ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੀ.ਐਮ.ਸੀ ਲੁਧਿਆਣਾ ਨੇ 100 ਤੋਂ ਵੱਧ ਬਾਲ ਸਰਜਰੀਆਂ ਕਰਕੇ ਵੱਡਾ ਮੀਲ ਪੱਥਰ ਸਥਾਪਿਤ ਕੀਤਾ

ਲੁਧਿਆਣਾ, 4 ਅਕਤੂਬਰ: ਸਰਵ ਵਿਆਪਕ ਅਤੇ ਬਰਾਬਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਐਤਵਾਰ ਨੂੰ ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀ.ਐਮ.ਸੀ.), ਲੁਧਿਆਣਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 100 ਤੋਂ ਵੱਧ ਬਾਲ ਸਰਜਰੀਆਂ ਸਫਲਤਾਪੂਰਵਕ ਕਰਨ ਲਈ ਬਾਲ ਸਰਜਰੀ ਵਿਭਾਗ ਦੀ ਟੀਮ ਨੂੰ ਵਧਾਈ ਦਿੱਤੀ।

ਇਸ ਸਬੰਧੀ ਸੀ.ਐਮ.ਸੀ. ਲੁਧਿਆਣਾ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਸਰਕਾਰ ਅਤੇ ਮੈਡੀਕਲ ਸੰਸਥਾ ਦੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਹੈ। ਯੋਜਨਾ ਤਹਿਤ ਨਵਜੰਮੇ ਬੱਚਿਆਂ ਅਤੇ ਹੋਰ ਬੱਚਿਆਂ ਦੀਆਂ ਕਈ ਤਰ੍ਹਾਂ ਦੀਆਂ ਗੁੰਝਲਦਾਰ ਸਰਜਰੀਆਂ ਕੀਤੀਆਂ ਗਈਆਂ ਹਨ, ਜਿਸ ਨਾਲ ਵੱਖ-ਵੱਖ ਸਮਾਜਿਕ ਅਤੇ ਆਰਥਿਕ ਪਿਛੋਕੜ ਵਾਲੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਦਾ ਉਦੇਸ਼ ਲੋਕਾਂ ਨੂੰ ਉੱਚ ਪੱਧਰੀ ਡਾਕਟਰੀ ਇਲਾਜ ਮੁਫ਼ਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਹਰ ਨਾਗਰਿਕ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾਈਆਂ ਜਾ ਸਕਣ।

ਸਿਹਤ ਮੰਤਰੀ ਨੇ ਬਾਲ ਸਰਜਨਾਂ, ਅਨੱਸਥੀਸੀਓਲੋਜਿਸਟਾਂ, ਨਰਸਿੰਗ ਸਟਾਫ਼ ਅਤੇ ਸੀ.ਐਮ.ਸੀ. ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਮਰਪਣ, ਮਿਹਨਤ ਅਤੇ ਹਮਦਰਦੀ ਭਰੇ ਰਵੱਈਏ ਸਦਕਾ ਗੰਭੀਰ ਸਰਜਰੀਆਂ ਦੀ ਲੋੜ ਵਾਲੇ ਬੱਚਿਆਂ ਨੂੰ ਬਿਨਾਂ ਕਿਸੇ ਵਿੱਤੀ ਬੋਝ ਦੇ ਬਿਹਤਰ ਇਲਾਜ ਮਿਲ ਰਿਹਾ ਹੈ।

ਇਸ ਮੌਕੇ ਸੀ.ਐਮ.ਸੀ. ਲੁਧਿਆਣਾ ਦੇ ਬਾਲ ਸਰਜਰੀ ਵਿਭਾਗ ਅਤੇ ਪ੍ਰਬੰਧਕਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਪੰਜਾਬ ਸਰਕਾਰ ਦਾ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵੀ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਸੂਬੇ ਦੇ ਹਰ ਯੋਗ ਅਤੇ ਲੋੜਵੰਦ ਬੱਚੇ ਨੂੰ ਵਿਸ਼ੇਸ਼ ਬਾਲ ਸਰਜਰੀ ਸੇਵਾਵਾਂ ਪ੍ਰਦਾਨ ਕਰਨ ਲਈ ਯਤਨ ਜਾਰੀ ਰਹਿਣਗੇ।


Posted

in

,

by

Comments

Leave a Reply

Your email address will not be published. Required fields are marked *