ਗੁਰਦਾਸਪੁਰ, 30 ਜੂਨ (          ) – ਪੰਜਾਬ ਸਰਕਾਰ ਨੇ 4,727 ਗ਼ਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲ ਬਕਾਇਆ 68 ਕਰੋੜ ਰੁਪਏ ਕਰਜ਼ਾ ਮੁਆਫ਼ ਕਰਕੇ ਇਤਿਹਾਸਕ ਫ਼ੈਸਲਾ ਲਿਆ ਹੈ, ਜਿਸ ਨਾਲ ਉਨ੍ਹਾਂ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਮਿਲੀ ਹੈ ਜੋ 2 ਦਹਾਕਿਆਂ ਤੋਂ ਇਸ ਵਿੱਤੀ ਬੋਝ ਨਾਲ ਜੂਝ ਰਹੇ ਸਨ।

ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਗੁਰਦਾਸਪੁਰ ਸਥਿਤ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਦਫ਼ਤਰ ਵਿਖੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲੋਂ ਮੁਆਫ਼ ਕੀਤੇ ਗਏ ਕਰਜ਼ੇ ਦੇ ਲਾਭਪਾਤਰੀਆਂ ਨੂੰ ਕਰਜ਼ਾ ਮੁਕਤੀ ਸਰਟੀਫਿਕੇਟ ਵੰਡਣ ਮੌਕੇ ਕੀਤਾ। ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਪਰਿਵਾਰਾਂ ਦੇ ਮੁਆਫ਼ ਕੀਤੇ ਗਏ ਕਰਜ਼ਿਆਂ ਦਾ ਜ਼ਿਲ੍ਹਾ ਗੁਰਦਾਸਪੁਰ ਦੇ 321 ਪਰਿਵਾਰਾਂ ਨੂੰ ਲਾਭ ਮਿਲਿਆ ਹੈ ਅਤੇ ਜ਼ਿਲ੍ਹੇ ਦੇ ਇਨ੍ਹਾਂ ਪਰਿਵਾਰਾਂ ਦਾ 4.45 ਕਰੋੜ ਰੁਪਏ ਕਰਜ਼ਾ ਮੁਆਫ਼ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕਰਜ਼ਾ ਮੁਕਤੀ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ 41 ਪਰਿਵਾਰਾਂ ਦਾ 52 ਲੱਖ ਰੁਪਏ ਕਰਜ਼ਾ ਮੁਆਫ਼ ਹੋਇਆ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਅਨੁਸੂਚਿਤ ਜਾਤੀ ਨਾਲ ਸਬੰਧਿਤ ਗ਼ਰੀਬ ਪਰਿਵਾਰਾਂ ਦੇ ਇਹ ਕਰਜ਼ੇ ਪਿਛਲੇ ਦੋ ਦਹਾਕਿਆਂ ਤੋਂ ਬਕਾਇਆ ਹਨ, ਜਿਸ ਦੌਰਾਨ ਪ੍ਰਭਾਵਿਤ ਵਿਅਕਤੀਆਂ ਨੇ ਵਾਰ-ਵਾਰ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਤੱਕ ਪਹੁੰਚ ਕੀਤੀ, ਪਰ ਉਨ੍ਹਾਂ ਸਰਕਾਰਾਂ ਦੇ ਕੰਨੀ ਜੂੰ ਤੱਕ ਨਹੀਂ ਸਰਕੀ।

ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲੋਂ ਜਾਰੀ ਕੀਤੇ ਗਏ ਕਰਜ਼ਿਆਂ ਦੀ 84 ਫ਼ੀਸਦੀ ਉਚੇਰੀ ਮੁੜ ਅਦਾਇਗੀ ਸਫਲਤਾ ਦਰ ਦਾ ਜ਼ਿਕਰ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਇਹ ਉਚੇਰੀ ਮੁੜ ਅਦਾਇਗੀ ਦਰ ਇਨ੍ਹਾਂ ਵਿਅਕਤੀਆਂ ਵੱਲੋਂ ਕਰਜ਼ੇ ਦੀ ਵਰਤੋਂ ਉਪਲਬਧ ਸਰੋਤਾਂ ਨੂੰ ਜੁਟਾ ਕੇ ਰੋਜ਼ੀ-ਰੋਟੀ ਕਮਾਉਣ ਅਤੇ ਪ੍ਰਾਪਤ ਕੀਤੇ ਗਏ ਕਰਜ਼ਿਆਂ ਦੀ ਅਦਾਇਗੀ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਕੁਝ ਕਰਜ਼ੇ ਮੂਲ ਕਰਜ਼ਦਾਰਾਂ ਦੇ ਦੇਹਾਂਤ ਜਾਂ ਨਾ ਟਾਲਣਯੋਗ ਹਾਲਤਾਂ ਕਾਰਨ ਅਦਾਇਗੀ ਨਾ ਕੀਤੇ ਜਾ ਸਕਣ ਕਾਰਨ ਬਕਾਇਆ ਸਨ, ਇਸ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਨ੍ਹਾਂ ਕਰਜ਼ਿਆਂ ਨੂੰ ਮੁਆਫ਼ ਕਰਨ ਦਾ ਫ਼ੈਸਲਾ ਕੀਤਾ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਇਹ ਕਰਜ਼ਾ ਮੁਆਫ਼ੀ ਹਜ਼ਾਰਾਂ ਪਰਿਵਾਰਾਂ ਨੂੰ ਮਹੱਤਵਪੂਰਨ ਰਾਹਤ ਪ੍ਰਦਾਨ ਕਰੇਗੀ, ਜਿਸ ਨਾਲ ਉਨ੍ਹਾਂ ਨੂੰ ਕਾਰਪੋਰੇਸ਼ਨ ਤੋਂ ਹੋ ਰਹੀ ਪਰੇਸ਼ਾਨੀ ਤੋਂ ਵੀ ਮੁਕਤੀ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਮਾਜਿਕ ਨਿਆਂ ਅਤੇ ਸਮਾਜ ਦੇ ਸਭ ਤੋਂ ਕਮਜ਼ੋਰ ਵਰਗਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦਾ ਪ੍ਰਮਾਣ ਹੈ।

ਕਰਜ਼ਾ ਮੁਕਤੀ ਸਰਟੀਫਿਕੇਟ ਲੈਣ ਮੌਕੇ ਅਨਸੂਚਿਤ ਜਾਤੀ ਦੇ ਪਰਿਵਾਰਾਂ ਨੇ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ ਜਿਸ ਲਈ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧੰਨਵਾਦੀ ਹਨ। ਇਸ ਮੌਕੇ ਜ਼ਿਲ੍ਹਾ ਸਮਾਜਿਕ ‌ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖਵਿੰਦਰ ਸਿੰਘ ਘੁੰਮਣ, ਤਹਿਸੀਲ ਭਲਾਈ ਅਫ਼ਸਰ ਸ੍ਰੀ ਮੁਕਲ ਤੇ ਹੋਰ ਦਫ਼ਤਰੀ ਸਟਾਫ਼ ਵੀ ਹਾਜ਼ਰ ਸੀ।

Leave a Reply

Your email address will not be published. Required fields are marked *