ਮੁੱਖ ਮੰਤਰੀ ਸਿਹਤ ਯੋਜਨਾ, ਸਿਹਤ ਖੇਤਰ ਵਿਚਲੀ ਕ੍ਰਾਂਤੀ ਦੀ ਪ੍ਰਤੀਕ: ਬਰਿੰਦਰ ਕੁਮਾਰ ਗੋਇਲ

ਲਹਿਰਾਗਾਗਾ, 08 ਫਰਵਰੀ

ਮੁੱਖ ਮੰਤਰੀ ਸਿਹਤ ਯੋਜਨਾ, ਸਿਹਤ ਖੇਤਰ ਵਿਚਲੀ ਕ੍ਰਾਂਤੀ ਦੀ ਪ੍ਰਤੀਕ ਹੈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਭੁੱਲਣ ਤੇ ਬਨਾਰਸੀ ਵਿਖੇ ਸਿਹਤ ਕਾਰਡ ਬਣਾਉਣ ਲਈ ਲਾਏ ਕੈਂਪਾਂ ਦਾ ਜਾਇਜ਼ਾ ਲੈਣ ਮੌਕੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕੀਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਸ਼ੁਰੂ ਕੀਤੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਹਰੇਕ ਪਰਿਵਾਰ ਨੂੰ ਯਕੀਨੀ ਬਣਾਉਣ ਲਈ ਸੂਬੇ ਦੇ ਤਿੰਨ ਕਰੋੜ ਲਾਭਪਾਤਰੀਆਂ ਨੂੰ ਸਿਹਤ ਯੋਜਨਾ ਕਾਰਡ ਜਾਰੀ ਕੀਤੇ ਜਾ ਰਹੇ ਹਨ। ਇਸ ਟੀਚੇ ਨੂੰ ਪੂਰਾ ਕਰਨ ਲਈ ਪਿੰਡ-ਪਿੰਡ ਕੈਂਪ ਲਾਏ ਜਾ ਰਹੇ ਹਨ।

ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਹਰੇਕ ਸੂਬਾ ਵਾਸੀ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ ਅਤੇ ਮੁਫ਼ਤ ਬਿਜਲੀ ਦੀ ਗਰੰਟੀ ਪੂਰੀ ਕਰ ਦਿੱਤੀ ਹੈ। ਚੋਣਾਂ ਤੋਂ ਪਹਿਲਾਂ ਦਿੱਤੀਆਂ ਗਰੰਟੀਆਂ ਵਿੱਚੋਂ ਇੱਕ ਸਿਹਤ ਗਾਰੰਟੀ ਸੀ ਕਿ ਪੰਜਾਬ ਦੇ ਹਰ ਵਿਅਕਤੀ ਅਤੇ ਹਰ ਨਾਗਰਿਕ ਲਈ ਮੁਫ਼ਤ ਅਤੇ ਮਿਆਰੀ ਸਿਹਤ ਸੰਭਾਲ ਪ੍ਰਦਾਨ ਕੀਤੀ ਜਾਵੇਗੀ।

ਉਹਨਾਂ ਕਿਹਾ ਕਿ ਪਹਿਲਾਂ, ਪੰਜਾਬ ਦੇ ਸਰਕਾਰੀ ਹਸਪਤਾਲਾਂ ਨੂੰ ਡਾਕਟਰਾਂ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪਿਆ ਸੀ। ਪਿਛਲੇ ਚਾਰ ਸਾਲਾਂ ਵਿੱਚ, 1100 ਮਾਹਰ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ, ਅਤੇ ਹੁਣ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਕੋਈ ਕਮੀ ਨਹੀਂ ਹੈ।

ਕਈ ਵਾਰ ਕਿਸੇ ਨੂੰ ਪ੍ਰਾਈਵੇਟ ਹਸਪਤਾਲ ਜਾਣਾ ਪੈਂਦਾ ਹੈ ਤੇ ਬਹੁਤ ਸਾਰੇ ਲੋਕ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਦੀ ਚੋਣ ਕਰਦੇ ਹਨ। ਇਸ ਲਈ ਅਜਿਹੀ ਯੋਜਨਾ ਲਾਗੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਸਭ ਤੋਂ ਵਧੀਆ ਪ੍ਰਾਈਵੇਟ ਹਸਪਤਾਲ, ਜਿੱਥੇ ਸਭ ਤੋਂ ਅਮੀਰ ਲੋਕ ਵੀ ਇਲਾਜ ਲਈ ਜਾਂਦੇ ਹਨ, ਹੁਣ ਸਭ ਤੋਂ ਗਰੀਬ ਵੀ ਇਲਾਜ ਲਈ ਜਾ ਸਕਣਗੇ। ਉਨ੍ਹਾਂ ਨੂੰ ਪੈਸੇ ਦੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਹੋਣਗੇ। ਜਿਵੇਂ ਹੀ ਮਰੀਜ਼ ਹਸਪਤਾਲ ਵਿੱਚ ਦਾਖਲ ਹੁੰਦਾ ਹੈ, ਸਭ ਕੁਝ ਮੁਫ਼ਤ ਹੋਵੇਗਾ। ਹਸਪਤਾਲ ਦੇ ਖਰਚਿਆਂ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਵੀ ਇਸ ਸਕੀਮ ਅਧੀਨ ਸ਼ਾਮਲ ਕੀਤਾ ਗਿਆ ਹੈ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਆਪ ਦੇ ਅਹੁਦੇਦਾਰ ਅਤੇ ਵੱਡੀ ਗਿਣਤੀ ਸਥਾਨਕ ਲੋਕ ਹਾਜ਼ਰ ਸਨ।


Posted

in

,

by

Comments

Leave a Reply

Your email address will not be published. Required fields are marked *