ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਹੁਸ਼ਿਆਰਪੁਰ, 26 ਸਤੰਬਰ :
        ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀਆਂ ਨੂੰ ਸਾਰੇ ਯੋਗ ਵਿਅਕਤੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਅਤੇ ਕੰਮਾਂ ਵਿਚ ਤੇਜ਼ੀ ਲਿਆਉਣ ‘ਤੇ ਜ਼ੋਰ ਦਿੱਤਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਵਿਭਾਗ ਮੁਖੀਆਂ ਤੋਂ ਉਨ੍ਹਾਂ ਦੇ ਕੰਮ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ।
ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ‘ਐਨਕਾਰਡ’ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਨਸ਼ੇ ਦੇ ਖ਼ਾਤਮੇ ਲਈ ਸਾਰੇ ਵਿਭਾਗ ਇਕਜੁੱਟਤਾ ਨਾਲ ਕੰਮ ਕਰਨ ਤਾਂ ਜੋ ਸਮਾਜ ਵਿਚ ਫ਼ੈਲੇ ਇਸ ਜ਼ਹਿਰ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਸਕੂਲ ਸਿੱਖਿਆ ਵਿਭਾਗ, ਸਿਹਤ, ਡਰੱਗ ਕੰਟਰੋਲਰ, ਆਬਕਾਰੀ ਅਤੇ ਕਰ, ਪੁਲਿਸ ਵਿਭਾਗ ਸਮੇਤ ਸਾਰੇ ਵਿਭਾਗਾਂ ਨੂੰ ਆਪਣੇ ਪੱਧਰ ‘ਤੇ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਹਰੇਕ ਜ਼ਰੂਰੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
     ਡਿਪਟੀ ਕਮਿਸ਼ਨਰ ਨੇ ਰੋਡ ਸੇਫਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲੈਕ ਸਪਾਟਾਂ ਦੀ ਪਛਾਣ ਕਰਨ ਅਤੇ ਸੁਰੱਖਿਆ ਉਪਾਅ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕੋਈ ਵੀ ਰਾਹਗੀਰ ਹਾਦਸੇ ਦਾ ਸ਼ਿਕਾਰ ਨਾ ਹੋਵੇ। ਇਸ ਦੌਰਾਨ ਟਰਾਂਸਪੋਰਟ ਵਿਭਾਗ ਨੇ ਦੱਸਿਆ ਕਿ ਇਸ ਵੇਲੇ ਜ਼ਿਲ੍ਹੇ ਵਿਚ 23 ਬਲੈਕ ਸਪਾਟਾਂ ਦੀ ਪਛਾਣ ਕੀਤੀ ਗਈ ਹੈ। ਸੁਰੱਖਿਅਤ ਸਕੂਲ ਵਾਹਨ ਨੀਤੀ ਬਾਰੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕਿਹਾ ਕਿ ਅਗਸਤ ਮਹੀਨੇ ਵਿਚ 126 ਸਕੂਲ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ 5 ਚਲਾਨ ਜਾਰੀ ਕੀਤੇ ਗਏ। ਇਸੇ ਤਰ੍ਹਾਂ ਪੁਲਿਸ ਵਿਭਾਗ ਵੱਲੋਂ ਅਗਸਤ ਮਹੀਨੇ ਵਿਚ ਇਨਫੋਰਸਮੈਂਟ ਮੁਹਿੰਮ ਤਹਿਤ 4207 ਚਲਾਨ ਜਾਰੀ ਕੀਤੇ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਸੈਨਿਕ ਭਲਾਈ ਵਿਭਾਗ, ਜੀ.ਐਸ.ਟੀ, ਆਬਕਾਰੀ, ਖੁਰਾਕ ਅਤੇ ਸਪਲਾਈ ਕੰਟਰੋਲਰ, ਜ਼ਿਲ੍ਹਾ ਵਾਤਾਵਰਨ ਕਮੇਟੀ, ਯੂ.ਈ.ਆਈ.ਪੀ, ਸਵੱਛ ਭਾਰਤ ਮੁਹਿੰਮ ਸ਼ਹਿਰੀ, ਠੋਸ ਅਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ, ਹਾਊਸਿੰਗ ਸਕੀਮ, ਮਨਰੇਗਾ ਦੇ ਕੰਮ, ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਕੰਮ, ਬੇਟੀ ਬਚਾਓ, ਬੇਟੀ ਪੜ੍ਹਾਓ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਸਮਾਰਟ ਰਾਸ਼ਨ ਕਾਰਡ, ਸਮਾਰਟ ਪਿੰਡ ਮੁਹਿੰਮ, ਜਲ ਜੀਵਨ ਮਿਸ਼ਨ, ਖੇਤੀਬਾੜੀ, ਪਸ਼ੂ ਪਾਲਣ ਵਿਭਾਗ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਦੇ ਕੰਮਾਂ ਦੀ ਵੀ ਸਮੀਖਿਆ ਕੀਤੀ ਗਈ।
ਆਸ਼ਿਕਾ ਜੈਨ ਨੇ ਸਾਰੇ ਅਧਿਕਾਰੀਆਂ ਨੂੰ ਸਾਰੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਅਤੇ ਗੁਣਵੱਤਾ ਨਾਲ ਪੂਰਾ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣਾ ਹੈ। ਸਾਰੇ ਵਿਭਾਗਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰ ਯੋਜਨਾ ਦਾ ਲਾਭ ਆਮ ਲੋਕਾਂ ਤੱਕ ਪਹੁੰਚੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਐਸ.ਪੀ ਮੇਜਰ ਸਿੰਘ ਅਤੇ ਹੋਰ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।


Posted

in

, ,

by

Tags:

Comments

Leave a Reply

Your email address will not be published. Required fields are marked *