ਧੂਰੀ, 08 ਜੁਲਾਈ:
ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਘਨੌਰ ਖੁਰਦ ਵਿਖੇ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਨਵੀਨਤਮ ਢੰਗ ਨਾਲ ਬਣੀ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਉਦਘਾਟਨ ਕੀਤਾ।
ਇਸ ਮੌਕੇ ਸ. ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਭਰ ਵਿੱਚ ਵਿਕਾਸ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਰਫਤਾਰ ਹੋਰ ਤੇਜ਼ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਵਿਕਸਤ ਕਰਨਾ ਅਤੇ ਨਵੀਂ ਪੀੜ੍ਹੀ ਨੂੰ ਮਜ਼ਬੂਤ ਨੀਂਹ ਦੇਣਾ ਸਰਕਾਰ ਦੀ ਪ੍ਰਾਥਮਿਕਤਾ ਹੈ।
ਉਹਨਾਂ ਨੇ ਪਿੰਡ ਵਾਸੀਆਂ ਨੂੰ ਨਵੀਂ ਇਮਾਰਤ ਲਈ ਵਧਾਈ ਦਿੰਦਿਆਂ ਕਿਹਾ ਕਿ ਇਸ ਆਂਗਣਵਾੜੀ ਸੈਂਟਰ ਵਿੱਚ ਬੱਚਿਆਂ ਲਈ ਸਾਰੀਆਂ ਆਧੁਨਿਕ ਸਹੂਲਤਾਂ ਉਪਲੱਬਧ ਹੋਣਗੀਆਂ, ਜਿਵੇਂ ਕਿ ਚੰਗਾ ਭੌਤਿਕ ਢਾਂਚਾ, ਸਾਫ–ਸੁਥਰਾ ਵਾਤਾਵਰਨ, ਅਤੇ ਸਿੱਖਣ ਯੋਗ ਮਾਹੌਲ। ਉਨ੍ਹਾਂ ਨੇ ਕਿਹਾ ਕਿ ਗਰੀਬੀ ਨੂੰ ਜੇਕਰ ਕੋਈ ਚੀਜ਼ ਹਰਾ ਸਕਦੀ ਹੈ ਤਾਂ ਉਹ ਹੈ ਸਿੱਖਿਆ। ਇਸੇ ਲਈ ਸਿੱਖਿਆ ਖੇਤਰ ਨੂੰ ਸਰਕਾਰ ਵੱਲੋਂ ਤਰਜੀਹ ਦਿੱਤੀ ਜਾ ਰਹੀ ਹੈ ਤੇ ਇਸ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ।
ਸ਼੍ਰੀ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿਹੜੇ ਵਾਅਦੇ ਲੋਕਾਂ ਨਾਲ ਕੀਤੇ ਸਨ, ਉਹ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ। ਸੜਕਾਂ, ਗਲੀਆਂ, ਸਟਰੀਟ ਲਾਈਟਾਂ, ਪਾਰਕਾਂ, ਸ਼ਮਸ਼ਾਨਘਾਟਾਂ ਤੇ ਕਬਰਸਤਾਨਾਂ, ਪਾਣੀ ਦੀ ਨਿਕਾਸੀ ਅਤੇ ਸਕੂਲਾਂ ਸਬੰਧੀ ਵੱਡੇ ਪੱਧਰ ਉਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਉਹਨਾਂ ਨੇ ਕਿਹਾ ਕਿ ਹਲਕੇ ਦੀਆਂ ਸੜਕਾਂ ਦੀ ਕਾਇਆ ਕਲਪ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ ਤੇ ਹਲਕੇ ਦੀ ਕੋਈ ਸੜਕ ਅਜਿਹੀ ਨਹੀਂ ਰਹਿਣ ਦਿੱਤੀ ਜਾਵੇਗੀ, ਜਿਸ ਦੀ ਕਾਇਆ ਕਲਪ ਨਾ ਹੋਈ ਹੋਵੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾ ਰਿਹਾ ਹੈ। 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਇਤਿਹਾਸਕ ਫੈਸਲੇ ਨਾਲ ਲੋਕਾਂ ਨੂੰ ਬਹੁਤ ਲਾਭ ਹੋਇਆ ਹੈ। ਵੱਡੀ ਗਿਣਤੀ ਸਰਕਾਰੀ ਸੇਵਾਵਾਂ ਦਾ ਲਾਭ ਹੁਣ ਲੋਕਾਂ ਨੂੰ ਘਰਾਂ ਵਿੱਚ ਬੈਠੇ ਹੀ ਮਿਲ ਰਿਹਾ ਹੈ।
ਇਸ ਮੌਕੇ ਜੇ.ਈ. ਪਿਯੂਸ਼ ਗੋਇਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ, ਅਹੁਦੇਦਾਰ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।