮ ਨੇ ਨਾਗਰਿਕਾਂ ਨੂੰ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਸਿਰਫ਼ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਅਧਿਕਾਰਤ ਜਾਣਕਾਰੀ ’ਤੇ ਹੀ ਭਰੋਸਾ ਕਰਨ ਦੀ ਅਪੀਲ ਵੀ ਕੀਤੀ।
-

ਰੰਗਲਾ ਪੰਜਾਬ ਮਿਸ਼ਨ ਤਹਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ
ਮਾਲੇਰਕੋਟਲਾ, 11 ਜੂਨ: ਪੰਜਾਬ ਸਰਕਾਰ ਦੇ ਸੁਪਨਮਈ ਪ੍ਰੋਜੈਕਟ ‘ਰੰਗਲਾ ਪੰਜਾਬ’ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਪਣੇ ਵਿਭਾਗਾਂ ਅਧੀਨ ਚੱਲ…
-

ਫੂਡ ਕਮਿਸ਼ਨ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਮਾਲੇਰਕੋਟਲਾ ਦੇ ਰਾਸ਼ਨ ਡਿਪੂਆਂ ਦੀ ਅਚਨਚੇਤ ਜਾਂਚ
ਮਾਲੇਰਕੋਟਲਾ, 10 ਜੂਨ : ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅੱਜ ਮਾਲੇਰਕੋਟਲਾ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਰਾਸ਼ਨ ਡਿਪੂਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਰਾਸ਼ਨ ਦੀ ਵੰਡ ਪ੍ਰਣਾਲੀ, ਸਟਾਕ ਦੀ ਉਪਲਬਧਤਾ, ਰਿਕਾਰਡ ਦੀ ਸਾਂਭ-ਸੰਭਾਲ, ਲਾਭਪਾਤਰੀਆਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਡਿਪੂਆਂ…
-

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋ ਰਹੀ ਹੈ – ਡਾ. ਜਮੀਲ ਉਰ ਰਹਿਮਾਨ
ਮਾਲੇਰਕੋਟਲਾ, 09 ਜੂਨ : ਪੰਜਾਬ ਸਰਕਾਰ ਦੀ ਲੋਕ ਭਲਾਈ ਅਤੇ ਧਾਰਮਿਕ ਸਦਭਾਵਨਾ ਨੂੰ ਪ੍ਰਫੁੱਲਤ ਕਰਨ ਵਾਲੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਵੱਲੋਂ ਪਿੰਡ ਫਿਰੋਜ਼ਪੁਰ ਕੁਠਾਲਾ ਦੇ ਸ਼ਰਧਾਲੂਆਂ ਨੂੰ ਪਵਿੱਤਰ ਧਰਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਸ਼ਰਧਾਲੂਆਂ ਨੂੰ ਯਾਤਰਾ ਦੀਆਂ ਮੁਬਾਰਕਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ, ਸੁਰੱਖਿਅਤ ਅਤੇ ਆਤਮਿਕ ਤੌਰ ’ਤੇ ਲਾਭਕਾਰੀ ਯਾਤਰਾ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਆਮ ਲੋਕਾਂ, ਖਾਸ ਕਰਕੇ ਬਜ਼ੁਰਗਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਇੱਕ ਵੱਡਾ ਵਰਦਾਨ ਸਾਬਤ ਹੋ ਰਹੀ ਹੈ, ਜਿਸ ਨਾਲ ਹਜ਼ਾਰਾਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਯਾਤਰੀ ਅੰਮ੍ਰਿਤਸਰ ਵਿਖੇ ਸਥਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਣਗੇ। ਉਨ੍ਹਾਂ ਕਿਹਾ ਕਿ ਤੀਰਥ ਯਾਤਰਾਵਾਂ ਕੇਵਲ ਧਾਰਮਿਕ ਆਸਥਾ ਦਾ ਹੀ ਪ੍ਰਤੀਕ ਨਹੀਂ ਹੁੰਦੀਆਂ, ਸਗੋਂ ਇਹ ਆਪਸੀ ਭਾਈਚਾਰੇ, ਸਮਾਜਿਕ ਏਕਤਾ ਅਤੇ ਸਾਂਝੇਪਣ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ। ਵਿਧਾਇਕ ਨੇ ਇਸ ਮੌਕੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇਤਿਹਾਸਕ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਤਰੱਕੀ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਇਸ ਮੌਕੇ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਕਾਰਨ ਲੋਕਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਯੋਜਨਾਵਾਂ ਦਾ ਲਾਭ ਹੁਣ ਸਿੱਧਾ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ।ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੰਦੋੜ ਸ੍ਰੀ ਕਰਮਜੀਤ ਸਿੰਘ ਕੁਠਾਲਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
-

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ
ਅਮਰਗੜ੍ਹ/ਅਹਿਮਦਗੜ੍ਹ/ਮਾਲੇਰਕੋਟਲਾ, 8 ਜੂਨ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਮਰਗੜ੍ਹ ਵਿਧਾਨ ਸਭਾ ਹਲਕੇ ਦੇ ਪਿੰਡ ਮਾਣਕਮਾਜਰਾ ਅਤੇ ਦਹਿਲੀਜ਼ ਖ਼ੁਰਦ ਵਿਖੇ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੀ ਮੌਜੂਦ ਰਹੇ। ਇਸ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਇਲਾਕੇ ਦੇ 3,832 ਏਕੜ ਤੋਂ ਵੱਧ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਸਿੰਚਾਈ ਲਈ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਟੀਚਾ ਨਹਿਰੀ ਪਾਣੀ ਦੀ ਹਰ ਬੂੰਦ ਨੂੰ ਟੇਲਾਂ ਤੱਕ ਪਹੁੰਚਾ ਕੇ ਪਾਣੀ, ਪੰਜਾਬ ਤੇ ਪੰਜਾਬੀਅਤ ਨੂੰ ਸੁਰੱਖਿਅਤ ਕਰਨਾ ਅਤੇ ਨਸ਼ਿਆਂ ਤੋਂ ਜਵਾਨੀ ਨੂੰ ਬਚਾ ਕੇ ‘ਰੰਗਲਾ ਪੰਜਾਬ’ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਾਣੀਆਂ ਦੇ ਮੁੱਦੇ ‘ਤੇ ਸਿਰਫ਼ ਰਾਜਨੀਤੀ ਕੀਤੀ ਅਤੇ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਰਾਖੀ ਕਰਨ ਵਿੱਚ ਅਸਫ਼ਲ ਰਹੀਆਂ। ਉਨ੍ਹਾਂ ਕਿਹਾ, “ਸਾਡੀ ਸਰਕਾਰ ਨੇ ਸੂਬੇ ਦੇ ਪਾਣੀਆਂ ਦੀ ਰਾਖੀ ਕਰਨ ਦੇ ਨਾਲ-ਨਾਲ ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਹਨ ਤਾਂ ਜੋ ਕਿਸਾਨਾਂ ਨੂੰ ਲੰਬੇ ਸਮੇਂ ਲਈ ਭਰੋਸੇਯੋਗ ਸਿੰਚਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਕੈਬਨਿਟ ਮੰਤਰੀ ਨੇ ਪਿੰਡ ਮਾਣਕਮਾਜਰਾ ਵਿਖੇ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕੋਟਲਾ ਬ੍ਰਾਂਚ ਨਹਿਰ ਵਿੱਚੋਂ ਨਵਾਂ ਭਸੌੜ ਮਾਈਨਰ ਬਣਾਇਆ ਗਿਆ ਹੈ ਜਿਸ ਨੂੰ ਕਰੀਬ 4.07 ਕਰੋੜ ਰੁਪਏ ਦੀ ਲਾਗਤ ਨਾਲ ਕੰਕਰੀਟ ਲਾਈਨਿੰਗ ਕਰਕੇ ਪੱਕਾ ਕੀਤਾ ਗਿਆ ਹੈ ਜਿਸ ਨਾਲ ਜ਼ਿਲ੍ਹਾ ਮਾਲੇਰਕੋਟਲਾ ਅਤੇ ਸੰਗਰੂਰ ਦੇ 9 ਪਿੰਡਾ ਨੂੰ ਲਗਭਗ 50- 60 ਸਾਲਾਂ ਤੋਂ ਬਾਅਦ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ। ਇਸ ਤੋਂ ਇਲਾਵਾ ਭਸੌੜ ਮਾਈਨਰ ਵਿੱਚੋਂ 1.73 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਦਰੋਗੇਵਾਲ ਅਤੇ ਮਾਣਕਮਾਜਰਾ ਲਈ 7,640 ਮੀਟਰ ਲੰਮੀ ਜ਼ਮੀਨਦੋਜ਼ ਪਾਈਪਲਾਈਨ ਵਿਛਾਈ ਜਾ ਰਹੀ ਹੈ। ਇਸ ਪ੍ਰਾਜੈਕਟ ਨਾਲ 1,006 ਏਕੜ ਖੇਤੀਯੋਗ ਰਕਬੇ ਨੂੰ ਸਿੰਚਾਈ ਲਈ ਪਹਿਲੀ ਵਾਰ ਨਹਿਰੀ ਪਾਣੀ ਮਿਲੇਗਾ। ਇਸੇ ਮਾਈਨਰ ਵਿੱਚੋਂ ਕਰੀਬ 1.03 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਰੁਸਤਮਗੜ੍ਹ, ਸੰਗਾਲੀ, ਸੰਗਾਲਾ ਅਤੇ ਭੈਣੀ ਕਲਾਂ ਲਈ 4,200 ਮੀਟਰ ਲੰਮੀ ਪਾਈਪਲਾਈਨ ਵਿਛਾਈ ਜਾ ਰਹੀ ਹੈ ਜਿਸ ਨਾਲ ਕਰੀਬ 980 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਦੇਸ਼ ਦੀ ਆਜਾਦੀ ਉਪਰੰਤ ਪਹਿਲੀ ਵਾਰ ਪ੍ਰਾਪਤ ਹੋਵੇਗੀ। ਇਸੇ ਤਰ੍ਹਾਂ ਪਿੰਡ ਦਹਿਲੀਜ਼ ਖ਼ੁਰਦ ਵਿਖੇ ਕਰੀਬ 6.17 ਕਰੋੜ ਰੁਪਏ ਦੀ ਲਾਗਤ ਨਾਲ ਉਲੀਕੇ ਨਹਿਰੀ ਪਾਣੀ ਪ੍ਰਾਜੈਕਟਾਂ ਦੀ ਰਸਮੀ ਸ਼ੁਰੂਆਤ ਕਰਨ ਪਿੱਛੋਂ ਕੈਬਨਿਟ ਮੰਤਰੀ ਨੇ ਦੱਸਿਆ ਕਿ 5.63 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਬ੍ਰਾਂਚ ਵਿੱਚੋਂ 20,149 ਮੀਟਰ ਲੰਮੀ ਉੱਚ ਗੁਣਵੱਤਾ ਵਾਲੀ ਆਧੁਨਿਕ ਪਾਈਪਲਾਈਨ ਵਿਛਾਈ ਜਾ ਰਹੀ ਹੈ ਜਿਸ ਨਾਲ ਪਿੰਡ ਮਹਿਰਨਾ ਖ਼ੁਰਦ, ਕੰਗਨਪੁਰ ਅਤੇ ਰਸੂਲਪੁਰ ਦੀ ਕੁੱਲ 1486 ਏਕੜ ਰਕਬੇ ਨੂੰ ਪਹਿਲੀ ਵਾਰ ਭਰੋਸੇਯੋਗ ਨਹਿਰੀ ਪਾਣੀ ਉਪਲਬਧ ਹੋਵੇਗਾ ਜਦਕਿ 54 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦਹਿਲੀਜ਼ ਕਲਾਂ ਅਤੇ ਦਹਿਲੀਜ਼ ਖ਼ੁਰਦ ਦੇ 360 ਏਕੜ ਰਕਬੇ ਨੂੰ ਨਹਿਰੀ ਸਿੰਚਾਈ ਸਹੂਲਤ ਨਾਲ ਜੋੜਿਆ ਜਾਵੇਗਾ। ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਵਿਕਾਸ ਅਤੇ ਲੋਕ ਭਲਾਈ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਹਿਰੀ ਢਾਂਚੇ ਦੇ ਆਧੁਨਿਕੀਕਰਨ ਰਾਹੀਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਖੇਤੀ ਉਤਪਾਦਨ ਅਤੇ ਆਮਦਨ ਵਿੱਚ ਵਾਧਾ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕਾ ਅਮਰਗੜ੍ਹ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਕਿਬ ਅਲੀ ਰਾਜਾ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਲੇਰਕੋਟਲਾ ਰਘਬੀਰ ਸਿੰਘ ਚੌਂਦਾ, ਚੇਅਰਮੈਂਨ ਮਾਰਕੀਟ ਕਮੇਟੀ ਅਮਰਗੜ੍ਹ ਹਰਪ੍ਰੀਤ ਸਿੰਘ ਨੰਗਲ, ਚੇਅਰਮੈਨ ਪੰਜਾਬ ਹੱਜ ਕਮੇਟੀ ਹਾਸ਼ਿਮ ਸੂਫ਼ੀ, ਆਮ ਆਦਮੀ ਪਾਰਟੀ ਆਗੂ ਕੇਵਲ ਸਿੰਘ ਜਾਗੋਵਾਲ, ਹਲਕਾ ਕੋਆਰਡੀਨੇਟਰ ਨਸ਼ਾ-ਮੁਕਤੀ ਯਾਤਰਾ ਗੁਰਪ੍ਰੀਤ ਸਿੰਘ ਬਨਭੋਰਾ (ਬਿਟੂ) ਸਹਾਇਕ ਕਮਿਸ਼ਨਰ ਮਨਦੀਪ ਕੌਰ, ਡੀ.ਐਸ.ਪੀ. ਸੰਜੀਵ ਕਪੂਰ, ਐਕਸੀਅਨ ਹਰਮਨਿੰਦਰ ਸਿੰਘ, ਐਕਸੀਅਨ ਸੰਗਰੂਰ ਅਤਿੰਦਰਪਾਲ ਸਿੰਘ ਸਿੱਧੂ, ਐਕਸੀਅਨ ਦਮਨਜੀਤ ਸਿੰਘ, ਰਾਜੀਵ, ਅਭਿਜੋਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਮੌਜੂਦ ਸਨ।
-

ਵੋਟਰ ਸੂਚੀਆਂ ਦੀ ਸ਼ੁੱਧਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇਸ਼ ਅਭਿਆਨ, 400 ਪੋਲਿੰਗ ਬੂਥਾਂ ‘ਤੇ ਲਗਾਏ ਗਏ ਮੈਪਿੰਗ ਕੈਂਪ
ਮਾਲੇਰਕੋਟਲਾ, 07 ਜੂਨ: ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਤਹਿਤ ਚਲਾਈ ਜਾ ਰਹੀ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਜ਼ਿਲ੍ਹੇ ਦੇ ਸਮੂਹ 400 ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਮੈਪਿੰਗ ਕੈਂਪ ਲਗਾਏ ਗਏ, ਜਿੱਥੇ ਵੋਟਰਾਂ ਨੂੰ ਮੈਪਿੰਗ ਪ੍ਰਕਿਰਿਆ ਨਾਲ ਜੋੜਨ ਅਤੇ ਵੋਟਰ ਸੂਚੀਆਂ ਦੀ ਸ਼ੁੱਧਤਾ ਯਕੀਨੀ ਬਣਾਉਣ ਲਈ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ। ਚੋਣ ਤਹਿਸੀਲਦਾਰ ਬ੍ਰਿਜ ਮੋਹਨ ਨੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਮੈਪਿੰਗ ਕਾਰਜ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਹਦਾਇਤ ਕੀਤੀ ਕਿ ਹਰੇਕ ਯੋਗ ਵੋਟਰ ਤੱਕ ਪਹੁੰਚ ਬਣਾਈ ਜਾਵੇ ਅਤੇ ਮੈਪਿੰਗ ਕਾਰਜ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਹੀ ਅਤੇ ਅੱਪਡੇਟ ਵੋਟਰ ਸੂਚੀਆਂ ਲੋਕਤੰਤਰ ਦੀ ਮਜ਼ਬੂਤੀ ਲਈ ਬੇਹੱਦ ਜ਼ਰੂਰੀ ਹਨ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮਾਲੇਰਕੋਟਲਾ ਦੇ ਕੁੱਲ 3,25,391 ਰਜਿਸਟਰਡ ਵੋਟਰਾਂ ਵਿੱਚੋਂ 2,91,694 ਵੋਟਰਾਂ ਦੀ ਮੈਪਿੰਗ ਸਫਲਤਾਪੂਰਵਕ ਕੀਤੀ ਜਾ ਚੁੱਕੀ ਹੈ, ਜੋ ਕਿ ਕੁੱਲ ਵੋਟਰਾਂ ਦਾ 90 ਫੀਸਦੀ ਬਣਦਾ ਹੈ। ਉਨ੍ਹਾਂ ਇਸ ਮਹੱਤਵਪੂਰਨ ਕਾਰਜ ਵਿੱਚ ਯੋਗਦਾਨ ਪਾਉਣ ਵਾਲੇ ਬੂਥ ਲੈਵਲ ਅਫ਼ਸਰਾਂ, ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਅਤੇ ਹੋਰ ਸਬੰਧਤ ਧਿਰਾਂ ਦੀ ਸ਼ਲਾਘਾ ਕੀਤੀ। ਚੋਣ ਤਹਿਸੀਲਦਾਰ ਨੇ ਇਹ ਵੀ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਚੋਣ ਦਫ਼ਤਰ, ਮਾਲੇਰਕੋਟਲਾ ਵਿਖੇ ਇੱਕ ਵਿਸ਼ੇਸ਼ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ। ਇਸ ਹੈਲਪ ਡੈਸਕ ਰਾਹੀਂ ਵੋਟਰ ਸੂਚੀਆਂ ਨਾਲ ਸਬੰਧਤ ਦਾਅਵਿਆਂ, ਇਤਰਾਜ਼ਾਂ, ਨਾਮ ਦਰਜ ਕਰਵਾਉਣ, ਸੋਧ ਅਤੇ ਹੋਰ ਲੋੜੀਂਦੀ ਜਾਣਕਾਰੀ ਬਾਰੇ ਮਾਰਗਦਰਸ਼ਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੋਧੇ ਹੋਏ ਪ੍ਰੋਗਰਾਮ ਅਨੁਸਾਰ ਵੋਟਰ ਸੂਚੀ ਦੇ ਖਰੜੇ ਦਾ ਪ੍ਰਕਾਸ਼ਨ 03 ਅਗਸਤ 2026 ਨੂੰ ਕੀਤਾ ਜਾਵੇਗਾ। ਇਸ ਤੋਂ ਬਾਅਦ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ 03 ਅਗਸਤ ਤੋਂ 02 ਸਤੰਬਰ 2026 ਤੱਕ ਰਹੇਗੀ, ਜਦਕਿ ਇਨ੍ਹਾਂ ਦੇ ਨਿਪਟਾਰੇ ਦੀ ਪ੍ਰਕਿਰਿਆ 28 ਸਤੰਬਰ 2026 ਤੱਕ ਜਾਰੀ ਰਹੇਗੀ। ਉਨ੍ਹਾਂ ਸਮੂਹ ਵੋਟਰਾਂ, ਬੀ.ਐਲ.ਏਜ਼ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਅਤੇ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣ ਲਈ ਆਪਣਾ ਸਹਿਯੋਗ ਦੇਣ।
-

ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਵੱਲੋਂ ਫਲੈਗ ਮਾਰਚ
ਮਾਲੇਰਕੋਟਲਾ, 6 ਜੂਨ- ਸੀਨੀਅਰ ਕਪਤਾਨ ਪੁਲਿਸ ਗੁਰਮੀਤ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਅਮਨ ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਕਪਤਾਨ ਪੁਲਿਸ (ਪੀ.ਬੀ.ਆਈ) ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਉਪ ਕਪਤਾਨ ਪੁਲਿਸ (ਸਪੈਸਲ ਬ੍ਰਾਂਚ) ਸਤੀਸ ਕੁਮਾਰ, ਉਪ ਕਪਤਾਨ ਪੁਲਿਸ ਅਹਿਮਦਗੜ੍ਹ ਇੰਦਰਪਾਲ ਸਿੰਘ ਅਤੇ ਉਪ ਕਪਤਾਨ ਪੁਲਿਸ ਸਬ ਡਵੀਜਨ ਅਮਰਗੜ੍ਹ ਸੰਜੀਵ ਕਪੂਰ ਵੱਲੋਂ ਸਬ-ਡਵੀਜਨ ਮਾਲੇਰਕੋਟਲਾ…
-

ਨਸ਼ਿਆਂ ਦੇ ਖਾਤਮੇ ਦੇ ਨਾਲ-ਨਾਲ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਖੇਡਾਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣਾ ਸਰਕਾਰ ਦਾ ਟੀਚਾ: ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ
ਅਮਰਗੜ੍ਹ/ਮਾਲੇਰਕੋਟਲਾ 6, ਜੂਨ- ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ “ਪਿੰਡਾਂ ਦਾ ਹਾਲ, ਮੁੱਖ ਮੰਤਰੀ ਦੇ ਨਾਲ” ਪ੍ਰੋਗਰਾਮ ਅਧੀਨ “ਪਿੰਡਾਂ ਦੇ ਪਹਿਰੇਦਾਰਾਂ” ਨਾਲ ਸਮੀਖਿਆ ਮੀਟਿੰਗ ਕਰਕੇ ਨਸ਼ਾ ਰੋਕੂ ਕਾਰਵਾਈਆਂ ਦਾ ਜਾਇਜ਼ਾ ਲਿਆ । ਇਸ ਮੌਕੇ ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਨਿਸਾਰ ਅਹਿਮਦ,ਐਸ.ਡੀ.ਐਮ ਹਰਬੰਸ ਸਿੰਘ,ਚੇਅਰਮੈਨ ਮਾਰਕੀਟ ਕਮੇਟੀ ਅਮਰਗੜ੍ਹ ਹਰਪ੍ਰੀਤ ਸਿੰਘ ਹੈਪੀ ਨੰਗਲ,ਹਲਕਾ ਕੁਆਰਡੀਨੇਟਰ ਨਸ਼ਾ ਮੁਕਤੀ ਗੁਰਪ੍ਰੀਤ ਸਿੰਘ,ਬਿਟੂ ਭਨਭੋਰਾ ਤੋਂ ਇਲਾਵਾ ਹੋਰ ਪੰਤਵਤੇ ਮੌਜੂਦ ਸਨ। ਇਸ ਮੌਕੇ ਵਿਧਾਇਕ ਅਮਰਗੜ੍ਹ ਨੇ “ਪਿੰਡਾਂ ਦੇ ਪਹਿਰੇਦਾਰਾਂ” ਨੂੰ ਫੋਟੋ ਸਨਾਖਤੀ ਕਾਰਡ ਵੀ ਤਕਸੀਮ ਕੀਤੇ ਗਏ । ਇਸ ਮੌਕੇ ਪ੍ਰੋ. ਗੱਜਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਟੀਚਾ ਕੇਵਲ ਨਸ਼ਿਆਂ ਦਾ ਖਾਤਮਾ ਕਰਨਾ ਹੀ ਨਹੀਂ, ਸਗੋਂ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਖੇਡਾਂ ਦੇ ਖੇਤਰ ਵਿੱਚ ਵੀ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਕਾਰ ਵੱਲੋਂ ਖੇਡਾਂ ਅਤੇ ਹੁਨਰ ਵਿਕਾਸ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਉਨ੍ਹਾਂ ਨਸ਼ਾ ਤਸਕਰੀ ਦੀ ਰੋਕਥਾਮ, ਨਸ਼ਾ ਪੀੜਤ ਵਿਅਕਤੀਆਂ ਦੇ ਇਲਾਜ ਅਤੇ ਪੁਨਰਵਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ ਅਤੇ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ। ਪ੍ਰੋ. ਗੱਜਣਮਾਜਰਾ ਨੇ ਦੱਸਿਆ ਕਿ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜਨ ਲਈ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਮੁਕਤ ਅਤੇ ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਤੁਰੰਤ ਸਬੰਧਤ ਅਧਿਕਾਰੀਆਂ ਨਾਲ ਸਾਂਝੀ ਕਰਨ।
-

ਸਿਹਤ ਵਿਭਾਗ ਵੱਲੋਂ ਤੰਬਾਕੂ ਵਿਰੋਧੀ ਜਾਗਰੂਕਤਾ ਮੁਹਿੰਮ ਅਧੀਨ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ
ਅਮਰਗੜ੍ਹ/ਮਾਲੇਰਕੋਟਲਾ, 2 ਜੂਨ – ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਤੰਬਾਕੂ ਸਬੰਧੀ ਕਾਨੂੰਨਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ। ਇਸੇ ਤਹਿਤ ਸਿਹਤ ਬਲਾਕ ਅਮਰਗੜ੍ਹ ਦੀਆਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਜਾਗਰੂਕਤਾ…
-

ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਸਖ਼ਤ ਨਿਰਦੇਸ਼
ਮਾਲੇਰਕੋਟਲਾ, 01 ਜੂਨ – ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਪੰਜਾਬ ਸਰਕਾਰ ਦੇ ਸ਼ਿਕਾਇਤ ਪੋਰਟਲ ਰਾਹੀਂ ਵਪਾਰੀਆਂ ਵੱਲੋਂ ਦਰਜ ਕਰਵਾਈਆਂ ਗਈਆਂ ਸ਼ਿਕਾਇਤਾਂ ਦੇ ਸਮੇਂਬੱਧ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਸਾਰੇ ਸਬੰਧਤ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਵੱਖ-ਵੱਖ ਵਿਭਾਗਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ…
-

ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਵਰਕਰਾਂ ਅਤੇ ਵਲੰਟੀਅਰਾਂ ਦੀ ਦਿਨ-ਰਾਤ ਦੀ ਮਿਹਨਤ ਦਾ ਨਤੀਜਾ-ਡਾ ਜਮੀਲ ਉਰ ਰਹਿਮਾਨ
ਮਾਲੇਰਕੋਟਲਾ – ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਸ਼ਾਨਦਾਰ ਜਿੱਤ ’ਤੇ ਖੁਸ਼ੀ ਪ੍ਰਗਟ ਕਰਦਿਆਂ ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਇਹ ਜਿੱਤ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ,…
-

ਵੋਟਾਂ ਦੀ ਗਿਣਤੀ ਵਾਲੇ ਕੇਂਦਰਾਂ ਵਿੱਚ 29 ਮਈ ਨੂੰ ਛੁੱਟੀ ਘੋਸ਼ਿਤ
ਮਾਲੇਰਕੋਟਲਾ, 28 ਮਈ: ਸਕੱਤਰ, ਰਾਜ ਚੋਣ ਕਮਿਸ਼ਨ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਗਰ ਕੌਂਸਲ/ਨਗਰ ਪੰਚਾਇਤ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਦੀਆਂ ਚੋਣਾਂ ਮਿਤੀ 26 ਮਈ 2026 ਨੂੰ ਸਫਲਤਾਪੂਰਵਕ ਕਰਵਾਈਆਂ ਗਈਆਂ ਹਨ। ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਪ੍ਰੋਗਰਾਮ ਅਨੁਸਾਰ ਉਕਤ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਮਿਤੀ 29 ਮਈ 2026 (ਸ਼ੁੱਕਰਵਾਰ) ਨੂੰ ਕੀਤੀ ਜਾਣੀ ਹੈ। ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਅਧੀਨ ਸਥਾਪਿਤ ਗਿਣਤੀ ਕੇਂਦਰ ਸਰਕਾਰੀ ਕਾਲਜ, ਮਾਲੇਰਕੋਟਲਾ, ਸਰਕਾਰੀ ਕਾਲਜ, ਅਮਰਗੜ੍ਹ ਅਤੇ ਐਮ.ਜੀ.ਐਮ.ਐੱਨ. ਸੀਨੀਅਰ ਸੈਕੰਡਰੀ ਸਕੂਲ, ਅਹਿਮਦਗੜ੍ਹ ਵਿਖੇ ਮਿਤੀ 29 ਮਈ 2026 ਨੂੰ ਛੁੱਟੀ ਘੋਸ਼ਿਤ ਕੀਤੀ ਗਈ ਹੈ ।
-

ਪਾਰਦਰਸ਼ੀ ਅਤੇ ਅਮਨ-ਅਮਾਨ ਨਾਲ ਵੋਟਾਂ ਦੀ ਗਿਣਤੀ ਲਈ ਕਾਊਂਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਸੰਪੰਨ
ਅਮਰਗੜ੍ਹ /ਮਾਲੇਰਕੋਟਲਾ, 27 ਮਈ : ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਨਗਰ ਕੌਂਸਲ ਮਾਲੇਰਕੋਟਲਾ, ਨਗਰ ਕੌਂਸਲ ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਦੀ ਵੋਟਾਂ ਦੀ ਗਿਣਤੀ ਨੂੰ ਪਾਰਦਰਸ਼ੀ, ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਕਾਊਂਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਕਰਵਾਈ ਗਈ। ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਅਮਰਗੜ੍ਹ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਮਈ 2026 ਨੂੰ ਸਵੇਰੇ 08:00 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ ਅਤੇ ਇਸ ਲਈ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਕਾਊਂਟਿੰਗ ਸਟਾਫ਼ ਨੂੰ ਰਿਹਰਸਲ ਦੌਰਾਨ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਗਿਣਤੀ ਪ੍ਰਕਿਰਿਆ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਤਾਂ ਜੋ ਗਿਣਤੀ ਦਾ ਕੰਮ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋ ਸਕੇ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਕਾਊਂਟਿੰਗ ਸੈਂਟਰ ਵਿੱਚ ਕੇਵਲ ਅਧਿਕਾਰਤ ਵਿਅਕਤੀਆਂ ਨੂੰ ਹੀ ਦਾਖ਼ਲਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਸੰਪੰਨ ਕਰਵਾਉਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ।ਰਿਹਰਸਲ ਦੌਰਾਨ ਸਬੰਧਤ ਅਧਿਕਾਰੀ, ਕਾਊਂਟਿੰਗ ਸੁਪਰਵਾਈਜ਼ਰ ਅਤੇ ਹੋਰ ਚੋਣ ਅਮਲਾ ਵੀ ਮੌਜੂਦ ਰਿਹਾ।
-

ਜ਼ਿਲ੍ਹਾ ਮਲੇਰਕੋਟਲਾ ’ਚ ਨਗਰ ਕੌਂਸਲਾਂ/ਨਗਰ ਪੰਚਾਇਤ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ : ਡਿਪਟੀ ਕਮਿਸ਼ਨਰ
ਮਾਲੇਰਕੋਟਲਾ, 26 ਮਈ :- ਜ਼ਿਲ੍ਹਾ ਮਲੇਰਕੋਟਲਾ ਵਿੱਚ ਨਗਰ ਕੌਂਸਲ ਮਾਲੇਰਕੋਟਲਾ, ਨਗਰ ਕੌਂਸਲ ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਲਈ ਹੋਈ ਵੋਟਿੰਗ ਅੱਜ ਪੂਰੀ ਤਰ੍ਹਾਂ ਅਮਨ-ਅਮਾਨ ਅਤੇ ਸ਼ਾਂਤੀਪੂਰਨ ਮਾਹੌਲ ਵਿੱਚ ਸੰਪੰਨ ਹੋ ਗਈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦਿੱਤੀ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋ ਕੇ ਸ਼ਾਮ 5 ਵਜੇ ਤੱਕ…
-

ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਚੋਣਾਂ ਲਈ ਵੋਟਾਂ ਭਲਕੇ; ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ
ਮਾਲੇਰਕੋਟਲਾ, 25 ਮਈ : ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਲਈ ਵੋਟਾਂ 26 ਮਈ 2026 ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ। ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਲੋੜੀਂਦੀਆਂ ਤਿਆਰੀਆਂ…
-

ਹੀਟ ਵੇਵ ਕਾਰਨ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੀਤੀ ਗਈ ਤਬਦੀਲੀ : ਨਰਿੰਦਰ ਸ਼ਰਮਾ
ਮਾਲੇਰਕੋਟਲਾ, 24 ਮਈ : ਪੰਜਾਬ ਸਰਕਾਰ ਅਤੇ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਵੱਲੋਂ ਚੱਲ ਰਹੀਆਂ ਹੀਟ ਵੇਵ ਸਥਿਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਲੋਕਾਂ ਦੀ ਸਹੂਲਤ ਲਈ ਸੂਬੇ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਜ਼ਿਲਾ ਆਈ.ਟੀ ਮੈਨੇਜਰ ਸ੍ਰੀ ਨਰਿੰਦਰ ਸ਼ਰਮਾ ਨੇ ਦੱਸਿਆ ਕਿ ਪਹਿਲਾਂ…
-

ਨਗਰ ਪੰਚਾਇਤ ਅਮਰਗੜ੍ਹ ਚੋਣਾਂ ਲਈ ਚੋਣ ਅਮਲੇ ਦੀ ਦੂਜੀ ਫਾਈਨਲ ਰਿਹਰਸਲ ਸੰਪੰਨ
ਅਮਰਗੜ੍ਹ, 23 ਮਈ : ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਨੂੰ ਸੁਚੱਜੇ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਣ ਲਈ ਤਾਇਨਾਤ ਚੋਣ ਅਮਲੇ ਦੀ ਦੂਜੀ ਅਤੇ ਫਾਈਨਲ ਰਿਹਰਸਲ ਅੱਜ ਸਥਾਨਕ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਅਮਰਗੜ੍ਹ ਹਰੰਬਸ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਰਿਹਰਸਲ ਦੌਰਾਨ ਚੋਣ ਅਮਲੇ ਨੂੰ ਪੋਲਿੰਗ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਚੋਣਾਂ ਦੌਰਾਨ ਨਿਭਾਈ ਜਾਣ ਵਾਲੀ ਡਿਊਟੀ ਬਾਰੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਪੋਲਿੰਗ ਪਾਰਟੀਆਂ ਨੂੰ ਵੋਟਿੰਗ ਪ੍ਰਕਿਰਿਆ, ਮੌਕ ਪੋਲ, ਸੀਲਿੰਗ ਪ੍ਰਕਿਰਿਆ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ। ਰਿਟਰਨਿੰਗ ਅਫ਼ਸਰ ਹਰੰਬਸ ਸਿੰਘ ਨੇ ਕਿਹਾ ਕਿ ਚੋਣਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ 25 ਮਈ ਨੂੰ ਪੋਲਿੰਗ ਪਾਰਟੀਆਂ ਨੂੰ ਸਰਕਾਰੀ ਕਾਲਜ ਅਮਰਗੜ੍ਹ ਤੋਂ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਿਨਾ ਡਰ ਭੈਅ ਤੋਂ ਨਿਭਾਉਣ ਤਾਂ ਜੋ ਚੋਣ ਪ੍ਰਕਿਰਿਆ ਸੁਚਾਰੂ ਢੰਗ ਨਾਲ ਸੰਪੰਨ ਹੋ ਸਕੇ।
-

ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਲਈ ਚੋਣ ਅਮਲੇ ਦੀ ਪਹਿਲੀ ਰਿਹਰਸਲ ਦਾ ਆਯੋਜਨ
ਮਾਲੇਰਕੋਟਲਾ 20 ਮਈ – ਜ਼ਿਲ੍ਹਾ ਮਾਲੇਰਕੋਟਲਾ ਵਿੱਚ ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਲਈ ਚੋਣਾਂ ਦਾ ਅਮਲ ਨੇਪਰੇ ਚੜ੍ਹਾਉਣ ਲਈ ਤਾਇਨਾਤ ਚੋਣ ਅਮਲੇ ਦੀ ਅੱਜ ਪਹਿਲੀ ਰਿਹਰਸਲ ਹੋਈ । ਇਹ ਪਹਿਲੀ ਰਿਹਰਸਲ ਨਗਰ ਕੌਂਸਲ ਮਾਲੇਰਕੋਟਲਾ ਵਿਖੇ ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ ਦੀ ਅਗਵਾਈ ਹੇਠ ਅਲਫਲਾਹ ਸੀਨੀਅਰ ਸੈਕੰਡਰੀ ਸਕੂਲ, ਨਗਰ ਪੰਚਾਇਤ ਅਮਰਗੜ੍ਹ…
-

ਸੇਫ ਸਕੂਲ ਵਾਹਨ ਪਾਲਿਸੀ ਤਹਿਤ 55 ਸਕੂਲੀ ਬੱਸਾਂ ਦੀ ਜਾਂਚ, 4 ਬੱਸਾਂ ਦੇ ਚਲਾਨ
ਮਾਲੇਰਕੋਟਲਾ, 17 ਮਈ – ਜ਼ਿਲ੍ਹੇ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਨਿਯਮਿਤ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਵਿਦਿਆਰਥੀਆਂ ਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਇਆ ਜਾ ਸਕੇ। ਇਸੇ ਕੜੀ ਤਹਿਤ ਬਾਲ ਸੁਰੱਖਿਆ…