ਮਾਨਸਾ, 19 ਮਈ :
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਨੇ ਬੁਢਲਾਡਾ ਹਲਕੇ ਨਾਲ ਸਬੰਧਤ ਪਿੰਡਾਂ ਗੁਰਨੇ ਕਲਾਂ, ਗੁਰਨੇ ਖੁਰਦ ਅਤੇ ਹਸਨਪੁਰ ਵਿਖੇ ਨਸ਼ਿਆਂ ਦੇ ਖਾਤਮੇ ਲਈ ਬਣਾਈਆਂ ਰੱਖਿਆ ਕਮੇਟੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਸ਼ਿਆਂ ਦਾ ਕੋਹੜ ਜੜ੍ਹੋਂ ਖ਼ਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਸਾਂਝਾ ਹੰਭਲਾ ਮਾਰਨ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਉਪਰਾਲਿਆਂ ਸਦਕਾ ਨਸ਼ਿਆਂ ਦਾ ਲੱਕ ਤੋੜ ਕੇ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੂੰ ਨਸ਼ੇ ਦੀ ਆਦਤ ਲੱਗ ਗਈ ਹੈ ਉਨ੍ਹਾਂ ਨੂੰ ਇਲਾਜ਼ ਦੀ ਜ਼ਰੁਰਤ ਹੈ ਅਤੇ ਉਨ੍ਹਾਂ ਦਾ ਸਿਹਤ ਸੰਸਥਾਵਾਂ ਵਿੱਚ ਇਲਾਜ਼ ਕਰਵਾਇਆ ਜਾਵੇਗਾ ਅਤੇ ਇਨ੍ਹਾਂ ਨੌਜਵਾਨਾਂ ਨੂੰ ਨਸ਼ੇ ਦੀ ਆਦਤ ਲਗਾਉਣ ਵਾਲੇ ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖ਼ਸ਼ੇ ਨਹੀਂ ਜਾਣਗੇ। ਉਨ੍ਹਾਂ ਪਿੰਡ ਦੀਆਂ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਕੋਈ ਵੀ ਬਾਹਰੀ ਜਾਂ ਅੰਦਰੂਨੀ ਵਿਅਕਤੀ ਪਿੰਡਾਂ ਵਿੱਚ ਨਸ਼ਾ ਸਪਲਾਈ ਨਾ ਕਰ ਸਕੇ।
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਹੜੇ ਨੌਜਵਾਨ ਨਸ਼ਾ ਕਰ ਰਹੇ ਹਨ, ਉਹ ਨਸ਼ਾ ਛੱਡ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜਨ। ਉਨ੍ਹਾਂ ਕਿਹਾ ਕਿ ਸਰਕਾਰ ਇਸ ਕੰਮ ਵਿੱਚ ਉਨ੍ਹਾਂ ਦਾ ਪੂਰਨ ਸਹਿਯੋਗ ਕਰੇਗੀ। ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਦਾ ਨਿਸ਼ਚਾ ਕਰ ਕੇ ਆਉਣ ਵਾਲੇ ਨੌਜਵਾਨਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕਾਂ ਰਾਹੀਂ ਇਲਾਜ ਕਰਵਾਇਆ ਜਾ ਰਿਹਾ ਹੈ।
ਵਿਧਾਇਕ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਕਰੜਾ ਰੁਖ ਅਪਣਾਇਆ ਹੈ ਅਤੇ ਤਸਕਰਾਂ ਵੱਲੋਂ ਲੋਕਾਂ ਦੇ ਬੱਚਿਆਂ ਨੂੰ ਨਸ਼ੇ ਦੀ ਦਲਦਲ ਵਿੱਚ ਸੁੱਟ ਕੇ ਜੋ ਨਾਜਾਇਜ਼ ਉਸਾਰੀਆਂ ਕੀਤੀਆਂ ਹਨ, ਉਹਨਾਂ ਨੂੰ ਢਾਹਿਆ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਦੂਰ ਰਹਿਣ ਦੀ ਅਪੀਲ ਕੀਤੀ।
ਇਸ ਮੌਕੇ ਪਿੰਡਾਂ ਦੇ ਸਰਪੰਚ, ਰੱਖਿਆ ਕਮੇਟੀ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਮੋਹਤਵਰ ਵਿਅਕਤੀ ਮੌਜੂਦ ਸਨ।